ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਅਤੇ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਸ਼ੁਰੂ
ਸਿੱਖ ਇਤਿਹਾਸ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਕੀਤਾ ਜਾ ਰਿਹੈ ਪ੍ਰਦਰਸ਼ਿਤ: ਕਾਲਕਾ ਤੇ ਕਾਹਲੋਂ
ਨਵੀਂ ਦਿੱਲੀ 14 ਨਵੰਬਰ, 2026 (ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਅਤੇ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਲਗਾਈ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਹਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖ ਵਿਰਾਸਤ ਨਾਲ ਜੁੜਨ ਦਾ ਵਿਸ਼ੇਸ਼ ਮੌਕਾ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਭਾਈ ਵੀਰ ਸਿੰਘ ਸਦਨ ਵੱਲੋਂ ਲਗਾਈ ਗਈ ਚਿੱਤਰ ਪ੍ਰਦਰਸ਼ਨੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਪੜਾਵਾਂ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਬਹੁਤ ਪ੍ਰਭਾਵਸ਼ਾਲੀ ਤਰੀਕੇ ਨਾਲ ਦਰਸਾਇਆ ਗਿਆ ਹੈ। ਉਨਾਂ ਦਸਿਆ ਕਿ ਇਸ ਵਿੱਚ ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਲੈ ਕੇ ਉਨ੍ਹਾਂ ਦੇ ਗ੍ਰਹਿਸਥ ਜੀਵਨ, ਚਾਰ ਉਦਾਸੀਆਂ ਅਤੇ ਜੀਵਨ ਦੇ ਆਖ਼ਰੀ ਸਮੇਂ ਦੌਰਾਨ ਕਰਤਾਰਪੁਰ ਸਾਹਿਬ ਵਿਖੇ ਬਤੀਤ ਕੀਤੇ ਸਮੇਂ ਤੱਕ ਦੇ ਇਤਿਹਾਸ ਨੂੰ ਵਿਸਥਾਰ ਨਾਲ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਵਰ੍ਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਾਲ ਸਬੰਧਤ ਸਮਾਗਮਾਂ ਦੀ ਸੰਪੂਰਨਤਾ ਨੂੰ ਮੁੱਖ ਰੱਖਦਿਆਂ ਪ੍ਰਦਰਸ਼ਨੀ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਅਤੇ ਸ਼ਹਾਦਤ ਦੇ ਇਤਿਹਾਸ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਤਸਵੀਰਾਂ ਅਤੇ ਦ੍ਰਿਸ਼ਾਂ ਰਾਹੀਂ ਇਤਿਹਾਸ ਨੂੰ ਸਮਝਣ ਦਾ ਪ੍ਰਭਾਵ ਬਹੁਤ ਡੂੰਘਾ ਹੁੰਦਾ ਹੈ ਅਤੇ ਇਸ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਵਿੱਚ ਵਿਸ਼ੇਸ਼ ਮਦਦ ਮਿਲਦੀ ਹੈ। ਇਸੇ ਉਦੇਸ਼ ਨਾਲ ਇਹ ਪ੍ਰਦਰਸ਼ਨੀ ਲਗਭਗ 15 ਦਿਨਾਂ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਖੁੱਲ੍ਹੀ ਰਹੇਗੀ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ-ਨਾਲ ਬੱਚੇ ਅਤੇ ਨੌਜਵਾਨ ਵੀ ਪਹੁੰਚ ਕੇ ਇਤਿਹਾਸਕ ਜਾਣਕਾਰੀ ਹਾਸਲ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨੀ ਦੇ ਨਾਲ-ਨਾਲ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੇ ਆਲੇ-ਦੁਆਲੇ ਸਿੱਖ ਸਾਹਿਤ, ਧਾਰਮਿਕ ਚਿੰਨ੍ਹਾਂ, ਸਿੱਖ ਵਿਰਾਸਤ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵਸਤਾਂ ਦੇ ਵਿਸ਼ੇਸ਼ ਸਟਾਲ ਵੀ ਲਗਾਏ ਗਏ ਹਨ। ਇਨ੍ਹਾਂ ਸਟਾਲਾਂ ਦਾ ਉਦੇਸ਼ ਸੰਗਤਾਂ ਨੂੰ ਸਿੱਖ ਵਿਰਾਸਤ ਨਾਲ ਜੁੜੀਆਂ ਵਸਤਾਂ ਅਤੇ ਸਾਹਿਤ ਇੱਕੋ ਸਥਾਨ ’ਤੇ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਇਹ ਚੀਜ਼ਾਂ ਪ੍ਰਾਪਤ ਕਰਨ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਾ ਪਵੇ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਪ੍ਰਦਰਸ਼ਨੀ ਵਿੱਚ ਪਹੁੰਚਣ ਅਤੇ ਸਿੱਖ ਇਤਿਹਾਸ, ਸਾਹਿਤ ਤੇ ਵਿਰਾਸਤ ਨਾਲ ਸਬੰਧਤ ਵਸਤਾਂ ਨੂੰ ਆਪਣੇ ਘਰਾਂ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਆਸ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਵੱਲੋਂ ਇਸ ਉਪਰਾਲੇ ਨੂੰ ਭਰਵਾਂ ਹੁੰਗਾਰਾ ਮਿਲੇਗਾ।
- Download Babushahi App
-
-