ਸਹਿਕਾਰੀ ਸਭਾਵਾਂ ਦੇ ਨਿਯਮਾਂ ’ਚ ਸੋਧਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ
ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਹੀਂ ਸਰਕਾਰ ਨੂੰ ਭੇਜਿਆ ਮੰਗ ਪੱਤਰ, ਨਵੀਆਂ ਧਾਰਾਵਾਂ ਵਾਪਸ ਲੈਣ ਦੀ ਕੀਤੀ ਮੰਗ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 2 ਨਵੰਬਰ (): ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਵੱਲੋਂ ਅੱਜ ਜ਼ਿਲ੍ਹਾ ਕਚਹਿਰੀ ਵਿਖੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਦੇ ਨਿਯਮਾਂ ਵਿੱਚ ਕੀਤੀਆਂ ਸੋਧਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਨ੍ਹਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਨਿਯਮਾਂ ਵਿੱਚ ਕੀਤੀਆਂ ਸੋਧਾਂ ਨਾਲ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਵੇਗਾ ਅਤੇ ਸਹਿਕਾਰੀ ਸਭਾਵਾਂ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਪੰਜਾਬ ਕੋਆਪਰੇਟਿਵ ਸੋਸਾਇਟੀਜ਼ ਐਕਟ, 1961 ਅਧੀਨ ਰਜਿਸਟਰਡ ਹਨ ਅਤੇ ਇਨ੍ਹਾਂ ਦਾ ਕੰਮ ਪਹਿਲਾਂ ਤੋਂ ਨਿਰਧਾਰਤ ਨਿਯਮਾਂ ਅਨੁਸਾਰ ਚੱਲ ਰਿਹਾ ਸੀ।
ਕਿਸਾਨ ਆਗੂਆਂ ਨੇ ਕਿਹਾ ਕਿ ਨਵੇਂ ਨਿਯਮਾਂ ਤਹਿਤ ਮੈਂਬਰਾਂ ਦੀ ਹਿੱਸੇਦਾਰੀ ਦੁੱਗਣੀ ਅਤੇ ਤਿੱਗਣੀ ਤੱਕ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦੋ ਲੱਖ ਰੁਪਏ ਤੋਂ ਵੱਧ ਕਰਜ਼ਾ ਲੈਣ ਵਾਲੇ ਕਿਸਾਨਾਂ ਲਈ ਆਪਣੀ ਜ਼ਮੀਨ ਗਹਿਣੇ ਰੱਖਣ ਦੀ ਸ਼ਰਤ ਲਾਗੂ ਕੀਤੀ ਗਈ ਹੈ, ਜਦਕਿ ਕਰਜ਼ੇ ਦੀ ਸੁਰੱਖਿਆ ਲਈ ਪਹਿਲਾਂ ਹੀ ਐਕਟ ਵਿੱਚ ਵਿਵਸਥਾ ਮੌਜੂਦ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕਿਸਾਨ ਸਹਿਕਾਰੀ ਸਭਾ ਤੋਂ ਇਲਾਵਾ ਕਿਸੇ ਹੋਰ ਬੈਂਕ ਤੋਂ ਫ਼ਸਲੀ ਕਰਜ਼ਾ ਲੈਂਦਾ ਹੈ ਤਾਂ ਉਸ ਤੋਂ ਚਾਰ ਫ਼ੀਸਦੀ ਦੀ ਬਜਾਏ 11 ਫ਼ੀਸਦੀ ਵਿਆਜ ਵਸੂਲਣ ਦੀ ਵਿਵਸਥਾ ਕੀਤੀ ਗਈ ਹੈ। ਕਿਸਾਨ ਆਗੂਆਂ ਅਨੁਸਾਰ ਸਹਿਕਾਰੀ ਸਭਾਵਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਘੱਟ ਵਿਆਜ ਦਰਾਂ ’ਤੇ ਕਰਜ਼ਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਪਰ ਨਵੀਆਂ ਸੋਧਾਂ ਇਸ ਮਕਸਦ ਦੇ ਉਲਟ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਨਿਯਮਾਂ ਅਤੇ ਧਾਰਾਵਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਡਿਪਟੀ ਰਜਿਸਟਰਾਰ ਰਾਹੀਂ ਸਰਕਾਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਮੌਕੇ ਰਸਪਾਲ ਸਿੰਘ ਐਡਵੋਕੇਟ, ਰਜਿੰਦਰ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ, ਬਲਵਿੰਦਰ ਸਿੰਘ ਬਾਜਵਾ, ਧਰਮਿੰਦਰ ਸਿੰਘ ਬਾਬਾ, ਅਜੀਤ ਸਿੰਘ ਕਾਲੜੂ, ਸੁੱਚਾ ਸਿੰਘ ਮਿਰਜ਼ਾਪੁਰ, ਚੰਨ ਮੋਮੀ, ਹਰਜਿੰਦਰ ਸਿੰਘ ਰਾਣਾ ਪ੍ਰਧਾਨ, ਮਨਜਿੰਦਰ ਕੰਵਲ, ਰਘਵੀਰ ਸਿੰਘ ਮਹਿਰਵਾਲਾ ਕਾਰਜਕਾਰੀ ਪ੍ਰਧਾਨ, ਜਥੇਦਾਰ ਪਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਨਿਰਮਲਜੀਤ ਸਿੰਘ, ਅਜੈ ਪੰਨੂ, ਹਰਬੰਸ ਸਿੰਘ, ਕੁਲਵਿੰਦਰ ਸਿੰਘ ਭੰਡਾਲ, ਨਿਰਮਲ ਸਿੰਘ ਸ਼ੇਰਪੁਰ, ਸੱਦਾ, ਅਮਰਜੀਤ ਸਿੰਘ, ਸੁਰਜੀਤ ਸਿੰਘ, ਮਹਿੰਗਾ ਸਿੰਘ, ਕੇਵਲ ਸਿੰਘ, ਸਰਵਨ ਸਿੰਘ ਸੰਘਾ, ਬਖਸ਼ੀਸ਼ ਸਿੰਘ, ਅੰਮ੍ਰਿਤ ਪਾਲ ਸਿੰਘ, ਪ੍ਰੈਸ ਸਾਨੀ, ਗੁਰਕਵਲ ਸਿੰਘ, ਮਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਕਵਲਪ੍ਰੀਤ ਸਿੰਘ, ਮਨਿੰਦਰ ਵਰਮਾ, ਚਰਨਜੀਤ ਸਿੰਘ, ਸੰਦੀਪ ਸ਼ਰਮਾ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਰਤੜਾ, ਕਰਮਜੀਤ ਸਿੰਘ, ਸੀਤਲ ਸਿੰਘ, ਤੀਰਥ ਸਿੰਘ, ਲੁਭਾਇਆ ਸਿੰਘ ਸੰਘਾ, ਮਲਕੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।
- Download Babushahi App
-
-