ਵੱਡੀ ਖ਼ਬਰ: CBI ਵੱਲੋਂ ਝੋਟਾ ਮਾਮਲੇ FIR ਦਰਜ
Ravi Jakhu
ਮਾਨਸਾ / ਚੰਡੀਗੜ੍ਹ 21 ਅਕਤੂਬਰ 2026- ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ (CBI) ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ ਵੱਡਾ ਐਕਸ਼ਨ ਲਿਆ ਹੈ। ਸੀ.ਬੀ.ਆਈ. ਵੱਲੋਂ ਇਸ ਮਾਮਲੇ ਵਿੱਚ ਇੱਕ ਨਵੀਂ ਐੱਫ.ਆਈ.ਆਰ. (FIR) ਦਰਜ ਕਰ ਲਈ ਗਈ ਹੈ। ਇਸ ਮਾਮਲੇ ਨਾਲ ਜੁੜੀ ਐੱਫ.ਆਈ.ਆਰ. ਦੀ ਕਾਪੀ ਵੀ ਸਾਹਮਣੇ ਆ ਚੁੱਕੀ ਹੈ, ਜਿਸ ਵਿੱਚ ਮੁਲਜ਼ਮਾਂ (Ashwani Kumar ਅਤੇ ਹੋਰਨਾਂ ਵਿਰੁੱਧ) ਖ਼ਿਲਾਫ਼ ਭਾਰਤੀ ਨਿਆਇਕ ਸੰਹਿਤਾ (BNS) ਦੀਆਂ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ।
ਸਾਹਮਣੇ ਆਈ ਜਾਣਕਾਰੀ ਅਨੁਸਾਰ, ਸੀ.ਬੀ.ਆਈ. ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਵਿੱਚ ਬੀ.ਐੱਨ.ਐੱਸ. ਦੀ ਧਾਰਾ 103/1 (ਕਤਲ), ਧਾਰਾ 109 (ਕਤਲ ਦੀ ਕੋਸ਼ਿਸ਼), ਧਾਰਾ 118(1) (ਖ਼ਤਰਨਾਕ ਹਥਿਆਰਾਂ ਨਾਲ ਜਾਨਲੇਵਾ/ਗੰਭੀਰ ਸੱਟ ਪਹੁੰਚਾਉਣਾ), ਧਾਰਾ 61(2) (ਅਪਰਾਧਿਕ ਸਾਜ਼ਿਸ਼ ਰਚਣਾ) ਅਤੇ ਧਾਰਾ 3(5) (ਸਾਂਝੀ ਨੀਅਤ ਨਾਲ ਅਪਰਾਧ ਨੂੰ ਅੰਜਾਮ ਦੇਣਾ) ਸ਼ਾਮਲ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅਸਲਾ ਐਕਟ (Arms Act) ਦੀਆਂ ਧਾਰਾਵਾਂ 27, 27 ਵੀ ਜੋੜੀਆਂ ਗਈਆਂ ਹਨ। ਇਹ ਧਾਰਾਵਾਂ ਸਾਫ਼ ਕਰਦੀਆਂ ਹਨ ਕਿ ਮਾਮਲਾ ਕਤਲ, ਖ਼ਤਰਨਾਕ ਹਥਿਆਰਾਂ ਨਾਲ ਨੁਕਸਾਨ ਪਹੁੰਚਾਉਣ ਅਤੇ ਅਪਰਾਧਿਕ ਸਾਜ਼ਿਸ਼ ਨਾਲ ਜੁੜਿਆ ਹੋਇਆ ਹੈ। ਇਹ ਮੁਕੱਦਮਾ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤੀ ਗਈ ਹੈ।
ਸੀ.ਬੀ.ਆਈ. ਦੀ ਟੀਮ ਨੇ ਮਾਨਸਾ ਪਹੁੰਚ ਕੇ ਕੇਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਅਤੇ ਫਾਈਲ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤੀ ਗਈ ਹੈ। ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਸੀ.ਬੀ.ਆਈ. ਵੱਲੋਂ ਰਿਮਾਂਡ 'ਤੇ ਲਿਆ ਜਾਵੇਗਾ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ 'ਚ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਤੋਂ ਕੁਝ ਘੰਟੇ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾ ਰਹੀ ਹੈ। ਇਸ ਤੋਂ ਬਾਅਦ ਜਦੋਂ ਕੇਂਦਰੀ ਗ੍ਰਹਿ ਮੰਤਰੀ ਮਾਨਸਾ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ, ਤਾਂ ਉਨ੍ਹਾਂ ਨੇ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਸੀ ਕਿ ਸੀ.ਬੀ.ਆਈ. ਦੀ ਟੀਮ ਜਲਦ ਪਹੁੰਚ ਕੇ ਜਾਂਚ ਸ਼ੁਰੂ ਕਰੇਗੀ। ਪਰ ਅਜੇ ਦਿਨ ਵੀ ਚੜ੍ਹਿਆ ਨਹੀਂ ਸੀ ਕਿ ਰਾਤ ਵੇਲੇ ਹੀ ਸੀ.ਬੀ.ਆਈ. ਦੀ ਵਿਸ਼ੇਸ਼ ਟੀਮ ਮਾਨਸਾ ਪਹੁੰਚ ਗਈ ਅਤੇ ਐੱਫ.ਆਈ.ਆਰ. ਦਰਜ ਕਰਕੇ ਕਾਨੂੰਨੀ ਕਾਰਵਾਈ ਅੱਗੇ ਵਧਾ ਦਿੱਤੀ।
ਇਸ ਵੇਲੇ ਸੀ.ਬੀ.ਆਈ. ਮਾਨਸਾ ਵਿਖੇ ਡੇਰਾ ਲਾ ਕੇ ਪੂਰੇ ਘਟਨਾਕ੍ਰਮ ਦੀਆਂ ਕੜੀਆਂ ਜੋੜ ਰਹੀ ਹੈ। ਪੰਜਾਬ ਪੁਲਿਸ ਵੱਲੋਂ ਇਕੱਠੇ ਕੀਤੇ ਗਏ ਸਾਰੇ ਸਬੂਤ, ਫੋਰੈਂਸਿਕ ਰਿਪੋਰਟਾਂ ਅਤੇ ਬਿਆਨ ਸੀ.ਬੀ.ਆਈ. ਨੂੰ ਸੌਂਪ ਦਿੱਤੇ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਮੁਲਜ਼ਮਾਂ ਤੋਂ ਹੋਣ ਵਾਲੀ ਪੁੱਛਗਿੱਛ ਦੌਰਾਨ ਕਈ ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਖ਼ਬਰ ਅਪਡੇਟ ਹੋ ਰਹੀ ਹੈ..........
- Download Babushahi App
-
-