ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਮੌਤ ਸਬੰਧੀ ਨੋਟਿਸ ਜਾਰੀ
ਅਸ਼ੋਕ ਵਰਮਾ
ਬਠਿੰਡਾ, 28 ਅਕਤੂਬਰ 2026: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ ਐੱਚ ਆਰ ਸੀ) ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ ਜੀ ਪੀ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਅੰਦਰ ਕਾਰਵਾਈ ਰਿਪੋਰਟ ਸੌਂਪਣ ਲਈ ਨੋਟਿਸ ਜਾਰੀ ਕੀਤੇ ਹਨ।
ਹਰਮਨਦੀਪ ਮਹਿਰਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੇ ਇਹ ਨੋਟਿਸ ਜਾਰੀ ਕਰਨ ਵਾਲੀ ਕਾਰਵਾਈ ਕੀਤੀ ਹੈ। ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ ਕਾਰਨ ਹੋਈ ਹੈ ਜਿਸ ਤੋਂ ਬਾਅਦ ਆਮ ਲੋਕਾਂ ਅਤੇ ਪੁਲਿਸ ਵਿਚਕਾਰ ਤਿੱਖੀਆਂ ਝੜਪਾਂ ਹੋਈਆਂ ਸਨ।
ਇਸ ਮੌਕੇ ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਈ ਸੀ ਅਤੇ ਜਦੋਂ ਪਰਿਵਾਰਕ ਮੈਂਬਰ ਤੇ ਸਮਰਥਕ ਪੁਲੀਸ ਤੋਂ ਜਵਾਬ ਮੰਗ ਰਹੇ ਸਨ ਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ, ਤਾਂ ਪੰਜਾਬ ਪੁਲੀਸ ਉਸਦੀ ਲਾਸ਼ ਚੁੱਕ ਕੇ ਲੈ ਗਈ। ਐੱਨ ਐੱਚ ਆਰ ਸੀ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਦੀ ਲੋੜ ਹੈ, ਇਸ ਲਈ ਪੂਰੇ ਘਟਨਾਕ੍ਰਮ ਦੀ ਜਾਂਚ ਕੀਤੀ ਜਾਵੇ ਅਤੇ ਹਾਲਾਤ ਬਾਰੇ ਰਿਪੋਰਟ ਦਿੱਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਇਸ ਮੌਤ ਦੇ ਤਾਰ ਕਥਿਤ ਤੌਰ 'ਤੇ ਨਸ਼ਿਆਂ ਨਾਲ ਜੁੜੇ ਹੋਏ ਹਨ।
- Download Babushahi App
-
-