ਸਮਾਜ ਦੇ ਕਮਜ਼ੋਰ ਵਰਗ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਕੰਮਾਂ ਨੂੰ ਚੇਤੇ ਕਰਨ: ਰਣੀਕੇ
ਅਸ਼ੋਕ ਵਰਮਾ
ਬਠਿੰਡਾ,21 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ ਦੇ ਐਸ ਸੀ ਵਿੰਗ ਦੇ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਵੱਲੋਂ ਉਹਨਾਂ ਦੇ ਹਾਲਾਤ ਸੁਧਾਰਨ ਵਾਸਤੇ ਕੀਤੇ ਗਏ ਕੰਮਾਂ ਨੂੰ ਚੇਤੇ ਕਰਨ ਅਤੇ ਦਿੱਲੀ ਦੀਆਂ ਪਾਰਟੀਆਂ ਨੂੰ ਭੁਲਾ ਦੇਣ ਜਿਹਨਾਂ ਨੇ ਉਹਨਾਂ ਦੀ ਲੁੱਟ ਖਸੁੱਟ ਕੀਤੀ।ਐਸ ਸੀ ਵਿੰਗ ਦੇ ਪ੍ਰਧਾਨ ਨੇ ਇਥੇ, ਭੁੱਚੋ ਮੰਡੀ ਤੇ ਲੰਬੀ ਵਿਖੇ ਅਕਾਲੀ ਦਲ ਦੀ ਐਸ ਸੀ ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਉਹਨਾਂ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ 10 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਯਾਤਰਾ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ, ਵਪਾਰੀਆਂ, ਗਰੀਬਾਂ ਸਮੇਤ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਕੰਮ ਕੀਤਾ ਤੇ ਉਹਨਾਂ ਦਾ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਵਿਸ਼ਸ਼ ਲਗਾਅ ਸੀ। ਉਹਨਾਂ ਨੇ ਸ਼ਗਨ ਸਕੀਮ, ਐਸ ਸੀ ਸਕਾਲਰਸ਼ਿਪ ਸਕੀਮ ਤੇ 200 ਯੂਨਿਟ ਮੁਫਤ ਬਿਜਲੀ ਸਮੇਤ ਐਸ ਸੀ ਵਰਗ ਲਈ ਵਿਸ਼ੇਸ਼ ਸਕੀਮਾਂ ਸ਼ੁਰੂ ਕੀਤੀਆਂ। ਉਹਨਾਂ ਕਿਹਾ ਕਿ ਐਸ ਸੀ ਪਰਿਵਾਰ ਹੀ ਆਟਾ ਦਾਲ ਸਕੀਮ ਦੇ ਸਭ ਤੋਂ ਵੱਡੇ ਲਾਹੇਵੰਦ ਹਨ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਸਰਕਾਰਾਂ ਨੇ ਜਾਂ ਤਾਂ ਐਸ ਸੀ ਭਾਈਚਾਰੇ ਲਈ ਸਕੀਮਾਂ ਖ਼ਤਮ ਕਰ ਦਿੱਤੀਆਂ ਜਾਂ ਫਿਰ ਉਹਨਾਂ ਵਿਚ ਕਟੌਤੀ ਕਰ ਦਿੱਤੀ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਸਾਰੀਆਂ ਸਕੀਮਾਂ ਮੁੜ ਸ਼ੁਰੂ ਕਰਨ ਦਾ ਵਾਅਦਾ ਕੀਤਾ ਹੈ ਤੇ ਉਹਨਾਂ ਨੇ ਇਹਨਾਂ ਦਾ ਵਿਸਥਾਰ ਕਰਨ ਦਾ ਵੀ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਟਾ ਦਾਲ ਸਕੀਮ ਦੇ ਤਹਿਤ ਮੌਜੂਦਾ ਸਮੇਂ ਮਿਲ ਰਹੇ 10 ਕਿਲੋ ਅਨਾਜ ਦੀ ਥਾਂ 50 ਕਿਲੋ ਕਣਕ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਹੈ ਕਿ ਸ਼ਗਨ ਸਕੀਮ ਦੇ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਵਿਕਾਸ, ਬੁਨਿਆਦੀ ਢਾਂਚੇ ਦੀ ਉਸਾਰੀ ਅਤੇ ਨਿਵੇਸ਼ ਦੇ ਨਾਲ-ਨਾਲ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਹੀ ਇਹ ਸਭ ਕੁਝ ਕਰ ਸਕਦੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਹੁੰਦਿਆਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਤੇ ਉਹਨਾਂ ਸੂਬੇ ਵਿਚ ਦੋ ਕੌਮਾਂਤਰੀ ਹਵਾਈ ਅੱਡੇ ਤੇ ਐਕਸਪ੍ਰੈਸਵੇਅ ਬਣਾਏ। ਉਹਨਾਂ ਨੇ ਨਿਵੇਸ਼ ਪੰਜਾਬ ਵਿਭਾਗ ਬਣਾਇਆ ਤੇ ਪੰਜਾਬ ਵਿਚ ਨਿਵੇਸ਼ ਲਿਆਂਦਾ।
ਸਰਦਾਰ ਰਣੀਕੇ ਨੇ ਕਿਹਾ ਕਿ ਮੌਜੂਦ ਹਾਲਾਤ ਵਿਚ ਸੂਬੇ ਵਿਚ ਕੋਈ ਨਿਵੇਸ਼ ਨਹੀਂ ਆ ਰਿਹਾ ਕਿਉਂਕਿ ਸੂਬੇ ਵਿਚ ਨਸ਼ਾ ਤਸਕਰੀ ਸਿਖ਼ਰਾਂ ’ਤੇ ਹੈ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਸੇ ਲਈ ਅਕਾਲੀ ਦਲ ਦੇ ਪ੍ਰਧਾਨ ਨੇ ਨਵੇਂ ਕਾਨੂੰਨ ਲਿਆਉਣ ਦਾ ਵਾਅਦਾ ਕੀਤਾ ਹੈ ਜਿਸ ਰਾਹੀਂ ਨਸ਼ਾ ਤਸਕਰਾਂ ਤੇ ਉਹਨਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੂੰ ਜ਼ਮਾਨਤਾਂ ਨਹੀਂ ਮਿਲਣਗੀਆਂ ਤੇ ਗੈਂਗਸਟਰਾਂ ਨੂੰ ਮਿਸਾਲੀ ਸਜ਼ਾਵਾਂ ਮਿਲਣਗੀਆਂ।
ਐਸ ਸੀ ਵਿੰਗ ਦੇ ਪ੍ਰਧਾਨ ਨੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਪਾਰਲੀਮਾਨੀ ਹਲਕੇ ਵਿਚ ਕੀਤੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਕਿਸੇ ਵੀ ਵਿਧਾਨ ਸਭਾ ਹਲਕਾ ਇੰਚਾਰਜ ਨਾਲੋਂ ਵੀ ਆਪਣੇ ਪਾਰਲੀਮਾਨੀ ਹਲਕੇ ਵਿਚ ਵੱਧ ਕੰਮ ਕਰਦੇ ਹਨ ਅਤੇ ਉਹਨਾਂ ਏਮਜ਼, ਸੈਂਟਰਲ ਯੂਨੀਵਰਸਿਟੀ ਤੇ ਐਡਵਾਂਸ ਕੈਂਸਰ ਇੰਸਟੀਚਿਊਟ ਸਮੇਤ ਅਨੇਕਾਂ ਪ੍ਰਾਜੈਕਟ ਹਲਕੇ ਵਿਚ ਲਿਆਂਦੇ ਹਨ।
ਸਰਦਾਰ ਰਣੀਕੇ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਅਕਾਲੀ ਦਲ ਨਾਲ ਇਕਜੁੱਟਤਾ ਪ੍ਰਗਟ ਕਰੀਏ ਤੇ ਇਸਨੂੰ ਮੁੜ ਸੱਤਾ ਵਿਚ ਲਿਆਈਏ ਤਾਂ ਜੋ ਪੰਜਾਬ ਨੂੰ ਮੁੜ ਵਿਕਾਸ, ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਲੀਹ ’ਤੇ ਪਾਇਆ ਜਾ ਸਕੇ।
- Download Babushahi App
-
-