1984 ਦੇ ਸਿੱਖ ਕਤਲੇਆਮ ਮਾਮਲੇ 'ਚ ਇਨਸਾਫ਼ ਦੀ ਲੜਾਈ ਜਾਰੀ ਰੱਖਣਗੇ ਮਨਜਿੰਦਰ ਸਿਰਸਾ
ਦਿੱਲੀ ਹਾਈ ਕੋਰਟ ਵਿੱਚ ਖੁਦ ਪੇਸ਼ ਹੋਏ ਸਿਰਸਾ, ਅਗਲੀ ਸੁਣਵਾਈ 30 ਨਵੰਬਰ ਨੂੰ
ਨਵੀਂ ਦਿੱਲੀ, 30 ਅਕਤੂਬਰ 2026: ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਗੁਰਦੁਆਰਾ ਰਕਾਬ ਗੰਜ ਸਾਹਿਬ ਹਮਲੇ ਦੇ ਮਾਮਲੇ ਵਿੱਚ ਖੁਦ ਦਿੱਲੀ ਹਾਈ ਕੋਰਟ ਵਿੱਚ ਪੇਸ਼ ਹੋਏ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਾਂਗਰਸੀ ਆਗੂ ਕਮਲ ਨਾਥ ਦੀ ਕਥਿਤ ਭੂਮਿਕਾ ਦੀ ਮੁੜ ਜਾਂਚ ਕਰਵਾਉਣ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 30 ਨਵੰਬਰ ਤੈਅ ਕੀਤੀ ਹੈ।
ਇਹ ਪਟੀਸ਼ਨ (W.P.(CRL) 180/2022, ਮਨਜਿੰਦਰ ਸਿੰਘ ਸਿਰਸਾ ਬਨਾਮ ਯੂਨੀਅਨ ਆਫ਼ ਇੰਡੀਆ ਅਤੇ ਹੋਰ) ਦਿੱਲੀ ਦੇ ਸੰਸਦ ਮਾਰਗ ਥਾਣੇ ਵਿੱਚ ਦਰਜ FIR ਨੰਬਰ 601/1984 ਨਾਲ ਸਬੰਧਤ ਹੈ। 1 ਨਵੰਬਰ 1984 ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ 'ਤੇ ਭੀੜ ਵੱਲੋਂ ਹਮਲਾ ਕੀਤਾ ਗਿਆ ਸੀ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਹਮਲੇ ਦੌਰਾਨ ਦੋ ਸਿੱਖਾਂ ਨੂੰ ਜਿਊਂਦੇ ਸਾੜ ਦਿੱਤਾ ਗਿਆ ਸੀ।
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੜ ਜਾਂਚ ਕਰਵਾਉਣ ਲਈ ਉਨ੍ਹਾਂ ਨੇ ਲੰਬੇ ਸਮੇਂ ਤੋਂ ਕੋਸ਼ਿਸ਼ਾਂ ਕੀਤੀਆਂ ਹਨ। ਉਹ ਇਸ ਮਾਮਲੇ ਨੂੰ ਲੈ ਕੇ ਉਸ ਸਮੇਂ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਵੀ ਮਿਲੇ ਸਨ। ਸ਼ੁਰੂ ਵਿੱਚ SIT ਨੇ ਇਹ ਕਹਿ ਕੇ ਜਾਂਚ ਕਰਨ ਵਿੱਚ ਅਸਮਰੱਥਾ ਜਤਾਈ ਸੀ ਕਿ ਜਿਸ ਮਾਮਲੇ ਦਾ ਅਦਾਲਤ ਵਿੱਚ ਪਹਿਲਾਂ ਹੀ ਫੈਸਲਾ ਹੋ ਚੁੱਕਾ ਹੈ, ਉਹ ਉਸ ਦੀ ਜਾਂਚ ਨਹੀਂ ਕਰ ਸਕਦੀ। ਇਸ ਤੋਂ ਬਾਅਦ ਉਨ੍ਹਾਂ ਨੇ ਗ੍ਰਹਿ ਮੰਤਰਾਲੇ ਕੋਲ ਮਾਮਲਾ ਚੁੱਕਿਆ, ਜਿਸ ਤੋਂ ਬਾਅਦ SIT ਦੀ ਜਾਂਚ ਦਾ ਦਾਇਰਾ ਵਧਾਇਆ ਗਿਆ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਸਮੇਂ ਇਸ ਮਾਮਲੇ ਦੀ ਮੁੜ ਜਾਂਚ ਦਾ ਰਾਹ ਖੁੱਲ੍ਹਿਆ। ਇਸ ਤੋਂ ਬਾਅਦ SIT ਨੇ ਸੱਤ ਮਾਮਲਿਆਂ ਸਮੇਤ FIR ਨੰਬਰ 601/1984 ਬਾਰੇ ਵੀ ਲੋਕਾਂ ਅਤੇ ਸੰਸਥਾਵਾਂ ਤੋਂ ਜਾਣਕਾਰੀ ਮੰਗਣ ਲਈ ਨੋਟਿਸ ਜਾਰੀ ਕੀਤੇ।
ਇਸ ਮਾਮਲੇ ਵਿੱਚ ਗਵਾਹ ਮੁਖਤਿਆਰ ਸਿੰਘ, ਜੋ ਨਾਨਾਵਤੀ ਕਮਿਸ਼ਨ ਸਾਹਮਣੇ ਵੀ ਆਪਣੀ ਗਵਾਹੀ ਦੇ ਚੁੱਕੇ ਸਨ, ਨੇ ਬਾਅਦ ਵਿੱਚ SIT ਸਾਹਮਣੇ ਵੀ ਆਪਣਾ ਬਿਆਨ ਦਰਜ ਕਰਵਾਇਆ। ਸਿਰਸਾ ਨੇ ਕਿਹਾ ਕਿ ਉਨ੍ਹਾਂ ਨੇ 2018, 2019 ਅਤੇ 2021 ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਕੋਲ ਆਪਣੀਆਂ ਮੰਗਾਂ ਰੱਖੀਆਂ ਸਨ। ਉਨ੍ਹਾਂ ਦੀ ਮੰਗ ਹੈ ਕਿ ਪੁਰਾਣੇ ਗਵਾਹਾਂ ਦੇ ਬਿਆਨਾਂ ਅਤੇ ਪਹਿਲਾਂ ਬਣੇ ਕਮਿਸ਼ਨਾਂ ਸਾਹਮਣੇ ਪੇਸ਼ ਕੀਤੇ ਗਏ ਸਬੂਤਾਂ ਦੀ ਦੁਬਾਰਾ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ।
ਸਿਰਸਾ ਨੇ ਕਿਹਾ ਕਿ ਮੁਖਤਿਆਰ ਸਿੰਘ ਵੱਲੋਂ ਨਾਨਾਵਤੀ ਕਮਿਸ਼ਨ ਸਾਹਮਣੇ ਦਿੱਤੀ ਗਈ ਗਵਾਹੀ ਸਮੇਤ ਹੋਰ ਜਾਣਕਾਰੀਆਂ ਵਿੱਚ ਕਮਲ ਨਾਥ ਦੀ ਕਥਿਤ ਭੂਮਿਕਾ ਬਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਇਸ ਲਈ ਇਨ੍ਹਾਂ ਸਾਰੇ ਤੱਥਾਂ ਦੀ ਕਾਨੂੰਨ ਅਨੁਸਾਰ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਕਾਂਗਰਸ ਪਾਰਟੀ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਗੰਭੀਰ ਦੋਸ਼ਾਂ ਦੇ ਬਾਵਜੂਦ ਕਮਲ ਨਾਥ ਨੂੰ ਪਾਰਟੀ ਵੱਲੋਂ ਵੱਡੇ ਅਹੁਦੇ ਦਿੱਤੇ ਜਾਂਦੇ ਰਹੇ ਹਨ। ਉਹ ਕੇਂਦਰ ਵਿੱਚ ਮੰਤਰੀ ਰਹੇ ਅਤੇ ਬਾਅਦ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਬਣੇ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਇਨ੍ਹਾਂ ਗੰਭੀਰ ਦੋਸ਼ਾਂ ਦੇ ਬਾਵਜੂਦ ਕਮਲ ਨਾਥ ਦਾ ਸਾਥ ਕਿਉਂ ਦਿੰਦਾ ਆ ਰਿਹਾ ਹੈ। ਕਾਂਗਰਸ ਨੂੰ ਸਿੱਖ ਪਰਿਵਾਰਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਇਹ ਲੜਾਈ ਸਿਰਫ਼ ਇੱਕ ਕੇਸ ਦੀ ਨਹੀਂ, ਸਗੋਂ ਉਨ੍ਹਾਂ ਸਿੱਖ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਹੈ, ਜੋ ਪਿਛਲੇ ਕਈ ਦਹਾਕਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਸਿਆਸੀ ਤਾਕਤ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਕਰ ਸਕਦੀ।"
ਉਨ੍ਹਾਂ ਕਿਹਾ ਕਿ ਸਮਾਂ ਬੀਤ ਜਾਣ ਨਾਲ ਸਿੱਖ ਪਰਿਵਾਰਾਂ ਦਾ ਦਰਦ ਖ਼ਤਮ ਨਹੀਂ ਹੋ ਸਕਦਾ। ਉਹ ਇਸ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਆਪਣੀ ਕਾਨੂੰਨੀ ਲੜਾਈ ਜਾਰੀ ਰੱਖਣਗੇ ਅਤੇ ਕਾਨੂੰਨ ਅਨੁਸਾਰ ਹਰ ਸੰਭਵ ਕਦਮ ਚੁੱਕਣਗੇ।
- Download Babushahi App
-
-