ਵੱਡੀ ਖ਼ਬਰ: ਕੀ MP ਅੰਮ੍ਰਿਤਪਾਲ ਨੂੰ ਮਿਲੇਗੀ ਪੈਰੋਲ?
ਅੰਮ੍ਰਿਤਪਾਲ ਸਿੰਘ ਨੂੰ ਮਿਲੇ ਬੁਨਿਆਦੀ ਮਨੁੱਖੀ ਅਧਿਕਾਰ: ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਚੁੱਕੇ ਦੋਹਰੇ ਮਾਪਦੰਡਾਂ 'ਤੇ ਸਵਾਲ
Babushahi Network
ਚੰਡੀਗੜ੍ਹ, 10 ਨਵੰਬਰ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅਕਾਲ ਚਲਾਣੇ ਤੋਂ ਬਾਅਦ, ਉਹਨਾਂ ਦੇ ਅੰਤਿਮ ਦਰਸ਼ਨਾਂ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੇ ਜਾਣ ਦੀ ਮੰਗ ਜ਼ੋਰ-ਸ਼ੋਰ ਨਾਲ ਉੱਠ ਰਹੀ ਹੈ।
ਮੀਡੀਆ ਰਿਪੋਰਟਸ ਮੁਤਾਬਿਕ, ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਪੈਰੋਲ ਲਈ ਅਦਾਲਤ ਵਿੱਚ ਇੱਕ ਪਟੀਸ਼ਨ ਵੀ ਦਾਖਲ ਕੀਤੀ ਗਈ ਹੈ। ਇਸ ਦੌਰਾਨ ਪਰਿਵਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਦਾਦੀ ਦਾ ਅੰਤਿਮ ਸੰਸਕਾਰ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ, ਤਾਂ ਜੋ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰਕ ਫਰਜ਼ ਨਿਭਾਉਂਦਿਆਂ ਆਪਣੀ ਦਾਦੀ ਨੂੰ ਅੰਤਿਮ ਵਿਦਾਈ ਦੇ ਸਕਣ।
ਇਸ ਸੰਵੇਦਨਸ਼ੀਲ ਮੁੱਦੇ 'ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਨੇ ਸਰਕਾਰਾਂ ਅਤੇ ਪ੍ਰਸ਼ਾਸਨ ਦੇ ਦੋਹਰੇ ਮਾਪਦੰਡਾਂ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕਿਸੇ ਵੀ ਪੋਤੇ ਨੂੰ ਉਸ ਦੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੇ ਬੁਨਿਆਦੀ ਅਧਿਕਾਰ ਤੋਂ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ।
ਇਆਲੀ ਨੇ ਕਿਹਾ ਕਿ ਇੱਕ ਪਾਸੇ ਸੰਗੀਨ ਅਤੇ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਦੂਜੇ ਪਾਸੇ ਸਿੱਖ ਕੈਦੀਆਂ ਅਤੇ ਰਾਜਨੀਤਿਕ ਬੰਦੀਆਂ ਨੂੰ ਬੁਨਿਆਦੀ ਮਨੁੱਖੀ ਰਾਹਤਾਂ ਅਤੇ ਅਧਿਕਾਰਾਂ ਤੋਂ ਵੀ ਇਨਕਾਰ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਸਰਕਾਰ ਨੂੰ ਦੋਹਰੇ ਮਾਪਦੰਡਾਂ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਦੇਰੀ ਦੇ ਅੰਮ੍ਰਿਤਪਾਲ ਸਿੰਘ ਨੂੰ ਕੁਝ ਦਿਨਾਂ ਦੀ ਪੈਰੋਲ ਦੇਣੀ ਚਾਹੀਦੀ ਹੈ।
ਦਾਦੀ ਦੇ ਦੇਹਾਂਤ ਤੋਂ ਬਾਅਦ 'ਵਾਰਸ ਪੰਜਾਬ ਦੇ' ਅਤੇ ਸਮਰਥਕਾਂ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਪਰਿਵਾਰਕ ਦੁੱਖ ਵਿੱਚ ਸ਼ਰੀਕ ਹੋਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਇਸ ਬਾਰੇ ਕਾਨੂੰਨੀ ਰਾਹ ਅਪਣਾਉਂਦਿਆਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਹੁਣ ਸਭ ਦੀਆਂ ਨਜ਼ਰਾਂ ਅਦਾਲਤ ਦੇ ਆਉਣ ਵਾਲੇ ਫੈਸਲੇ ਅਤੇ ਸਰਕਾਰ ਦੇ ਰੁੱਖ 'ਤੇ ਟਿਕੀਆਂ ਹੋਈਆਂ ਹਨ।
- Download Babushahi App
-
-