ਜਬਰ-ਜਨਾਹ ਦੇ ਮਾਮਲੇ ’ਚ ਮੁਲਜ਼ਮ ਫੜਨ ਦੀ ਥਾਂ ਪੱਤਰਕਾਰ ਨੂੰ ਥਾਣੇ ਸੱਦਣ ਤੋਂ ਭੜਕੀ ਕਿਸਾਨ ਜਥੇਬੰਦੀ
ਅਸ਼ੋਕ ਵਰਮਾ
ਬਠਿੰਡਾ ,27 ਅਕਤੂਬਰ 2026 : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਫ਼ਰੀਦਕੋਟ ਦੇ ਨਿਊ ਮਾਡਲ ਸਕੂਲ ਵਿੱਚ ਚਾਰ ਸਾਲਾ ਬੱਚੀ ਨਾਲ ਜਬਰ-ਜਨਾਹ ਦੀ ਵਾਪਰੀ ਘਟਨਾ ਦੇ ਮਾਮਲੇ ਵਿੱਚ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਵਿੱਚ ਦੇਰੀ ਅਤੇ ਇਸ ਘਟਨਾ ਸਬੰਧੀ ਖ਼ਬਰ ਚਲਾਉਣ ਵਾਲੇ ਪੱਤਰਕਾਰ ਬਖ਼ਸ਼ੀਸ਼ ਆਜ਼ਾਦ ਨੂੰ ਪੁਲਿਸ ਥਾਣੇ ਬੁਲਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਸੂਬਾ ਪ੍ਰਧਾਨ ਮਨਜੀਤ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਅਜਿਹੇ ਗੰਭੀਰ ਮਾਮਲੇ ਵਿੱਚ ਪੁਲਿਸ ਦੀ ਪਹਿਲ ਬੱਚੀ ਨੂੰ ਇਨਸਾਫ਼ ਦਿਵਾਉਣਾ, ਮਾਮਲੇ ਦੀ ਨਿਰਪੱਖ ਜਾਂਚ ਕਰਨਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਹੋਣੀ ਚਾਹੀਦੀ ਹੈ, ਨਾ ਕਿ ਘਟਨਾ ਨੂੰ ਲੋਕਾਂ ਸਾਹਮਣੇ ਲਿਆਉਣ ਵਾਲੇ ਪੱਤਰਕਾਰ ਤੋਂ ਸਵਾਲ-ਜਵਾਬ ਕਰਨਾ।
ਕਿਸਾਨ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਪੱਤਰਕਾਰ ਬਖ਼ਸ਼ੀਸ਼ ਆਜ਼ਾਦ ਨੂੰ ਖ਼ਬਰ ਚਲਾਉਣ ਤੋਂ ਬਾਅਦ ਇਹ ਪੁੱਛਣ ਲਈ ਥਾਣੇ ਬੁਲਾਇਆ ਗਿਆ ਕਿ ਪੁਲਿਸ ਤੋਂ ਪੁੱਛੇ ਬਿਨਾਂ ਵੀਡੀਓ ਕਿਉਂ ਬਣਾਈ ਗਈ। ਜੇਕਰ ਪੱਤਰਕਾਰ ਨੂੰ ਸਿਰਫ਼ ਇਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿ ਉਸ ਨੇ ਇੱਕ ਗੰਭੀਰ ਘਟਨਾ ਨੂੰ ਲੋਕਾਂ ਦੇ ਧਿਆਨ ਵਿੱਚ ਲਿਆਂਦਾ ਹੈ, ਤਾਂ ਇਹ ਪ੍ਰੈੱਸ ਦੀ ਆਜ਼ਾਦੀ ਅਤੇ ਲੋਕਾਂ ਤੱਕ ਸੱਚਾਈ ਪਹੁੰਚਾਉਣ ਦੇ ਹੱਕ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿੱਥੇ ਲੋਕ-ਪੱਖੀ ਪੱਤਰਕਾਰਾਂ ਨੂੰ ਸਵਾਲ ਉਠਾਉਣ ਜਾਂ ਲੋਕਾਂ ਦੀਆਂ ਸਮੱਸਿਆਵਾਂ ਸਾਹਮਣੇ ਲਿਆਉਣ ਬਦਲੇ ਪੁਲਿਸ ਕਾਰਵਾਈ ਦਾ ਸਾਹਮਣਾ ਕਰਨ ਦਾ ਡਰ ਸਤਾਉਂਦਾ ਰਹੇ।ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਆਵਾਜ਼ ਦਬਾਉਣ ਲਈ ਪੁਲਿਸ ਤਾਕਤ ਦੀ ਵਰਤੋਂ ਨੰਗੀ ਚਿੱਟੀ ਤਾਨਾਸ਼ਾਹੀ ਹੈ ਅਤੇ ਲਿਖਣ ਬੋਲਣ ਦੇ ਅਧਿਕਾਰ ਤੇ ਘਿਨਾਉਣਾ ਹਮਲਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਇਸ ਤਰਾਂ ਦੀਆਂ ਕਾਰਵਾਈਆਂ ਨੇ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਇੱਕ ਵਾਰ ਫਿਰ ਲੋਕਾਂ ਸਾਹਮਣੇ ਨੰਗਾ ਹੋਇਆ ਹੈ। ਲੋਕਾਂ ਦੇ ਹੱਕਾਂ, ਜਬਰ-ਜ਼ੁਲਮ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਬਾਰੇ ਆਵਾਜ਼ ਉਠਾਉਣ ਵਾਲੇ ਪੱਤਰਕਾਰਾਂ ਨੂੰ ਝੂਠੇ ਦੋਸ਼ਾਂ ਜਾਂ ਕੇਸਾਂ ਰਾਹੀਂ ਚੁੱਪ ਕਰਵਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ। ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਆਪਣੀ ਕਾਰਵਾਈ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਵੇ ਅਤੇ ਪੱਤਰਕਾਰਾਂ ਨੂੰ ਬਿਨਾਂ ਵਜ੍ਹਾ ਤੰਗ-ਪਰੇਸ਼ਾਨ ਕਰਨ ਤੋਂ ਗੁਰੇਜ਼ ਕਰੇ।ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪੱਤਰਕਾਰ ਬਖ਼ਸ਼ੀਸ਼ ਆਜ਼ਾਦ ਵਿਰੁੱਧ ਬਿਨਾਂ ਵਾਜਬ ਆਧਾਰ ਤੋਂ ਕੋਈ ਕਾਰਵਾਈ ਕੀਤੀ ਤਾਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਜਿਹੀ ਕਿਸੇ ਵੀ ਕਾਰਵਾਈ ਵਿਰੁੱਧ ਸੰਘਰਸ਼ ਦਾ ਡਟਵਾਂ ਸਾਥ ਦੇਵੇਗੀ।ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬੱਚੀ ਨਾਲ ਵਾਪਰੀ ਘਟਨਾ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਰਾਹੀਂ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
- Download Babushahi App
-
-