ਅਮਿਤ ਸ਼ਾਹ ਦਾ ਕਾਂਗਰਸ 'ਤੇ ਵੱਡਾ ਹਮਲਾ: 1984 ਦੇ ਸਿੱਖ ਕਤਲੇਆਮ ਦੀ ਯਾਦ ਦਿਵਾਉਂਦਿਆਂ ਕਿਹਾ— "ਰਾਹੁਲ ਗਾਂਧੀ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੇ ਨੇ"
ਰਵੀ ਜੱਖੂ
ਚੰਡੀਗੜ੍ਹ, 1 ਨਵੰਬਰ, 2026 : ਚੰਡੀਗੜ੍ਹ ਦੌਰੇ 'ਤੇ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ 'ਤੇ ਸਿਆਸੀ ਤੌਰ 'ਤੇ ਤਿੱਖੇ ਹਮਲੇ ਬੋਲੇ ਹਨ। ਅਮਿਤ ਸ਼ਾਹ ਨੇ ਕਿਹਾ ਕਿ 1 ਨਵੰਬਰ ਦਾ ਦਿਨ ਇਤਿਹਾਸ ਵਿੱਚ ਬਹੁਤ ਦੁਖਦਾਈ ਹੈ ਕਿਉਂਕਿ 1 ਨਵੰਬਰ 1984 ਨੂੰ ਦਿੱਲੀ ਵਿੱਚ ਕਾਂਗਰਸ-ਪ੍ਰੇਰਿਤ ਕਤਲੇਆਮ ਦੌਰਾਨ ਹਜ਼ਾਰਾਂ ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ ਅਤੇ ਲੋਕਾਂ ਨੂੰ ਜ਼ਿੰਦਾ ਸਾੜਿਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਵੱਡੇ ਦਰੱਖਤ ਡਿੱਗਣ ਵਾਲਾ ਬਿਆਨ ਦਿੱਤਾ ਸੀ, ਜਦਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੰਗਿਆਂ ਦੇ ਕੇਸਾਂ ਨੂੰ ਦੁਬਾਰਾ ਖੋਲ੍ਹ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਹਨ।
ਗ੍ਰਹਿ ਮੰਤਰੀ ਨੇ ਕਾਂਗਰਸ ਵੱਲੋਂ ਅੱਜ ਦਿੱਲੀ ਵਿੱਚ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਅਸੀਂ ਪਹਿਲਾਂ ਹੀ ਅਪੀਲ ਕੀਤੀ ਸੀ ਕਿ ਇਸ ਦਿਨ ਅਜਿਹੀ ਰੈਲੀ ਨਾ ਕੀਤੀ ਜਾਵੇ ਕਿਉਂਕਿ ਇਸ ਨਾਲ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ, ਪਰ ਰਾਹੁਲ ਗਾਂਧੀ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੇ ਹਨ। ਉਨ੍ਹਾਂ ਵਿਅੰਗ ਕੱਸਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੀ 'ਪਿਆਰ ਦੀ ਦੁਕਾਨ' ਤੋਂ ਨਫ਼ਰਤ ਤੋਂ ਇਲਾਵਾ ਕੁਝ ਨਹੀਂ ਮਿਲਿਆ ਅਤੇ ਉਹ ਮਖੌਲੀ ਸੰਸਦ ਵਿੱਚ ਹੀ ਪ੍ਰਧਾਨ ਮੰਤਰੀ ਬਣੇ ਰਹਿਣ, ਕਿਉਂਕਿ ਅਸਲੀ ਤੌਰ 'ਤੇ ਉਨ੍ਹਾਂ ਦਾ ਇਹ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਨੇ ਪਿਛਲੀਆਂ ਤਿੰਨ ਚੋਣਾਂ ਵਿੱਚ ਵੀ ਦਿੱਲੀ ਵਿੱਚ ਆਪਣਾ ਖਾਤਾ ਨਹੀਂ ਖੋਲ੍ਹਿਆ ਅਤੇ ਆਉਣ ਵਾਲੀਆਂ ਤਿੰਨ ਚੋਣਾਂ ਵਿੱਚ ਵੀ ਉਸਨੂੰ ਵਿਰੋਧੀ ਧਿਰ ਵਿੱਚ ਹੀ ਬੈਠਣਾ ਪਵੇਗਾ।
ਇਸ ਦੌਰਾਨ ਅਮਿਤ ਸ਼ਾਹ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਪੂਰੇ ਦੇਸ਼ ਨੂੰ 31 ਦਸੰਬਰ, 2029 ਤੱਕ ਪੂਰੀ ਤਰ੍ਹਾਂ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।
- Download Babushahi App
-
-