ਮਿਆਰੀ ਸਿਹਤ ਸੇਵਾਵਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਮੁੱਖ ਤਰਜੀਹ: ਸਿਵਲ ਸਰਜਨ
ਡਾ. ਗੀਤਾਂਜਲੀ ਸਿੰਘ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 01 ਨਵੰਬਰ ,2026
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਕੀਤੇ ਗਏ ਪ੍ਰਸ਼ਾਸਕੀ ਫੇਰਬਦਲ ਤਹਿਤ ਡਾ. ਗੀਤਾਂਜਲੀ ਸਿੰਘ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦੇ ਪਤੀ ਡਾ. ਵਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਇੱਥੇ ਜ਼ਿਕਰਯੋਗ ਹੈ ਕਿ ਸਿਵਲ ਸਰਜਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਡਾ ਗੀਤਾਂਜਲੀ ਸਿੰਘ ਮੁੱਖ ਕੈਮੀਕਲ ਐਗਜ਼ਾਮੀਨਰ (ਡਿਪਟੀ ਡਾਇਰੈਕਟਰ), ਖਰੜ ਵਿਖੇ ਸੇਵਾਵਾਂ ਨਿਭਾ ਰਹੇ ਸਨ। ਪੰਜਾਬ ਸਰਕਾਰ ਨੇ ਮਿਤੀ 26.06.2026 ਨੂੰ ਉਨ੍ਹਾਂ ਨੂੰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਦੇ ਅਹੁਦੇ ਤੋਂ ਪਦਉੱਨਤ ਕਰਕੇ ਮੁੱਖ ਕੈਮੀਕਲ ਐਗਜ਼ਾਮੀਨਰ (ਡਿਪਟੀ ਡਾਇਰੈਕਟਰ), ਖਰੜ ਨਿਯੁਕਤ ਕੀਤਾ ਸੀ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਚਰਨਜੀਤ ਕੁਮਾਰ, ਡਾ ਸੋਨੀਆ, ਡਾ ਨੀਨਾ ਸ਼ਾਂਤ, ਡਾ ਸਤਿੰਦਰਜੀਤ ਕੌਰ, ਡਾ ਅਜੇ ਬਸਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ ਰਾਜ ਕੁਮਾਰੀ, ਮੈਡੀਕਲ ਅਫਸਰ ਡਾ ਰਣਜੀਤ ਹਰੀਸ਼, ਸਿਵਲ ਸਰਜਨ ਦੇ ਪੀ.ਏ. ਸ੍ਰੀ ਅਜੇ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਅੰਮ੍ਰਿਤਪਾਲ ਸਿੰਘ, ਮਨਦੀਪ ਸਿੰਘ ਕਾਹਲੋਂ, ਗੁਲਸ਼ਨ ਕੁਮਾਰ ਸਮੇਤ ਸਿਹਤ ਵਿਭਾਗ ਤੇ ਪੀ.ਐੱਚ.ਸੀ.,ਮੁਜ਼ੱਫਰਪੁਰ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਲਦਸਤਾ ਭੇਟ ਕੀਤਾ।
ਅਹੁਦਾ ਸੰਭਾਲਣ ਉਪਰੰਤ ਡਾ. ਗੀਤਾਂਜਲੀ ਸਿੰਘ ਨੇ ਸਿਹਤ ਵਿਭਾਗ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਮਿਹਨਤ, ਲਗਨ, ਇਮਾਨਦਾਰੀ ਅਤੇ ਜਵਾਬਦੇਹੀ ਨਾਲ ਨਿਭਾਏ, ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਨਾਗਰਿਕ ਤੱਕ ਮਿਆਰੀ, ਪਹੁੰਚਯੋਗ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ, ਜ਼ਰੂਰੀ ਦਵਾਈਆਂ, ਜਾਂਚ ਸੇਵਾਵਾਂ ਅਤੇ ਸਨਮਾਨਜਨਕ ਵਿਵਹਾਰ ਯਕੀਨੀ ਬਣਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਕੌਮੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜੱਚਾ-ਬੱਚਾ ਸਿਹਤ ਸੇਵਾਵਾਂ, ਨਸ਼ਾ ਮੁਕਤੀ ਸੇਵਾਵਾਂ, ਮਾਨਸਿਕ ਸਿਹਤ ਸੇਵਾਵਾਂ, ਟੀਕਾਕਰਨ ਮੁਹਿੰਮ, ਟੀ.ਬੀ. ਮੁਕਤ ਭਾਰਤ ਮੁਹਿੰਮ, ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ, ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਆਦਿ ਸ਼ਾਮਲ ਹਨ।
ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਬਿਹਤਰ ਇਲਾਜ, ਦਵਾਈ ਅਤੇ ਕਾਊਂਸਲਿੰਗ ਦੀਆਂ ਸਹੂਲਤਾਂ ਹੋਰ ਬਿਹਤਰ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਮਗਰੋਂ ਫਾਲੋ-ਅੱਪ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਅਤੇ ਪਿੰਡ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਜਾਣਗੀਆਂ।
ਡਾ. ਗੀਤਾਂਜਲੀ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮਾਂ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਕਿਸੇ ਵੀ ਸਿਹਤ ਸਮੱਸਿਆ ਦੀ ਸੂਰਤ ਵਿੱਚ ਨੇੜਲੀ ਸਰਕਾਰੀ ਸਿਹਤ ਸੰਸਥਾ ਤੋਂ ਸਲਾਹ ਤੇ ਇਲਾਜ ਪ੍ਰਾਪਤ ਕਰਨ।
- Download Babushahi App
-
-