ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ 11 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਯੁਵਕ ਮੇਲੇ ਦਾ ਪੋਸਟਰ ਜਾਰੀ
ਅਸ਼ੋਕ ਵਰਮਾ
ਬਠਿੰਡਾ, 9 ਨਵੰਬਰ 2026 :ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵੱਲੋਂ ਆਪਣਾ 11ਵਾਂ ਅੰਤਰ-ਜ਼ੋਨਲ ਯੁਵਕ ਮੇਲਾ 11 ਤੋਂ 13 ਨਵੰਬਰ ਤੱਕ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਕਰਵਾਇਆ ਜਾ ਰਿਹਾ ਹੈ। ਤਿੰਨ ਰੋਜ਼ਾ ਇਹ ਸੱਭਿਆਚਾਰਕ ਮਹਾਂਉਤਸਵ ਪੰਜਾਬ ਦੀ ਕਲਾਤਮਕ ਪ੍ਰਤਿਭਾ, ਸਿਰਜਣਾਤਮਕਤਾ ਅਤੇ ਅਮੀਰ ਵਿਰਾਸਤ ਨੂੰ ਸਮਰਪਿਤ ਹੋਵੇਗਾ। ਮੇਲੇ ਦਾ ਵਿਸ਼ਾ 'ਜੁੱਗ ਜੁੱਗ ਜੀਵੇ ਪੰਜਾਬ' ਰੱਖਿਆ ਗਿਆ ਹੈ।ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਉਪ-ਕੁਲਪਤੀ ਪ੍ਰੋ. ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਮੇਲੇ ਦਾ ਉਦਘਾਟਨ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਮੁੱਖ ਮਹਿਮਾਨ ਵਜੋਂ ਕਰਨਗੇ। ਤਿੰਨ ਰੋਜ਼ਾ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਅਤੇ ਪਤਵੰਤੇ ਸੱਜਣ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਨਗੇ।
ਇਸ ਯੁਵਕ ਮੇਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਸ਼ਾਨਾਮੱਤੇ ਵਿਰਸੇ, ਪੰਜਾਬੀ ਭਾਸ਼ਾ, ਲੋਕ-ਪਰੰਪਰਾਵਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਕਲਾ ਤੇ ਪ੍ਰਤਿਭਾ ਨੂੰ ਨਿਖਾਰਨ ਲਈ ਢੁੱਕਵਾਂ ਮੰਚ ਪ੍ਰਦਾਨ ਕਰਨਾ ਹੈ।
ਯੂਨੀਵਰਸਿਟੀ ਦੇ ਵੱਖ-ਵੱਖ ਅਫ਼ਿਲੇਟਡ ਅਤੇ ਘਟਕ ਕਾਲਜਾਂ ਦੇ ਸੈਂਕੜੇ ਵਿਦਿਆਰਥੀ ਇਸ ਮੇਲੇ ਵਿੱਚ ਵੱਖ-ਵੱਖ ਸੱਭਿਆਚਾਰਕ, ਸਾਹਿਤਕ ਅਤੇ ਕਲਾਤਮਕ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।
ਮੇਲੇ ਦੌਰਾਨ ਗਿੱਧਾ, ਭੰਗੜਾ, ਸ਼ਾਸਤਰੀ ਅਤੇ ਪੱਛਮੀ ਸੰਗੀਤ, ਸੋਲੋ ਅਤੇ ਸਮੂਹ ਗਾਇਨ, ਸਾਜ਼ ਸੰਗੀਤ, ਕਵਿਤਾ ਉਚਾਰਨ, ਬਹਿਸ, ਭਾਸ਼ਣ, ਲਲਿਤ ਕਲਾਵਾਂ, ਚਿੱਤਰਕਾਰੀ, ਪੋਸਟਰ ਮੇਕਿੰਗ, ਕੋਲਾਜ ਮੇਕਿੰਗ, ਕਾਰਟੂਨਿੰਗ ਅਤੇ ਨਾਟਕ ਸਮੇਤ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ।
ਉਪ-ਕੁਲਪਤੀ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੀ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਲੀਡਰਸ਼ਿਪ ਦੇ ਗੁਣ, ਟੀਮ ਭਾਵਨਾ, ਸੱਭਿਆਚਾਰਕ ਚੇਤਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ।
ਯੂਨੀਵਰਸਿਟੀ ਦੇ ਡਾਇਰੈਕਟਰ ਯੁਵਕ ਭਲਾਈ ਡਾ. ਇਕਬਾਲ ਸਿੰਘ ਬਰਾੜ ਨੇ ਕਿਹਾ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ, ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦਾ ਜਸ਼ਨ ਮਨਾਉਣ ਅਤੇ ਪੰਜਾਬੀ ਰਵਾਇਤਾਂ ਨਾਲ ਆਪਣੀ ਸਾਂਝ ਹੋਰ ਮਜ਼ਬੂਤ ਕਰਨ ਦਾ ਸ਼ਾਨਦਾਰ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਯੁਵਕ ਭਲਾਈ ਵਿਭਾਗ ਵੱਲੋਂ ਸਾਰੇ ਮੁਕਾਬਲਿਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਪਰਮਜੀਤ ਸਿੰਘ ਨੇ ਦੱਸਿਆ ਕਿ ਮੇਲੇ ਦੇ ਸਫ਼ਲ ਆਯੋਜਨ ਲਈ ਵਿਸਤ੍ਰਿਤ ਪ੍ਰਬੰਧਕੀ ਅਤੇ ਲੋੜੀਂਦੇ ਬੁਨਿਆਦੀ ਪ੍ਰਬੰਧ ਕੀਤੇ ਗਏ ਹਨ। ਇਸ ਵੱਡੇ ਸਮਾਗਮ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਯੂਨੀਵਰਸਿਟੀ ਦੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ।
ਯੁਵਕ ਮੇਲੇ ਦੀ ਸਮਾਪਤੀ 13 ਨਵੰਬਰ ਨੂੰ ਸਮਾਪਤੀ ਸਮਾਰੋਹ ਅਤੇ ਜੇਤੂ ਵਿਦਿਆਰਥੀਆਂ ਦੇ ਸਨਮਾਨ ਨਾਲ ਹੋਵੇਗੀ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਕਲਾਕਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਜਾਵੇਗੀ।
- Download Babushahi App
-
-