ਪੰਜਾਬ ਦੇ ਦੂਸ਼ਿਤ ਪਾਣੀਆਂ ਲਈ ਮਾਨ ਸਰਕਾਰ ਜਵਾਬਦੇਹੀ ਤੋਂ ਨਹੀਂ ਭੱਜ ਸਕਦੀ: ਅਵਿਨਾਸ਼ ਰਾਏ ਖੰਨਾ
ਚੰਡੀਗੜ੍ਹ, 28 ਅਕਤੂਬਰ 2026- ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਅਖ਼ਬਾਰ ਵਿੱਚ ਛਪੀ ਉਸ ਰਿਪੋਰਟ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ, ਜਿਸ ਅਨੁਸਾਰ ਪੰਜਾਬ ਦੇ ਛੇ ਜ਼ਿਲ੍ਹਿਆਂ ਰੂਪਨਗਰ, ਜਲੰਧਰ, ਅੰਮ੍ਰਿਤਸਰ, ਕਪੂਰਥਲਾ,ਐਸ.ਏਐਸ, ਨਗਰ ਅਤੇ ਲੁਧਿਆਣਾ ਦੇ ਭੂਜਲ ਵਿੱਚ ਫਲੋਰਾਈਡ, ਆਰਸੈਨਿਕ, ਸੀਸੇ ਸਮੇਤ ਕਈ ਹਾਨੀਕਾਰਕ ਤੱਤ ਪਾਏ ਗਏ ਹਨ, ਜਿਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ । ਉਨ੍ਹਾਂ ਕਿਹਾ ਕਿ ਇਹ ਸਥਿਤੀ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਖੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਹਰ ਰੋਜ਼ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਜੇਕਰ ਪੰਜਾਬ ਦਾ ਭੂਜਲ ਹੀ ਹਾਨੀਕਾਰਕ ਤੱਤਾਂ ਨਾਲ ਦੂਸ਼ਿਤ ਹੋ ਰਿਹਾ ਹੈ, ਤਾਂ ਸਰਕਾਰ ਦੀਆਂ ਵਾਤਾਵਰਣ ਸੁਰੱਖਿਆ ਅਤੇ ਲੋਕਾਂ ਦੀ ਸਿਹਤ ਪ੍ਰਤੀ ਨੀਤੀਆਂ ਕਿੱਥੇ ਹਨ ? ਉਨ੍ਹਾਂ ਕਿਹਾ ਮੁੱਖ ਮੰਤਰੀ ਪਾਣੀ ਨੂੰ ਲੈ ਕੇ ਢੀਂਗਾ ਮਾਰਨ ਦੀ ਥਾਂ ‘ਤੇ ਸੂਬੇ ਦੇ ਪ੍ਰਦੂਸ਼ਿਤ ਹੋ ਰਹੇ ਪਾਣੀ ਵੱਲ ਧਿਆਨ ਦੇਣ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਕਈ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਦੂਸ਼ਿਤ ਪਾਣੀ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਸਕਦਾ ਹੈ। ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਬਿਆਨ ਦੇਣਾ ਨਹੀਂ, ਸਗੋਂ ਲੋਕਾਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਹੈ।
ਖੰਨਾ ਨੇ ਮੰਗ ਕੀਤੀ ਕਿ ਸਰਕਾਰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਭੂਜਲ ਦੀ ਤੁਰੰਤ ਵਿਗਿਆਨਕ ਜਾਂਚ ਕਰਵਾਏ, ਰਿਪੋਰਟ ਜਨਤਕ ਕਰੇ ਅਤੇ ਦੂਸ਼ਿਤ ਪਾਣੀ ਦੀ ਸਮੱਸਿਆ ਦੇ ਹੱਲ ਲਈ ਸਮਾਂਬੱਧ ਕਾਰਜਯੋਜਨਾ ਬਣਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਸੁਰੱਖਿਆ ਸਿਆਸੀ ਪ੍ਰਚਾਰ ਦਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਗੰਭੀਰ ਮੁੱਦਾ ਹੈ। ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਕੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ।
- Download Babushahi App
-
-