ਗੁਰਦਰਸ਼ਨ ਸਿੰਘ ਸੈਣੀ ਵੱਲੋਂ ਪੰਜਾਬ 'ਚ ਨਸ਼ਾ ਸੰਕਟ ਤੇ ਵਿਗੜੇ ਹਾਲਾਤਾਂ ਸੰਬੰਧੀ ਰਾਜਪਾਲ ਨਾਲ ਮੁਲਾਕਾਤ
ਕਿਹਾ, ਪੰਜਾਬ ਦੀ ਸ਼ਾਂਤੀ, ਸੁਰੱਖਿਆ ਤੇ ਅਮਨ-ਕਾਨੂੰਨ ਦੀ ਬਹਾਲੀ ਲਈ ਭਾਜਪਾ ਵਚਨਬੱਧ
ਜ਼ੀਰਕਪੁਰ / 1 ਨਵੰਬਰ (2026):
ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਸ ਗੁਰਦਰਸ਼ਨ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪੰਜਾਬ ਵਿੱਚ ਲਗਾਤਾਰ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ, ਨੌਜਵਾਨ ਪੀੜ੍ਹੀ 'ਤੇ ਪੈ ਰਹੇ ਇਸ ਦੇ ਮਾੜੇ ਪ੍ਰਭਾਵਾਂ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਸਮੇਤ ਕਈ ਅਹਿਮ ਮਸਲੇ ਰਾਜਪਾਲ ਦੇ ਧਿਆਨ ਵਿੱਚ ਲਿਆਂਦੇ ਗਏ।
ਮੁਲਾਕਾਤ ਤੋਂ ਉਪਰੰਤ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਵਧਦਾ ਰੁਝਾਨ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨਸ਼ਿਆਂ ਕਾਰਨ ਜਿੱਥੇ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਹੀ ਪਰਿਵਾਰਕ ਅਤੇ ਸਮਾਜਿਕ ਢਾਂਚੇ 'ਤੇ ਵੀ ਇਸ ਦੇ ਮਾੜੇ ਪ੍ਰਭਾਵ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਰਾਜਪਾਲ ਵੱਲੋਂ ਵੀ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਨਾਲ ਪੰਜਾਬ ਦੇ ਭਵਿੱਖ ਅਤੇ ਮੌਜੂਦਾ ਚੁਣੌਤੀਆਂ ਬਾਰੇ ਵੀ ਚਰਚਾ ਹੋਈ।
ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਸਰਕਾਰ ਬਣਨ 'ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਮੁੜ ਮਜ਼ਬੂਤ ਕਰਨ, ਨਸ਼ਿਆਂ ਦੇ ਖਾਤਮੇ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਨੌਜਵਾਨਾਂ ਦਾ ਸੁਨਹਿਰੀ ਭਵਿੱਖ ਭਾਜਪਾ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਦੇ ਸਪੁੱਤਰ ਹਰਦੀਪ ਸਿੰਘ ਸੈਣੀ, ਵਿਮਲ ਜੈਨ ਕਾਨਫਰੰਸ ਦਿੱਲੀ ਦੇ ਵਾਈਸ ਪ੍ਰਧਾਨ, ਸਨਤ ਭਾਰਦਵਾਜ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
- Download Babushahi App
-
-