ਸੁਲਤਾਨਪੁਰ ਲੋਧੀ ਦੀ ਟ੍ਰੈਫਿਕ ਵਿਵਸਥਾ ਦਾ ਰੱਬ ਹੀ ਰਾਖਾ!
ਸਕੂਲਾਂ ਦੀ ਛੁੱਟੀ ਵੇਲੇ ਸੜਕਾਂ ’ਤੇ ਜਾਮ, ਓਵਰਲੋਡ ਪਰਾਲੀ ਦੀਆਂ ਟਰਾਲੀਆਂ ਹਾਦਸਿਆਂ ਨੂੰ ਦੇ ਰਹੀਆਂ ਸੱਦਾ
ਕੁਲਦੀਪ ਸਿੰਘ ਬੂਲੇ ਤੇ ਸਰਜੀਤ ਸਿੰਘ ਢਿੱਲੋਂ ਨੇ ਪ੍ਰਸ਼ਾਸਨ ਤੋਂ ਟ੍ਰੈਫਿਕ ਵਿਵਸਥਾ ਸੁਧਾਰਨ ਦੀ ਕੀਤੀ ਮੰਗ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: 19 ਅਕਤੂਬਰ 2026 ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਟ੍ਰੈਫਿਕ ਵਿਵਸਥਾ ਦਿਨੋਂ-ਦਿਨ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। ਇੱਕ ਪਾਸੇ ਸਕੂਲਾਂ ਵਿੱਚ ਛੁੱਟੀ ਹੋਣ ਸਮੇਂ ਬੱਚਿਆਂ ਨੂੰ ਲਿਜਾਣ ਵਾਲੀਆਂ ਬੱਸਾਂ ਅਤੇ ਹੋਰ ਵਾਹਨਾਂ ਦੀ ਭੀੜ ਸੜਕਾਂ ’ਤੇ ਵਧ ਜਾਂਦੀ ਹੈ, ਉੱਥੇ ਹੀ ਦੂਜੇ ਪਾਸੇ ਓਵਰਲੋਡ ਪਰਾਲੀ ਨਾਲ ਲੱਦੀਆਂ ਟਰਾਲੀਆਂ ਦੀ ਆਵਾਜਾਈ ਕਾਰਨ ਸ਼ਹਿਰ ਵਿੱਚ ਲੰਮੇ ਜਾਮ ਲੱਗਣ ਦੀ ਸਮੱਸਿਆ ਪੈਦਾ ਹੋ ਰਹੀ ਹੈ। ਅਜਿਹੇ ਹਾਲਾਤ ਆਮ ਲੋਕਾਂ ਅਤੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਨ ਦੇ ਨਾਲ-ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧਾ ਰਹੇ ਹਨ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਬੂਲੇ ਅਤੇ ਸਾਬਕਾ ਚੇਅਰਮੈਨ ਸਰਜੀਤ ਸਿੰਘ ਢਿੱਲੋਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਤੁਰੰਤ ਸੁਧਾਰਿਆ ਜਾਵੇ ਅਤੇ ਸਕੂਲਾਂ ਵਿੱਚ ਛੁੱਟੀ ਦੇ ਸਮੇਂ ਪ੍ਰਮੁੱਖ ਸੜਕਾਂ ਤੇ ਚੌਕਾਂ ਵਿੱਚ ਟ੍ਰੈਫਿਕ ਪੁਲਿਸ ਦੀ ਤਾਇਨਾਤੀ ਯਕੀਨੀ ਬਣਾਈ ਜਾਵੇ।
ਆਗੂਆਂ ਨੇ ਕਿਹਾ ਕਿ ਸਕੂਲਾਂ ਦੀ ਛੁੱਟੀ ਵੇਲੇ ਸੜਕਾਂ ’ਤੇ ਵਾਹਨਾਂ ਦੀ ਗਿਣਤੀ ਵਧ ਜਾਂਦੀ ਹੈ, ਪਰ ਇਸ ਸਮੇਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਮੁਲਾਜ਼ਮਾਂ ਦੀ ਘਾਟ ਮਹਿਸੂਸ ਹੁੰਦੀ ਹੈ। ਇਸ ਕਾਰਨ ਵੱਡੇ-ਵੱਡੇ ਜਾਮ ਲੱਗ ਜਾਂਦੇ ਹਨ ਅਤੇ ਲੋਕਾਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਨਾਲ ਓਵਰਲੋਡ ਭਰੀਆਂ ਟਰਾਲੀਆਂ ਦਾ ਸ਼ਹਿਰ ਦੇ ਅੰਦਰੋਂ ਲੰਘਣਾ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਟਰਾਲੀਆਂ ਲਈ ਸ਼ਹਿਰ ਤੋਂ ਬਾਹਰ ਬਦਲਵੇਂ ਰਸਤੇ ਨਿਰਧਾਰਤ ਕੀਤੇ ਜਾਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਆਗੂਆਂ ਨੇ ਕਿਹਾ ਕਿ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੇ ਸੁਲਤਾਨਪੁਰ ਲੋਧੀ ਪਹੁੰਚਣ ਦੀ ਸੰਭਾਵਨਾ ਹੈ। ਇਸ ਲਈ ਪ੍ਰਸ਼ਾਸਨ ਨੂੰ ਹੁਣ ਤੋਂ ਹੀ ਟ੍ਰੈਫਿਕ ਪ੍ਰਬੰਧਾਂ ਦੀ ਯੋਜਨਾਬੰਦੀ ਕਰਨੀ ਚਾਹੀਦੀ ਹੈ, ਤਾਂ ਜੋ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਟ੍ਰੈਫਿਕ ਪੁਲਿਸ ਦੀ ਨਿਯਮਤ ਤਾਇਨਾਤੀ, ਸਕੂਲਾਂ ਦੀ ਛੁੱਟੀ ਸਮੇਂ ਵਿਸ਼ੇਸ਼ ਪ੍ਰਬੰਧ ਅਤੇ ਓਵਰਲੋਡ ਵਾਹਨਾਂ ਦੀ ਆਵਾਜਾਈ ’ਤੇ ਨਿਗਰਾਨੀ ਯਕੀਨੀ ਬਣਾਈ ਜਾਵੇ, ਤਾਂ ਜੋ ਪਵਿੱਤਰ ਨਗਰੀ ਦੀਆਂ ਸੜਕਾਂ ’ਤੇ ਆਵਾਜਾਈ ਸੁਚਾਰੂ ਅਤੇ ਸੁਰੱਖਿਅਤ ਬਣਾਈ ਜਾ ਸਕੇ।
- Download Babushahi App
-
-