ਦਿੱਲੀ ਏਅਰਪੋਰਟ 'ਤੇ CM ਨੂੰ ਕਿਉਂ ਰੋਕਿਆ? ਭਗਵੰਤ ਮਾਨ ਨੇ ਦਿੱਤਾ ਪਹਿਲਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਏਅਰਪੋਰਟ ਵਿਵਾਦ: CM ਭਗਵੰਤ ਮਾਨ ਦਾ ਵੱਡਾ ਬਿਆਨ, ਮੁੱਖ ਚੋਣ ਕਮਿਸ਼ਨਰ ਦੇ ਰਿਸ਼ਤੇਦਾਰ 'ਤੇ ਲਾਏ ਬਦਲਾਖੋਰੀ ਦੇ ਦੋਸ਼
ਸਮਾਨ ਦੀ ਚੈਕਿੰਗ: CM ਮਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਾਰਾ ਸਮਾਨ ਚੈੱਕ ਕੀਤਾ ਗਿਆ, ਪਰ ਕੁਝ ਵੀ ਇਤਰਾਜ਼ਯੋਗ ਬਰਾਮਦ ਨਹੀਂ ਹੋਇਆ- ਫਰਾਂਸ ਦੌਰੇ ਤੋਂ ਪਰਤਦਿਆਂ ਉਨ੍ਹਾਂ ਨੂੰ ਏਅਰਪੋਰਟ 'ਤੇ 2 ਤੋਂ 3 ਘੰਟੇ ਬਿਠਾ ਕੇ ਰੱਖਿਆ ਗਿਆ
Babushahi Network
ਚੰਡੀਗੜ੍ਹ, 23 ਅਕਤੂਬਰ 2026: ਫਰਾਂਸ ਦੇ ਅਧਿਕਾਰਤ ਦੌਰੇ ਤੋਂ ਵਾਪਸ ਪਰਤਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਏਅਰਪੋਰਟ 'ਤੇ ਦੋ ਤੋਂ ਤਿੰਨ ਘੰਟੇ ਤੱਕ ਰੋਕੇ ਜਾਣ ਦਾ ਮਾਮਲਾ ਗਰਮਾਇਆ ਹੋਇਆ ਹੈ। ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਮੀਡੀਆ ਸਾਹਮਣੇ ਆ ਕੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ ਅਤੇ BJP ਸਰਕਾਰ ਦੇ ਨਾਲ-ਨਾਲ ਚੋਣ ਕਮਿਸ਼ਨ ਦੇ ਉੱਚ ਅਧਿਕਾਰੀਆਂ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਸੀ.ਐੱਮ. ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਏਅਰਪੋਰਟ 'ਤੇ ਕਸਟਮ ਵਿਭਾਗ ਦੇ ਮੁਖੀ ਮੁੱਖ ਚੋਣ ਕਮਿਸ਼ਨਰ (CEC) ਦੇ ਸਕੇ ਭਰਾ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਦੋਸ਼ ਲਾਇਆ ਕਿ ਜਦੋਂ ਵੀ ਮੌਕਾ ਮਿਲਦਾ ਹੈ, ਇਹ ਲੋਕ ਸਿਆਸੀ ਰੰਜਿਸ਼ ਤਹਿਤ ਬਦਲਾ ਲੈਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਣ-ਬੁੱਝ ਕੇ ਏਅਰਪੋਰਟ 'ਤੇ ਦੋ ਘੰਟੇ ਤੱਕ ਬਿਠਾ ਕੇ ਰੱਖਿਆ ਗਿਆ ਅਤੇ ਉਨ੍ਹਾਂ ਦਾ ਸਾਰਾ ਸਾਮਾਨ ਬਾਰੀਕੀ ਨਾਲ ਚੈੱਕ ਕੀਤਾ ਗਿਆ। ਹਾਲਾਂਕਿ, ਸਖ਼ਤ ਚੈਕਿੰਗ ਦੇ ਬਾਵਜੂਦ ਵੀ ਅਧਿਕਾਰੀਆਂ ਦੇ ਹੱਥ ਕੁਝ ਨਹੀਂ ਲੱਗਿਆ ਅਤੇ ਕੁਝ ਵੀ ਇਤਰਾਜ਼ਯੋਗ ਬਰਾਮਦ ਨਹੀਂ ਹੋਇਆ। CM ਮਾਨ ਨੇ ਇਸ ਘਟਨਾ ਨੂੰ ਲੈ ਕੇ ਮੋਦੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। CM ਮਾਨ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਲੋਕ-ਪੱਖੀ ਕਦਮਾਂ ਅਤੇ ਵੱਖ-ਵੱਖ ਮੁੱਦਿਆਂ 'ਤੇ ਕੇਂਦਰ ਨਾਲ ਮਤਭੇਦਾਂ ਕਾਰਨ ਉਨ੍ਹਾਂ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
AAP ਆਗੂਆਂ ਦਾ ਕਹਿਣਾ ਹੈ ਕਿ ਸੰਵਿਧਾਨਕ ਅਹੁਦਿਆਂ 'ਤੇ ਬੈਠੇ ਵਿਅਕਤੀਆਂ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਦੇਸ਼ ਦੇ ਸੰਘੀ ਢਾਂਚੇ ਅਤੇ ਲੋਕਤੰਤਰ ਲਈ ਬਹੁਤ ਨੁਕਸਾਨਦੇਹ ਹਨ। ਇਸ ਘਟਨਾ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਤਣਾਅ ਕਾਫ਼ੀ ਵਧ ਗਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਾਈਕੋਰਟ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ ਫਰਾਂਸ ਦੇ ਦੌਰੇ 'ਤੇ ਗਏ ਸਨ। ਇਸ ਦੌਰੇ ਦਾ ਮੁੱਖ ਮਕਸਦ ਵਿਦੇਸ਼ਾਂ ਵਿੱਚ ਪੰਜਾਬ ਦੇ ਪ੍ਰਮੁੱਖ ਅਦਾਰਿਆਂ ਮਾਰਕਫੈਡ (Markfed) ਅਤੇ ਵੇਰਕਾ (Verka) ਦੇ ਉਤਪਾਦਾਂ ਨੂੰ ਵਿਸ਼ਵ ਪੱਧਰ 'ਤੇ ਲਾਂਚ ਕਰਨਾ ਅਤੇ ਪੰਜਾਬੀ ਉਦਯੋਗਾਂ ਨੂੰ ਹੁਲਾਰਾ ਦੇਣਾ ਸੀ। ਪਰ ਜਦੋਂ ਉਹ ਆਪਣਾ ਦੌਰਾ ਸੰਪੂਰਨ ਕਰਕੇ ਵਾਪਸ ਦਿੱਲੀ ਏਅਰਪੋਰਟ 'ਤੇ ਉਤਰੇ, ਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉੱਥੇ ਕਾਫ਼ੀ ਸਮਾਂ ਇੰਤਜ਼ਾਰ ਕਰਨਾ ਪਿਆ।
- Download Babushahi App
-
-