ਮੁੱਖ ਮੰਤਰੀ ਦੀ ਰਿਹਾਇਸ਼ ਵੱਲ 14 ਨਵੰਬਰ ਨੂੰ ਹੋਣ ਵਾਲਾ ਰੋਸ ਮਾਰਚ ਮੁਲਤਵੀ
ਸਰਕਾਰ ਵੱਲੋਂ ਅਗਲੇ ਹਫ਼ਤੇ ਕੈਬਨਿਟ ਸਬ-ਕਮੇਟੀ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 13 ਨਵੰਬਰ ,2026
ਜੁਆਇੰਟ ਐਕਸ਼ਨ ਕਮੇਟੀ ਐੱਸ.ਸੀ./ਬੀ.ਸੀ., ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 14 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਅੱਜ ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਅਤੇ ਕੋਆਰਡੀਨੇਟਰ ਸ. ਜਸਵੀਰ ਸਿੰਘ ਪਾਲ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਸਤਿੰਦਰ ਸਿੰਘ, ਆਈ.ਪੀ.ਐੱਸ. ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਸਬ-ਕਮੇਟੀ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਦੀ ਸ਼ਮੂਲੀਅਤ ਵਾਲੀ ਮੀਟਿੰਗ ਅਗਲੇ ਹਫ਼ਤੇ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
ਸਰਕਾਰ ਵੱਲੋਂ ਮਿਲੇ ਇਸ ਭਰੋਸੇ ਦੇ ਮੱਦੇਨਜ਼ਰ ਜੁਆਇੰਟ ਐਕਸ਼ਨ ਕਮੇਟੀ ਨੇ 14 ਨਵੰਬਰ, ਸ਼ਨੀਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਅਗਲੀ ਮਿਤੀ ਤੱਕ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਮੌਕੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ, ਅਧਿਆਪਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਿੱਚ ਜਸਵੀਰ ਸਿੰਘ ਪਾਲ, ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ, ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ, ਸਤਵੰਤ ਤੂਰਾ, ਬਲਦੇਵ ਸਿੰਘ ਧੁੱਗਾ, ਮਨਜੀਤ ਗਾਟ, ਅਮਰਜੀਤ ਖਟਕੜ, ਭੁਪਿੰਦਰ ਸਿੰਘ, ਰਾਮ ਲੁਭਾਇਆ ਕਲਸੀ, ਰਾਜ ਸਿੰਘ ਟੋਡਰਵਾਲ, ਹਰਵਿੰਦਰ ਸਿੰਘ, ਬਲਦੇਵ ਭਾਰਤੀ, ਹਰਜਸ ਸਿੰਘ ਅਤੇ ਡਾ. ਸੁਖਵਿੰਦਰ ਸਿੰਘ ਭਦੌੜ ਸਮੇਤ ਹੋਰ ਆਗੂ ਹਾਜ਼ਰ ਸਨ।
ਜਥੇਬੰਦੀਆਂ ਨੇ ਉਮੀਦ ਪ੍ਰਗਟਾਈ ਕਿ ਸਰਕਾਰ ਵੱਲੋਂ ਦਿੱਤੇ ਭਰੋਸੇ ਨੂੰ ਅਮਲੀ ਰੂਪ ਦਿੱਤਾ ਜਾਵੇਗਾ ਅਤੇ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦੇ ਹੱਲ ਲਈ ਠੋਸ ਫ਼ੈਸਲੇ ਲਏ ਜਾਣਗੇ।
- Download Babushahi App
-
-