ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਟੀਮ ਵੱਲੋਂ ਪਰਾਲੀ ਪ੍ਰਬੰਧਨ ਦੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦਾ ਦੌਰਾ
ਬਾਬੂਸ਼ਾਹੀ ਬਿਊਰੋ
ਪਟਿਆਲਾ, ਸਮਾਣਾ, ਪਾਤੜਾਂ, 30 ਅਕਤੂਬਰ: ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਟੀਮ ਨੇ ਝੋਨੇ ਦੀ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦਾ ਦੌਰਾ ਕੀਤਾ।ਇਸ ਟੀਮ ਵਿੱਚ ਹਵਾ ਗੁਣਵੱਤਾ ਕਮਿਸ਼ਨ (ਸੀ.ਏ.ਕਿਊ.ਐਮ) ਦੇ ਤਕਨੀਕੀ ਮੈਂਬਰ ਡਾ. ਐੱਸ. ਡੀ. ਅੱਤਰੀ ਅਤੇ ਵਿਗਿਆਨੀ-ਸੀ, ਵਿਜੇ ਕੁਮਾਰ ਸ਼ਾਮਲ ਸਨ। ਦੌਰੇ ਦੌਰਾਨ ਕਮਿਸ਼ਨ ਦੀ ਟੀਮ ਨੇ ਸਭ ਤੋਂ ਪਹਿਲਾਂ ਤਹਿਸੀਲ ਸਮਾਣਾ ਦੇ ਪਿੰਡ ਬਦਨਪੁਰ ਵਿਖੇ ਸਥਿਤ ਮੈਸਰਜ਼ ਐੱਸ.ਪੀ.ਐੱਸ. ਈਕੋਫ੍ਰੈਂਡਲੀ ਫਿਊਲਜ਼ ਦੇ ਪਰਾਲੀ ਤੋਂ ਜੈਵਿਕ ਬਾਲਣ ਦੀਆਂ ਗੋਲੀਆਂ ਤਿਆਰ ਕਰਨ ਵਾਲੇ ਕਾਰਖਾਨੇ ਦਾ ਦੌਰਾ ਕੀਤਾ।
ਟੀਮ ਦਾ ਸਵਾਗਤ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ ਸਮਾਣਾ ਰਿਚਾ ਗੋਇਲ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਮਿਸ਼ਨ ਦੀ ਟੀਮ ਨੇ ਕਾਰਖਾਨੇ ਦਾ ਨਿਰੀਖਣ ਕੀਤਾ ਅਤੇ ਪਰਾਲੀ ਤੋਂ ਜੈਵਿਕ ਬਾਲਣ ਦੀਆਂ ਗੋਲੀਆਂ ਤਿਆਰ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਨ੍ਹਾਂ ਗੋਲੀਆਂ ਦੀ ਵਰਤੋਂ ਉਦਯੋਗਾਂ ਅਤੇ ਤਾਪ ਬਿਜਲੀ ਘਰਾਂ ਵਿੱਚ ਬਾਲਣ ਵਜੋਂ ਕੀਤੀ ਜਾਂਦੀ ਹੈ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਣਤੇਜ ਸ਼ਰਮਾ ਨੇ ਦੱਸਿਆ ਕਿ ਅਜਿਹੇ ਕਾਰਖਾਨੇ ਖੇਤਾਂ ਤੋਂ ਬਾਹਰ ਪਰਾਲੀ ਦੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਪਰਾਲੀ ਦੀ ਸੁਚੱਜੀ ਵਰਤੋਂ ਲਈ ਬਦਲਵਾਂ ਰਾਹ ਮੁਹੱਈਆ ਕਰਵਾਉਂਦੇ ਹਨ, ਜਿਸ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਚਣ ਵਿੱਚ ਮਦਦ ਮਿਲਦੀ ਹੈ ਅਤੇ ਇਸ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਯੋਗਦਾਨ ਪੈਂਦਾ ਹੈ। ਇਸ ਤੋਂ ਬਾਅਦ ਕਮਿਸ਼ਨ ਦੀ ਟੀਮ ਨੇ ਤਹਿਸੀਲ ਪਾਤੜਾਂ ਦੇ ਪਿੰਡ ਦੁਤਾਲ ਅਤੇ ਪਿੰਡ ਗੁਲਾਹੜ ਦਾ ਦੌਰਾ ਕੀਤਾ। ਇਸ ਦੌਰਾਨ ਖੇਤਾਂ ਵਿੱਚ ਹੀ ਪਰਾਲੀ ਦੇ ਪ੍ਰਬੰਧਨ ਅਤੇ ਖੇਤਾਂ ਤੋਂ ਬਾਹਰ ਇਸ ਦੀ ਵਰਤੋਂ ਸਬੰਧੀ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਟੀਮ ਨੇ ਦੋਵਾਂ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਕਾਲਾ ਰਾਮ ਕਾਂਸਲ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਮਿਸ਼ਨ ਦੀ ਟੀਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਅਤੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸਰਗਰਮ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਖੇਤੀਬਾੜੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਸਮੇਂ ਸਿਰ ਉਪਲਬਧ ਕਰਵਾਉਣ ਦੀ ਪ੍ਰਸ਼ੰਸਾ ਕੀਤੀ। ਕਿਸਾਨਾਂ ਅਨੁਸਾਰ, ਇਸ ਨਾਲ ਉਨ੍ਹਾਂ ਨੂੰ ਪਰਾਲੀ ਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਦੇ ਤਰੀਕੇ ਅਪਣਾਉਣ ਵਿੱਚ ਮਦਦ ਮਿਲੀ ਹੈ ਅਤੇ ਪਰਾਲੀ ਸਾੜਨ ਦੀ ਲੋੜ ਘਟੀ ਹੈ। ਕਮਿਸ਼ਨ ਦੇ ਅਧਿਕਾਰੀਆਂ ਨੇ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦੇ ਖੇਤਾਂ ਵਿੱਚ ਅਤੇ ਖੇਤਾਂ ਤੋਂ ਬਾਹਰ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਟੀਮ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਆਪਣੇ ਯਤਨ ਜਾਰੀ ਰੱਖਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਦੀ ਅਪੀਲ ਕੀਤੀ।
- Download Babushahi App
-
-