ਇੰਟਰਨੈਸ਼ਨਲ ਕਬੱਡੀ ਖਿਡਾਰੀ ਅਮ੍ਰਿਤਪਾਲ ਸਿੰਘ ਅੰਬਾ ਸੁਰਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ
ਪੰਜਾਬ ਦੀ ਜਵਾਨੀ, ਖੇਡ ਜਗਤ ਅਤੇ ਲੋਕ-ਤਾਕਤ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ’ਤੇ ਵਧ ਰਹੇ ਭਰੋਸੇ ਦਾ ਪ੍ਰਤੀਕ : ਸੁਖਵਿੰਦਰ ਸਿੰਘ ਅਗਵਾਨ, ਅਮਰਜੀਤ ਸਿੰਘ ਵੰਨਚਿੜੀ
Prab
ਅੰਮ੍ਰਿਤਸਰ 12 ਨਵੰਬਰ 2026 ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ਦੀ ਸਿਆਸਤ ਵਿੱਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਉਣ ਦੇ ਨਾਲ-ਨਾਲ ਪਾਰਟੀ ਨੂੰ ਲੋਕਾਂ ਦੇ ਹਰ ਵਰਗ ਵਿੱਚੋਂ ਮਿਲ ਰਹੇ ਭਰਵੇਂ ਸਮਰਥਨ ਦੀ ਲੜੀ ਲਗਾਤਾਰ ਅੱਗੇ ਵਧ ਰਹੀ ਹੈ। ਇਸੇ ਕੜੀ ਤਹਿਤ ਅੱਜ ਹੋਈ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਸ੍ਰ. ਅਮਰਜੀਤ ਸਿੰਘ ਅੰਬਾ ਸੁਰਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਪੰਜ ਮੈਂਬਰੀ ਕਮੇਟੀ ਮੈਂਬਰ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਪਾਰਲੀਮਾਨੀ ਬੋਰਡ ਅਤੇ ਤਾਲਮੇਲ ਕਮੇਟੀ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਸ੍ਰ. ਪ੍ਰਗਟ ਸਿੰਘ ਸੰਧੂ ਦੀ ਅਗਵਾਈ ਹੇਠ ਸ੍ਰ. ਅਮ੍ਰਿਤਪਾਲ ਸਿੰਘ ਅੰਬਾ ਸੁਰਸਿੰਘ, ਸ੍ਰ ਰਣਜੀਤ ਸਿੰਘ ਰਾਣਾਂ ਵੰਝ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਅਮਰਜੀਤ ਸਿੰਘ ਅੰਬਾ ਵਰਗੇ ਕੌਮ ਅਤੇ ਪੰਜਾਬ ਦਾ ਨਾਮ ਖੇਡ ਜਗਤ ਵਿੱਚ ਰੌਸ਼ਨ ਕਰਨ ਵਾਲੇ ਨੌਜਵਾਨਾਂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪਾਰਟੀ ਦੀ ਸੋਚ ਅਤੇ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਪੰਜਾਬੀਅਤ, ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਦੇ ਖਾਤਮੇ, ਪੰਜਾਬ ਦੇ ਪਾਣੀਆਂ ਦੀ ਰਾਖੀ ਅਤੇ ਇਨਸਾਫ਼ ਲਈ ਮਜ਼ਬੂਤ ਆਵਾਜ਼ ਬੁਲੰਦ ਕਰਨਾ ਹੈ। ਪਾਰਟੀ ਦੀ ਇਹ ਲੜਾਈ ਪੰਜਾਬ ਦੇ ਹਿੱਤਾਂ ਲਈ ਹੈ ਅਤੇ ਇਸ ਸੰਘਰਸ਼ ਵਿੱਚ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪਾਰਟੀ ਪ੍ਰਤੀ ਵਧ ਰਿਹਾ ਉਤਸ਼ਾਹ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੀ ਜਨਤਾ ਹੁਣ ਰਵਾਇਤੀ ਸਿਆਸਤ ਤੋਂ ਬਾਹਰ ਨਿਕਲ ਕੇ ਇੱਕ ਨਵੀਂ, ਸਾਫ਼ ਅਤੇ ਪੰਜਾਬ-ਪੱਖੀ ਸਿਆਸੀ ਸੋਚ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਏ ਸ੍ਰ. ਅਮ੍ਰਿਤਪਾਲ ਸਿੰਘ ਅੰਬਾ ਸੁਰਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਜਥੇਬੰਦੀ ਦਾ ਹਿੱਸਾ ਬਣੇ ਹਨ ਅਤੇ ਉਹ ਪਾਰਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੇ ਨਾਲ ਪਾਰਟੀ ਵਿੱਚ ਸ਼ਾਮਿਲ ਹੋਏ ਸਾਥੀਆਂ ਨੇ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ। ਇਸ ਮੌਕੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਿੱਚੋਂ ਮੁੱਖ ਤੌਰ ਤੇ ਐਡਵੋਕੇਟ ਹਰਜੋਤ ਸਿੰਘ ਮਾਨ, ਭਾਈ ਅਮਨਦੀਪ ਸਿੰਘ ਡੱਡੂਆਣਾਂ ( ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ), ਭਾਈ ਚਮਕੌਰ ਸਿੰਘ ਜੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਬਾਪੂ ਦਯਾ ਸਿੰਘ ਜੀ, ਭਾਈ ਨਰਿੰਦਰ ਸਿੰਘ ਕਲਸੀਆਂ, ਭਾਈ ਪ੍ਰਗਟ ਸਿੰਘ ਮੀਰਾਂਕੋਟ, ਭਾਈ ਮਹਿੰਦਰਪਾਲ ਸਿੰਘ ਤੁੰਗ ਅਤੇ ਸ੍ਰ ਭੀਮ ਸਿੰਘ ਜੀ, ਭਾਈ ਅੰਮ੍ਰਿਤਪਾਲ ਸਿੰਘ ਛੀਨਾ, ਸ੍ਰ ਮਨਜੀਤ ਸਿੰਘ ਨਵਾਂਪਿੰਡ, ਕਾਕਾ ਮਾੜੀਮੇਘਾ, ਸ੍ਰ ਦਿਲਸ਼ੇਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।
- Download Babushahi App
-
-