ਰੋਬੀ ਕੰਗ ਨੇ ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਐੱਸ.ਸੀ./ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਕਰਨ ਦੀ ਕੀਤੀ ਮੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ 4 ਨਵੰਬਰ ,2026
ਕਾਂਗਰਸ ਦੇ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਹੋਈ ਕਥਿਤ ਕੁੱਟਮਾਰ ਦੇ ਮਾਮਲੇ ਨੇ ਸਿਆਸੀ ਰੰਗ ਧਾਰ ਲਿਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਜ਼ੋਰਦਾਰ ਰੋਸ ਧਰਨਾ ਦੇ ਕੇ ਕਾਂਗਰਸ ਦੀ ਕਥਿਤ ਦਲਿਤ ਵਿਰੋਧੀ ਸੋਚ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ।
ਧਰਨੇ ਵਿੱਚ ਹਲਕਾ ਇੰਚਾਰਜ ਜਸਪ੍ਰੀਤ ਸਿੰਘ (ਰੋਬੀ ਕੰਗ) ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਮੰਗ ਕੀਤੀ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਹੋਈ ਕਥਿਤ ਕੁੱਟਮਾਰ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਐੱਸ.ਸੀ./ਐੱਸ.ਟੀ. ਐਕਟ ਸਮੇਤ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਰੋਬੀ ਕੰਗ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਬਰਾਬਰ ਸਨਮਾਨ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਸਨਮਾਨ ਅਤੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਮਾਮਲੇ ਵਿੱਚ ਤੁਰੰਤ ਅਤੇ ਨਿਰਪੱਖ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਸੰਗਠਨ ਇੰਚਾਰਜ ਡਾ. ਕਮਲਜੀਤ, ਜ਼ਿਲ੍ਹਾ ਯੂਥ ਪ੍ਰਧਾਨ ਲੱਕੀ ਲਾਧੜ, ਬਲਾਕ ਪ੍ਰਧਾਨ ਲੱਡੂ ਮਹਾਲੋਂ, ਵਰਿੰਦਰ ਸ਼ਾਹਪੁਰ, ਵਿੱਕੀ ਸਰਪੰਚ ਅਤੇ ਸਰਪੰਚ ਜੱਸਾ ਸਜਾਵਲਪੁਰ ਸਮੇਤ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਅਤੇ ਵਰਕਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਧਰਨੇ ਦੌਰਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਦਲਿਤ ਭਾਈਚਾਰੇ ਨਾਲ ਕਿਸੇ ਵੀ ਕਥਿਤ ਧੱਕੇਸ਼ਾਹੀ ਜਾਂ ਬੇਇਨਸਾਫ਼ੀ ਨੂੰ ਚੁੱਪਚਾਪ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਾਨੂੰਨੀ ਤੇ ਲੋਕਤੰਤਰਿਕ ਮੰਚ ’ਤੇ ਆਵਾਜ਼ ਉਠਾਈ ਜਾਵੇਗੀ।
- Download Babushahi App
-
-