ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਅਸ਼ੋਕ ਵਰਮਾ
ਰਾਮਪੁਰਾ ਫੂਲ (ਬਠਿੰਡਾ), 12 ਨਵੰਬਰ 2026 :ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਅਤੇ ਆਂਗਣਵਾੜੀ ਪ੍ਰਣਾਲੀ ਨੂੰ ਹੋਰ ਸੁਚਾਰੂ ਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਪੰਜਾਬ ਪੈਲਸ ਰਾਮਪੁਰਾ ਫੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ 9 ਆਂਗਣਵਾੜੀ ਵਰਕਰਾਂ ਅਤੇ 43 ਆਂਗਣਵਾੜੀ ਹੈਲਪਰਾਂ ਸਮੇਤ ਕੁੱਲ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੈਰਿਟ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ।
ਸਮਾਗਮ ਦੌਰਾਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਪਣੇ ਕਾਰਜ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ 16 ਲੱਖ 60 ਹਜ਼ਾਰ 275 ਰੁਪਏ ਦੀ ਇਨਸੈਂਟਿਵ ਰਾਸ਼ੀ ਵੰਡੀ ਗਈ। ਇਸ ਦੇ ਨਾਲ ਹੀ ਆਂਗਣਵਾੜੀ ਵਿਭਾਗ ਦੀਆਂ ਵਰਕਰਾਂ, ਸੁਪਰਵਾਈਜ਼ਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਅਤੇ ਕਾਰਗੁਜ਼ਾਰੀ ਦੇ ਸਨਮਾਨ ਵਜੋਂ ਪ੍ਰਸ਼ੰਸਾ ਪੱਤਰ ਵੀ ਭੇਟ ਕੀਤੇ ਗਏ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਿਯੁਕਤੀ ਪੱਤਰ ਮਿਲਣਾ ਜਿੱਥੇ ਉਨ੍ਹਾਂ ਲਈ ਰੁਜ਼ਗਾਰ ਦਾ ਨਵਾਂ ਮੌਕਾ ਹੈ, ਉੱਥੇ ਹੀ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਅਹਿਮ ਪੜਾਅ ਵੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਮਾਜ ਦੀ ਮੁੱਢਲੀ ਇਕਾਈ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਬੱਚਿਆਂ ਦੇ ਪੋਸ਼ਣ, ਮੁੱਢਲੀ ਸਿੱਖਿਆ, ਸਿਹਤ ਸੰਭਾਲ ਅਤੇ ਮਹਿਲਾਵਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਵਿੱਚ ਇਨ੍ਹਾਂ ਦੀਆਂ ਸੇਵਾਵਾਂ ਮਹੱਤਵਪੂਰਨ ਹਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਲਈ ਮਹਿਲਾਵਾਂ ਦਾ ਆਰਥਿਕ ਅਤੇ ਸਮਾਜਿਕ ਤੌਰ ’ਤੇ ਆਤਮ-ਨਿਰਭਰ ਹੋਣਾ ਬੇਹੱਦ ਜ਼ਰੂਰੀ ਹੈ। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਾਗੀਦਾਰੀ ਨੂੰ ਹਰ ਖੇਤਰ ਵਿੱਚ ਉਤਸ਼ਾਹਿਤ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਨਿਯੁਕਤੀਆਂ ਇਸ ਦਿਸ਼ਾ ਵਿੱਚ ਇੱਕ ਅਹਿਮ ਉਪਰਾਲਾ ਹਨ।
ਵਿਧਾਇਕ ਨੇ ਆਂਗਣਵਾੜੀ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਇਨ੍ਹਾਂ ਕਰਮਚਾਰੀਆਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ, ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਆਂਗਣਵਾੜੀ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।
ਸਮਾਗਮ ਦੌਰਾਨ ਨਵ-ਨਿਯੁਕਤ ਮੁਲਾਜ਼ਮਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪੰਕਜ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।
- Download Babushahi App
-
-