ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਕਰਵਾ ਚੌਥ ਮੌਕੇ ਮਹਿੰਦੀ ਲਾਉਣ ਦੇ ਮੁਕਾਬਲੇ ਕਰਵਾਏ
ਅਸ਼ੋਕ ਵਰਮਾ
ਬਠਿੰਡਾ, 28 ਅਕਤੂਬਰ 2026:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਸਕੂਲ ਆਫ਼ ਐਗਰੀਕਲਚਰ ਸਾਇੰਸਜ਼ ਐਂਡ ਇੰਜਨੀਅਰਿੰਗ ਵੱਲੋਂ ਕਰਵਾ ਚੌਥ ਦੇ ਤਿਉਹਾਰ ਮੌਕੇ ਭਾਰਤੀ ਸੱਭਿਆਚਾਰਕ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਹਿੰਦੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖੇਤੀਬਾੜੀ ਦੇ ਵੱਖ-ਵੱਖ ਕੋਰਸਾਂ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਹਿੰਦੀ ਦੀਆਂ ਮਨਮੋਹਕ ਤੇ ਬਾਰੀਕ ਕਲਾਤਮਕ ਡਿਜ਼ਾਈਨਾਂ ਰਾਹੀਂ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਮੁਕਾਬਲੇ ਵਿੱਚ ਬੀ.ਐੱਸ.ਸੀ. (ਆਨਰਜ਼) ਐਗਰੀਕਲਚਰ ਦੇ ਦੂਜੇ ਸਾਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਪਹਿਲਾ, ਇਰਵਨਦੀਪ ਕੌਰ ਨੇ ਦੂਜਾ ਅਤੇ ਅਨਮੋਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਇਹ ਮੁਕਾਬਲਾ ਵਿਭਾਗ ਦੇ ਮੁਖੀ ਪ੍ਰੋ. ਜਸਵੀਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੇ ਆਯੋਜਨ ਵਿੱਚ ਡਾ. ਵਿਨੀਤ ਚਾਵਲਾ, ਡਾ. ਕੰਵਲਜੀਤ ਸਿੰਘ, ਇੰਜ. ਜਤਿੰਦਰ ਕੁਮਾਰ ਅਤੇ ਇੰਜ. ਰਜਿੰਦਰ ਸਿੰਘ ਨੇ ਸਹਿਯੋਗ ਦਿੱਤਾ। ਸੱਭਿਆਚਾਰਕ ਕਮੇਟੀ ਦੇ ਮੈਂਬਰ ਡਾ. ਸੁਖਪ੍ਰੀਤ ਕੌਰ ਅਤੇ ਸ੍ਰੀ ਅਦਿਤ ਸਿੰਗਲਾ ਨੇ ਮੁਕਾਬਲੇ ਦੇ ਸੁਚੱਜੇ ਪ੍ਰਬੰਧਾਂ ਅਤੇ ਤਾਲਮੇਲ ਦੀ ਜ਼ਿੰਮੇਵਾਰੀ ਨਿਭਾਈ।ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਸੰਜੀਵ ਕੁਮਾਰ ਸ਼ਰਮਾ ਅਤੇ ਰਜਿਸਟਰਾਰ ਪ੍ਰੋ. (ਡਾ.) ਪਰਮਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀਆਂ ਕਲਾਤਮਕ ਰੁਚੀਆਂ ਨੂੰ ਨਿਖਾਰਨ ਵਿੱਚ ਵੀ ਸਹਾਈ ਹੁੰਦੀਆਂ ਹਨ। ਉਨ੍ਹਾਂ ਨੇ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਆਫ਼ ਐਗਰੀਕਲਚਰ ਸਾਇੰਸਜ਼ ਐਂਡ ਇੰਜਨੀਅਰਿੰਗ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।
- Download Babushahi App
-
-