ਡਾ. ਓਬਰਾਏ ਦੇ ਯਤਨਾਂ ਸਦਕਾ ਲੁਧਿਆਣਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
31 ਸਾਲਾ ਅਜੇ ਕੁਮਾਰ ਦੀ ਬੀਤੀ 27 ਜੁਲਾਈ ਨੂੰ ਦੁਬਈ 'ਚ ਹੋ ਗਈ ਸੀ ਮੌਤ- ਡਾ. ਓਬਰਾਏ ਨੇ ਹੁਣ ਤੱਕ 480 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ
ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,7 ਨਵੰਬਰ 2026- ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ਲੁਧਿਆਣਾ ਨਾਲ ਸੰਬੰਧਿਤ 31 ਸਾਲਾ ਨੌਜਵਾਨ ਰਮਨਦੀਪ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਰਮਨਦੀਪ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਤਿੰਨ ਸਾਲ ਪਹਿਲਾਂ ਕੰਮਕਾਜ ਲਈ ਦੁਬਈ ਆਇਆ ਸੀ ਕਿ ਬੀਤੀ 27 ਜੁਲਾਈ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੀ ਅਮਰੀਕਾ ਵਿਚ ਰਹਿੰਦੀ ਭੈਣ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੇ ਪਰਿਵਾਰ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਸੀ।
ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਰਮਨਦੀਪ ਕੁਮਾਰ ਦਾ ਮ੍ਰਿਤਕ ਸਰੀਰ ਅੰਮ੍ਰਿਤਸਰ ਹਵਾਈ ਅੱਡੇ ਵਿਖੇ ਭੇਜਿਆ ਹੈ। ਜਿਸ ਉਪਰੰਤ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਮਨਪ੍ਰੀਤ ਸਿੰਘ ਸੰਧੂ ਦੀ ਦੇਖ-ਰੇਖ 'ਚ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਨੂੰ ਲੁਧਿਆਣਾ ਵਿਖੇ ਉਸਦੇ ਘਰ ਤੱਕ ਵੀ ਪਹੁੰਚਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਮਨਦੀਪ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ।
ਹਵਾਈ ਅੱਡੇ ਤੇ ਮ੍ਰਿਤਕ ਸਰੀਰ ਲੈਣ ਪਹੁੰਚੇ ਰਮਨਦੀਪ ਦੇ ਭਰਾ ਅਜੇ ਕੁਮਾਰ ਅਤੇ ਅਸ਼ਵਨੀ ਕੁਮਾਰ ਤੋਂ ਇਲਾਵਾ ਸਮੁੱਚੇ ਪੀੜਤ ਪਰਿਵਾਰ ਨੇ ਇਸ ਵੱਡੇ ਉਪਰਾਲੇ ਲਈ ਡਾ.ਐੱਸ.ਪੀ.ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਉਨ੍ਹਾਂ ਨੂੰ ਰਮਨਦੀਪ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ। ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 480 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਿਦੇਸ਼ਾਂ ਤੋਂ ਲਿਆ ਕੇ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
- Download Babushahi App
-
-