ਵਪਾਰੀਆਂ ਦੀ ਸੁਰੱਖਿਆ ਲਈ ਪੰਜਾਬ ’ਚ ਕਾਨੂੰਨ ਦਾ ਰਾਜ ਕਾਇਮ ਕਰਨਾ ਜ਼ਰੂਰੀ: ਬਲਦੇਵ ਸਿੰਘ
‘ਆਪ’ ਸਰਕਾਰ ’ਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਤਿੱਖੇ ਨਿਸ਼ਾਨੇ, 2027 ’ਚ ਭਾਜਪਾ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ
ਫਤਹਿਗੜ੍ਹ ਸਾਹਿਬ 12 ਨਵੰਬਰ (ਗੁਰਪ੍ਰੀਤ ਸਿੰਘ ਜਖਵਾਲੀ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਬਲਦੇਵ ਸਿੰਘ ਨੇ ਬਸੀ ਪਠਾਣਾ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ਅਤੇ ਵਪਾਰੀ ਵਰਗ ਦੀ ਸੁਰੱਖਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਧਮਕੀਆਂ ਮਿਲਣ ਅਤੇ ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਪਾਰੀ ਵਰਗ ਨੂੰ ਸੁਰੱਖਿਅਤ ਮਾਹੌਲ ਦੇਣ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਕਾਰੋਬਾਰੀ ਵਰਗ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਆਰਥਿਕ ਤਰੱਕੀ ਲਈ ਅਮਨ-ਸ਼ਾਂਤੀ ਅਤੇ ਮਜ਼ਬੂਤ ਕਾਨੂੰਨ-ਵਿਵਸਥਾ ਬੇਹੱਦ ਜ਼ਰੂਰੀ ਹੈ। ਜੇਕਰ ਵਪਾਰੀ ਅਤੇ ਨਿਵੇਸ਼ਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਨਗੇ ਤਾਂ ਨਵੇਂ ਉਦਯੋਗ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਮੁਸ਼ਕਲ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਪੰਜਾਬ ਵਿੱਚ ਕਾਨੂੰਨ ਦਾ ਰਾਜ ਮਜ਼ਬੂਤ ਕਰਨਾ ਅਤੇ ਵਪਾਰੀਆਂ ਨੂੰ ਨਿਡਰ ਹੋ ਕੇ ਆਪਣਾ ਕਾਰੋਬਾਰ ਕਰਨ ਲਈ ਮਾਹੌਲ ਮੁਹੱਈਆ ਕਰਵਾਉਣਾ ਹੈ।
ਬਲਦੇਵ ਸਿੰਘ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਸਰਕਾਰ ਬਦਲਣ ’ਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵਪਾਰੀ ਤੇ ਆਮ ਨਾਗਰਿਕ ਬਿਨਾਂ ਡਰ-ਭੈਅ ਤੋਂ ਆਪਣੀ ਜ਼ਿੰਦਗੀ ਬਤੀਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਕਰਨਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਵਪਾਰ ਦੇ ਮੌਕੇ ਪ੍ਰਦਾਨ ਕਰਨਾ ਭਾਜਪਾ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ।
ਇਸ ਮੌਕੇ ਬਲਵਿੰਦਰ ਸਿੰਘ ਗੋਗੀ, ਗੁਰਤੇਜ ਸਿੰਘ, ਗੁਰਬਖਸ਼ ਸਿੰਘ ਅਤੇ ਰਵਿੰਦਰ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵਪਾਰੀ ਅਤੇ ਆਮ ਲੋਕ ਸੂਬੇ ਵਿੱਚ ਅਮਨ, ਸੁਰੱਖਿਆ ਅਤੇ ਬਿਹਤਰ ਪ੍ਰਸ਼ਾਸਨ ਦੀ ਉਮੀਦ ਰੱਖਦੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲਾ ਕਰਨਗੇ।
- Download Babushahi App
-
-