ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟਗੁਰੂ ਦੇ ਲਾਭਪਾਤਰੀਆਂ ਨੂੰ ਮਾਲਕੀ ਦਸਤਾਵੇਜ਼ ਵੰਡੇ
ਹਰ ਪਰਿਵਾਰ ਨੂੰ ਘਰ ਦਾ ਮਾਲਕ ਬਣਾਉਣਾ ਪੰਜਾਬ ਸਰਕਾਰ ਦੀ ਤਰਜੀਹ : ਗੋਪਾਲ ਸਿੰਘ ਕੋਟਫੱਤਾ
ਅਸ਼ੋਕ ਵਰਮਾ
ਸੰਗਤ ਮੰਡੀ, 04 ਨਵੰਬਰ2026: ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਬਠਿੰਡਾ ਦਿਹਾਤੀ ਹਲਕੇ ਦੇ ਤਿੰਨ ਪਿੰਡਾਂ ਵਿੱਚ ਲਾਭਪਾਤਰੀਆਂ ਨੂੰ ਮਾਲਕੀ ਸਬੰਧੀ ਦਸਤਾਵੇਜ਼ ਵੰਡੇ ਗਏ। ਇਸ ਮੌਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਪਿੰਡ ਕੋਟਗੁਰੂ ਵਿਖੇ ਲਾਭਪਾਤਰੀਆਂ ਨੂੰ ਦਸਤਾਵੇਜ਼ ਸੌਂਪੇ ਗਏ।ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਹਰ ਪਰਿਵਾਰ ਨੂੰ ਆਪਣੇ ਘਰ ਦਾ ਕਾਨੂੰਨੀ ਮਾਲਕ ਬਣਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਦੇ ਅੰਦਰ ਲੰਮੇ ਸਮੇਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਜਿੱਥੇ ਉਨ੍ਹਾਂ ਦੇ ਹੱਕਾਂ ਨੂੰ ਕਾਨੂੰਨੀ ਮਾਨਤਾ ਅਤੇ ਸੁਰੱਖਿਆ ਮਿਲੇਗੀ, ਉੱਥੇ ਹੀ ਲੋਕਾਂ ਦਾ ਆਪਣੇ ਘਰਾਂ ਪ੍ਰਤੀ ਮਾਲਕੀ ਦਾ ਸੁਪਨਾ ਵੀ ਸਾਕਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਇਨ੍ਹਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਇਸ ਮੌਕੇ ਸਿੱਖਿਆ ਕੋਆਰਡੀਨੇਟਰ ਜਸਵੰਤ ਸਿੰਘ ਸੋਮਾ, ਸਰਪੰਚ ਕੁਲਵਿੰਦਰ ਸਿੰਘ, ਨੰਬਰਦਾਰ ਭੁੱਲਰ ਸਿੰਘ, ਪੰਚ ਬਿੰਦਰ ਸਿੰਘ, ਅਵਤਾਰ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਪੰਚ ਗੁਰਦਾਸ ਸਿੰਘ, 'ਆਪ' ਆਗੂ ਬਲਜੀਤ ਸਿੰਘ, ਕਾਬਲ ਸਿੰਘ ਅਤੇ ਸਾਬਕਾ ਪੰਚ ਜਸਕਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
- Download Babushahi App
-
-