34 ਸਾਲਾਂ ਬਾਅਦ ਮਿਲੇਗਾ ਇਨਸਾਫ਼: ਅਗਵਾ ਤੇ ਲਾਪਤਾ ਮਾਮਲੇ 'ਚ ਸਾਬਕਾ SSP ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
ਮੁੱਖ ਮੁਲਜ਼ਮ ਸਣੇ 4 ਪੁਲਿਸ ਮੁਲਾਜ਼ਮਾਂ ਦੀ ਹੋ ਚੁੱਕੀ ਹੈ ਮੌਤ
ਬਾਬੂਸ਼ਾਹੀ ਬਿਊਰੋ
ਮੋਹਾਲੀ, 12 ਨਵੰਬਰ, 2026 : ਸਾਲ 1992 ਵਿੱਚ ਲੁਧਿਆਣਾ ਦੇ ਇੱਕ ਟਰਾਂਸਪੋਰਟਰ ਨੂੰ ਵਿਆਹ ਸਮਾਗਮ ਵਿੱਚੋਂ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ (CBI) ਅਦਾਲਤ ਵੱਲੋਂ ਅੱਜ ਪੰਜਾਬ ਪੁਲਿਸ ਦੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਸਜ਼ਾ ਸੁਣਾਈ ਜਾਵੇਗੀ। ਬੀਤੇ ਕੱਲ੍ਹ (11 ਨਵੰਬਰ) ਅਦਾਲਤ ਨੇ ਰੰਧਾਵਾ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਘਟਨਾ ਦੇ ਲਗਭਗ 34 ਸਾਲਾਂ ਬਾਅਦ ਆਏ ਇਸ ਫ਼ੈਸਲੇ ਨਾਲ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਜ਼ਿਕਰਯੋਗ ਹੈ ਕਿ ਅਗਵਾ ਵੇਲੇ ਰੰਧਾਵਾ ਡੀ.ਐੱਸ.ਪੀ. ਵਜੋਂ ਤਾਇਨਾਤ ਸਨ ਅਤੇ ਕੇਸ ਚੱਲਣ ਦੌਰਾਨ ਉਨ੍ਹਾਂ ਨੂੰ ਤਰੱਕੀ ਦੇ ਕੇ ਐੱਸ.ਐੱਸ.ਪੀ. ਬਣਾਇਆ ਗਿਆ ਸੀ, ਜਦਕਿ ਇਸ ਸਾਜ਼ਿਸ਼ ਦੇ ਮੁੱਖ ਸੂਤਰਧਾਰ ਮੰਨੇ ਜਾਂਦੇ ਤਤਕਾਲੀ ਐੱਸ.ਐੱਸ.ਪੀ. ਅਜੀਤ ਸਿੰਘ ਸੰਧੂ ਸਮੇਤ 4 ਮੁਲਜ਼ਮ ਪੁਲਿਸ ਮੁਲਾਜ਼ਮਾਂ ਦੀ ਮੁਕੱਦਮੇ ਦੌਰਾਨ ਮੌਤ ਹੋ ਚੁੱਕੀ ਹੈ।
25 ਨਵੰਬਰ, 1992 ਨੂੰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਆਪਣੀ ਭਰਜਾਈ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਹੋਟਲ ਅਮਲਤਾਸ ਗਏ ਸਨ, ਜਿੱਥੋਂ ਤਰਨਤਾਰਨ ਪੁਲਿਸ ਦੀ ਇੱਕ ਟੀਮ ਉਨ੍ਹਾਂ ਨੂੰ ਚੁੱਕ ਕੇ ਲੈ ਗਈ ਸੀ। ਅਮਰੀਕ ਦੇ ਭਤੀਜੇ ਦਿਲਬਾਗ ਸਿੰਘ ਮੁਤਾਬਕ ਐੱਸ.ਐੱਸ.ਪੀ. ਅਜੀਤ ਸਿੰਘ ਸੰਧੂ ਅਤੇ ਡੀ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਸਮੇਤ ਛੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਅਗਵਾ ਕੀਤਾ ਸੀ। ਅਗਲੇ ਦਿਨ ਤਰਨਤਾਰਨ ਵਿੱਚ ਅਮਰੀਕ ਸਿੰਘ ਨਾਲ ਮੁਲਾਕਾਤ ਵੀ ਹੋਈ, ਪਰ ਉਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ।
ਪਰਿਵਾਰ ਵੱਲੋਂ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਨ ਦੇ ਬਾਵਜੂਦ ਕੋਈ ਸੁਣਵਾਈ ਨਾ ਹੋਈ। 1996 ਵਿੱਚ ਅਮਰੀਕ ਸਿੰਘ ਦੀ ਪਤਨੀ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਹੈਬੀਅਸ ਕਾਰਪਸ ਪਟੀਸ਼ਨ ਦੌਰਾਨ ਸਰਕਾਰ ਨੇ ਅਮਰੀਕ ਸਿੰਘ ਦੀ ਮੌਤ ਹੋਣ ਦਾ ਦਾਅਵਾ ਕਰਦਿਆਂ ਭੋਗ ਦੇ ਇਸ਼ਤਿਹਾਰ ਪੇਸ਼ ਕੀਤੇ, ਜਿਸ ਨੂੰ ਪਰਿਵਾਰ ਨੇ ਰੱਦ ਕਰ ਦਿੱਤਾ। ਬਾਅਦ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਲਾਵਾਰਿਸ ਲਾਸ਼ਾਂ ਦੇ ਸਸਕਾਰ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ।
ਚਾਰਜਸ਼ੀਟ ਅਤੇ ਮੁਲਜ਼ਮਾਂ ਦੀ ਮੌਤ: ਸੀਬੀਆਈ ਨੇ ਫਰਵਰੀ 2000 ਵਿੱਚ ਅਗਵਾ, ਗੈਰ-ਕਾਨੂੰਨੀ ਹਿਰਾਸਤ ਅਤੇ ਰਿਕਾਰਡ ਨਾਲ ਛੇੜਛਾੜ ਦਾ ਕੇਸ ਦਰਜ ਕਰਕੇ 2001 ਵਿੱਚ ਚਾਰਜਸ਼ੀਟ ਦਾਇਰ ਕੀਤੀ। ਇਸ ਵਿੱਚ ਤਤਕਾਲੀ ਐੱਸ.ਐੱਸ.ਪੀ. ਅਜੀਤ ਸਿੰਘ ਸੰਧੂ, ਡੀ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ, ਐੱਸ.ਐੱਚ.ਓ. ਇੰਸਪੈਕਟਰ ਸੂਬਾ ਸਿੰਘ, ਐੱਸ.ਆਈ. ਸੁਰਿੰਦਰ ਸਿੰਘ, ਏ.ਐੱਸ.ਆਈ. ਜਸਵੰਤ ਸਿੰਘ ਅਤੇ ਕਾਂਸਟੇਬਲ ਪਰਮਿੰਦਰਜੀਤ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਸੀ। ਜਾਂਚ ਅਤੇ ਸੁਣਵਾਈ ਦੌਰਾਨ ਮੁੱਖ ਮੁਲਜ਼ਮ ਅਜੀਤ ਸਿੰਘ ਸੰਧੂ ਅਤੇ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ।
- Download Babushahi App
-
-