ਬਰਨਾਲਾ : ਨਾਜਾਇਜ਼ ਸਬੰਧਾਂ ਦੇ ਵਿਰੋਧ ਕਾਰਨ ਕੀਤਾ ਗਿਆ ਸੀ ਗੁਰਦੀਪ ਸਿੰਘ ਦਾ ਗਲਾ ਘੁੱਟ ਕੇ ਕਤਲ, 4 ਮੁਲਜ਼ਮ ਗ੍ਰਿਫ਼ਤਾਰ
Kamaljeet Singh
ਬਰਨਾਲਾ, 20 ਅਕਤੂਬਰ, 2026: ਬਰਨਾਲਾ ਦੇ ਥਾਣਾ ਸਿਟੀ ਅਧੀਨ ਆਉਂਦੇ ਇਲਾਕੇ ਵਿੱਚ ਏਕਤਾ ਨਸ਼ਾ ਛੁਡਾਊ ਕੇਂਦਰ ਵਿੱਚ ਕੰਮ ਕਰਨ ਵਾਲੇ ਨੌਜਵਾਨ ਗੁਰਦੀਪ ਸਿੰਘ ਦੇ ਅੰਨ੍ਹੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਕੁੱਲ 6 ਮੁਲਜ਼ਮਾਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਵਿੱਚੋਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋ ਦੀ ਭਾਲ ਜਾਰੀ ਹੈ। ਮ੍ਰਿਤਕ ਦੀ ਲਾਸ਼ ਸਹਿਣੇ ਨਹਿਰ ਵਿੱਚੋਂ ਬਰਾਮਦ ਕੀਤੀ ਗਈ ਸੀ।
ਡੀਐਸਪੀ ਰਾਜਿੰਦਰ ਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਅਕਤੂਬਰ ਨੂੰ ਡਿਊਟੀ 'ਤੇ ਗਏ ਗੁਰਦੀਪ ਸਿੰਘ ਦੇ ਘਰ ਨਾ ਪਰਤਣ 'ਤੇ ਉਸ ਦੇ ਪਿਤਾ ਰਾਜ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਅਤੇ ਸਾਈਬਰ ਸੈੱਲ ਨੇ ਤਕਨੀਕੀ ਸਬੂਤਾਂ ਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮਾਮਲੇ ਨੂੰ ਸੁਲਝਾਇਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁੱਖ ਮੁਲਜ਼ਮ ਜਗਦੇਵ ਸਿੰਘ ਉਰਫ਼ ਦੇਬੀ (ਜੋ ਮ੍ਰਿਤਕ ਦਾ ਰਿਸ਼ਤੇਦਾਰ ਹੈ) ਦੇ ਮ੍ਰਿਤਕ ਦੀ ਭਰਜਾਈ ਨਿੱਕੀ ਕੌਰ ਨਾਲ ਨਾਜਾਇਜ਼ ਸਬੰਧ ਸਨ, ਅਤੇ ਗੁਰਦੀਪ ਸਿੰਘ ਇਸ ਦਾ ਸਖ਼ਤ ਵਿਰੋਧ ਕਰਦਾ ਸੀ।
ਇਸੇ ਰੰਜਿਸ਼ ਤਹਿਤ ਮੁਲਜ਼ਮਾਂ ਨੇ ਸਾਜ਼ਿਸ਼ ਰਚ ਕੇ ਗੁਰਦੀਪ ਸਿੰਘ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨਹਿਰ ਵਿੱਚ ਸੁੱਟ ਦਿੱਤੀ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਸ ਵਿੱਚ ਨਸ਼ੇ ਪ੍ਰਤੀ ਜਾਗਰੂਕਤਾ ਨੂੰ ਲੈ ਕੇ ਵੀ ਕੋਈ ਰੰਜਿਸ਼ ਸੀ ਜਾਂ ਨਹੀਂ।
- Download Babushahi App
-
-