ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਮਾਡਲ ਟਾਊਨ ਅਤੇ ਟੀਚਰ ਕਾਲੋਨੀ ਵਿੱਚ ਪ੍ਰੀਮਿਕਸ ਪਾਉਣ ਦਾ ਸ਼ੁਭ ਆਰੰਭ
ਲੋਕਾਂ ਨੂੰ ਮਿਲੇਗੀ ਬਿਹਤਰ ਅਤੇ ਸੁਖਾਲੀ ਆਵਾਜਾਈ ਦੀ ਸਹੂਲਤ
ਅਸ਼ੋਕ ਵਰਮਾ
ਬਠਿੰਡਾ, 31 ਅਕਤੂਬਰ 2026 :ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਰ ਨਿਗਮ ਬਠਿੰਡਾ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਨਗਰ ਨਿਗਮ ਦੇ ਕੌਂਸਲਰ ਸ੍ਰੀ ਉਮੇਸ਼ ਗਰਗ ਗੋਗੀ ਦੇ ਵਾਰਡ ਨੰਬਰ 4 ਅਤੇ ਕੌਂਸਲਰ ਸ੍ਰੀ ਬੇਅੰਤ ਸਿੰਘ ਦੇ ਵਾਰਡ ਨੰਬਰ 6 ਵਿੱਚ ਸਥਿਤ ਮਾਡਲ ਟਾਊਨ ਫੇਜ਼-4 ਅਤੇ ਟੀਚਰ ਕਾਲੋਨੀ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਬਣਾਉਣਾ ਨਗਰ ਨਿਗਮ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਮਾਡਲ ਟਾਊਨ ਫੇਜ਼-4 ਅਤੇ ਟੀਚਰ ਕਾਲੋਨੀ ਵਿੱਚ ਪ੍ਰੀਮਿਕਸ ਕੰਮ ਸ਼ੁਰੂ ਹੋਣ ਨਾਲ ਲੰਬੇ ਸਮੇਂ ਤੋਂ ਬਿਹਤਰ ਸੜਕਾਂ ਦੀ ਮੰਗ ਕਰ ਰਹੇ ਸਥਾਨਕ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਚੰਗੀਆਂ ਸੜਕਾਂ ਕਿਸੇ ਵੀ ਇਲਾਕੇ ਦੇ ਵਿਕਾਸ ਦੀ ਪਛਾਣ ਹੁੰਦੀਆਂ ਹਨ ਅਤੇ ਨਗਰ ਨਿਗਮ ਸ਼ਹਿਰ ਦੇ ਹਰੇਕ ਵਾਰਡ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਵਾ ਰਿਹਾ ਹੈ।
ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਨੂੰ ਆਧੁਨਿਕ, ਸਵੱਛ ਅਤੇ ਵਿਕਸਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਇਸੇ ਸੋਚ ਤਹਿਤ ਬਠਿੰਡਾ ਸ਼ਹਿਰ ਵਿੱਚ ਵੀ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਸਪੱਸ਼ਟ ਟੀਚਾ ਹੈ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਅਤੇ ਸ਼ਹਿਰ ਦੇ ਹਰੇਕ ਇਲਾਕੇ ਤੱਕ ਪਹੁੰਚੇ। ਨਗਰ ਨਿਗਮ ਬਠਿੰਡਾ ਵੀ ਇਸੇ ਲੋਕ-ਹਿੱਤੈਸ਼ੀ ਸੋਚ ਨਾਲ ਕੰਮ ਕਰਦਿਆਂ ਸ਼ਹਿਰ ਦੇ ਪੁਰਾਣੇ ਅਤੇ ਨਵੇਂ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਜਿੱਥੇ ਸੜਕਾਂ ਦੀ ਸਥਿਤੀ ਵਿੱਚ ਸੁਧਾਰ ਦੀ ਲੋੜ ਹੈ, ਉੱਥੇ ਤਰਜੀਹ ਦੇ ਆਧਾਰ ’ਤੇ ਨਿਰਮਾਣ ਅਤੇ ਮੁਰੰਮਤ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਇੱਕ ਆਧੁਨਿਕ ਅਤੇ ਸਹੂਲਤਾਂ ਨਾਲ ਸੰਪੰਨ ਸ਼ਹਿਰ ਬਣਾਉਣ ਲਈ ਨਗਰ ਨਿਗਮ ਦੀ ਟੀਮ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਹਰੇਕ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਬਰਾਬਰ ਤਰਜੀਹ ਦਿੰਦਿਆਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਅਨੁਸਾਰ ਬਠਿੰਡਾ ਨੂੰ ਸਵੱਛ, ਸੁੰਦਰ, ਆਧੁਨਿਕ ਅਤੇ ਵਿਕਸਤ ਸ਼ਹਿਰ ਬਣਾਉਣ ਲਈ ਵਿਕਾਸ ਕਾਰਜਾਂ ਦੀ ਰਫ਼ਤਾਰ ਨਿਰੰਤਰ ਜਾਰੀ ਰਹੇਗੀ।
- Download Babushahi App
-
-