*ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀ ਸੀ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ
*ਮੁੱਖ ਮੰਤਰੀ ਵਲੋਂ ਮੀਟਿੰਗ ਦੇ ਵਾਅਦੇ ਤੋਂ ਭੱਜਣ ਦੀ ਨਿਖੇਧੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ 21 ਅਕਤੂਬਰ, 2026
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੁਬਾਈ ਸਾਂਝੀ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਦੀ ਸੰਗਰੂਰ ਰੈਲੀ ਵਿੱਚ 21-22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜਿਲ੍ਹਾ ਪ੍ਰਦਰਸ਼ਨ ਕਰਨ ਦੇ ਐਲਾਨ ਦੇ ਸੱਦੇ 'ਤੇ ਜਿਲ੍ਹੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਹ ਭਰਪੂਰ ਰੋਸ ਰੈਲੀ ਕੀਤੀ ਗਈ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮ, ਸਰਕਾਰੀ ਸਕੂਲਾਂ ਦੇ ਅਧਿਆਪਕ ਅਤੇ ਜ਼ਿਲ੍ਹੇ ਦੇ ਸਮੁੱਚੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਖਾਸ ਤੌਰ 'ਤੇ ਅਧਿਆਪਕਾਂਵਾਂ, ਮਹਿਲਾ ਮੁਲਾਜ਼ਮਾਂ, ਮਿਡ ਡੇ ਮੀਲ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।
ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਵਿਜੇ ਕੁਮਾਰ, ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਅਟਵਾਲ, ਮਲਕੀਤ ਸਿੰਘ, ਕਰਨੈਲ ਸਿੰਘ, ਨਰਿੰਦਰ ਕੁਮਾਰ ਮਹਿਤਾ, ਜਸਵਿੰਦਰ ਸਿੰਘ ਔਜਲਾ, ਰਾਮ ਲੁਭਾਇਆ, ਬਿਕਰਮਜੀਤ ਸਿੰਘ, ਸੋਮ ਲਾਲ, ਰਾਮ ਕਿਸ਼ਨ ਪਲੀਝਿੱਕੀ, ਜਸਵੀਰ ਸਿੰਘ ਮੋਰੋਂ, ਕੁਲਦੀਪ ਸਿੰਘ, ਮੋਹਣ ਸਿੰਘ ਬੂਟਾ, ਹਰਮਿੰਦਰ ਸਿੰਘ ਉਪਲ, ਦਲਜੀਤ ਸਿੰਘ, ਮਨਿੰਦਰ ਸਿੰਘ, ਲਖਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਸ਼ਕੁੰਤਲਾ ਸਰੋਏ, ਗੁਰਦੇਵ ਕੌਰ, ਜੁਝਾਰ ਸਿੰਘ ਸਹੂੰਗੜਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਸਮੂਹ ਮੰਗਾਂ ਨੂੰ ਹੱਲ ਕਰਨ ਲਈ ਅਕਤੂਬਰ ਮਹੀਨੇ ਦੇ ਪਹਿਲੇ ਹਫਤੇ ਮੀਟਿੰਗ ਕਰਨ ਦੇ ਵਾਅਦੇ ਤੋਂ ਭੱਜਣ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪਿਛਲੀ ਵਾਰ 27 ਅਗਸਤ ਦੀ ਹੜਤਾਲ ਵਾਲੇ ਦਿਨ ਮੀਟਿੰਗ ਦਾ ਸਮਾਂ ਦੇਣ ਵਾਂਗ ਇਸ ਵਾਰ ਵੀ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਦਿਨ ਹੀ ਮੀਟਿੰਗ ਦਾ ਪੱਤਰ ਜਾਰੀ ਕੀਤਾ ਹੈ, ਜਿਸ ਨੂੰ ਤਾਲਮੇਲ ਕਮੇਟੀ ਨੇ ਰੱਦ ਕਰ ਦਿੱਤਾ ਹੈ। ਆਗੂਆਂ ਨੇ ਸਰਕਾਰ ਨੂੰ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕਰਨ 'ਤੇ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਦੀ ਚਿਤਾਵਨੀ ਦਿੱਤੀ।
ਇਸ ਰੋਸ ਰੈਲੀ ਨੂੰ ਕਰਨੈਲ ਸਿੰਘ ਸੰਧੂ ਸਾਬਕਾ ਸੂਬਾ ਪ੍ਰਧਾਨ ਗੌਰਮਿੰਟ ਟੀਚਰਜ਼ ਯੂਨੀਅਨ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਚਰਨਜੀਤ ਸਿੰਘ ਦੌਲਤਪੁਰ ਨੇ ਵੀ ਸੰਬੋਧਨ ਕੀਤਾ।
ਆਗੂਆਂ ਨੇ ਰਹਿੰਦੇ 10 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ ਜਾਰੀ ਕਰਨ, ਪੈਨਸ਼ਨ ਦੁਹਰਾਈ 2.59 ਦੇ ਗੁਣਾਕ ਨਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਅਨਰਿਵਾਈਜਡ ਕੈਟਾਗਰੀਆਂ ਦੀ ਤਨਖਾਹ 2.59 ਦੇ ਗੁਣਾਕ ਨਾਲ ਸੋਧਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣ ਭੱਤਾ ਇਨਸੈਂਟਿਵ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ, ਸੋਧਣ ਦੇ ਨਾਂ 'ਤੇ ਪੇਂਡੂ ਭੱਤੇ ਸਮੇਤ ਕੱਟੇ ਗਏ ਸਮੁੱਚੇ ਭੱਤੇ ਬਹਾਲ ਕਰਨ, ਏਸੀਪੀ ਸਕੀਮ ਬਹਾਲ ਕਰਨ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ 15.01.2015 ਦਾ ਮੁਢਲੀ ਤਨਖਾਹ 'ਤੇ ਨਿਯੁਕਤੀ ਦਾ ਪੱਤਰ, 17.07.2020 ਦਾ ਕੇਂਦਰੀ ਸਕੇਲ ਲਾਗੂ ਕਰਨ ਦੇ ਪੱਤਰ ਨੂੰ ਰੱਦ ਕਰਨ ਅਤੇ 12.06.2025 ਨੂੰ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੇਣ, ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਕਾਸ ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਵਾਪਸ ਲੈਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਇੱਕੋ ਕਿਸ਼ਤ ਵਿੱਚ ਅਦਾ ਕਰਨ, ਪੰਜਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਤੇ 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕਰਨ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬੱਝਵਾਂ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਜਨਵਰੀ 2016 ਤੋਂ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਦੇ ਸਮੇਂ 125% ਮਹਿੰਗਾਈ ਭੱਤੇ ਨੂੰ ਆਧਾਰ ਬਣਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਏ ਸੀ ਪੀ ਸਬੰਧੀ ਰਿਪੋਰਟ ਜਾਰੀ ਕਰਨ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕਰਨ, ਕੈਸ਼ਲੈਸ ਹੈਲਥ ਸਕੀਮ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਲਾਗੂ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੈਥ ਕਮ ਰਿਟਾਇਰਮੈਂਟ ਗਰੈਚੁਟੀ ਕੇਂਦਰ ਦੀ ਤਰਜ ਤੇ 25 ਲੱਖ ਰੁਪਏ ਕਰਨ, ਇਸ ਨੂੰ ਰਹਿੰਦੇ ਬੋਰਡਾਂ ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਤੇ ਵੀ ਲਾਗੂ ਕਰਨ, ਅਦਾਲਤਾਂ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਦੀ ਮੰਗ ਕੀਤੀ।
ਇਸ ਮੌਕੇ ਮਦਨ ਲਾਲ, ਗੁਰਦੀਸ਼ ਸਿੰਘ, ਅਜੈ ਕੁਮਾਰ ਚਾਹੜ ਮਜਾਰਾ, ਜਗਦੀਸ਼ ਕੁਮਾਰ, ਗੁਰਦੀਸ਼ ਸਿੰਘ, ਨਰਿੰਦਰ ਭਾਰਟਾ, ਜਗਜੀਤ ਸਿੰਘ, ਕਮਲਦੇਵ, ਅਜੀਤ ਰਾਮ ਬੰਗਾ, ਬਲਵੀਰ ਸਿੰਘ ਗੁਰਾਇਆ, ਕਮਲਦੇਵ, ਨੀਲਮ, ਰਾਜ ਰਾਣੀ, ਗੁਰਵਿੰਦਰ ਸਿੰਘ ਸੋਨਾ, ਸੋਹਣ ਸਿੰਘ, ਜਗਦੀਸ਼ ਜਾਡਲਾ ਆਗੂ ਵੀ ਮੌਜੂਦ ਸਨ।
- Download Babushahi App
-
-