ਮਾਡਲ ਟਾਊਨ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਸੰਗਤ ਨੇ ਵਧ-ਚੜ੍ਹ ਕੇ ਲਿਆ ਹਿੱਸਾ
ਸੁਖਮਿੰਦਰ ਭੰਗੂ
ਲੁਧਿਆਣਾ, 15 ਨਵੰਬਰ 2026
ਗੁਰੂ ਸਾਹਿਬਾਨ ਦੀ ਅਪਾਰ ਬਖ਼ਸ਼ਿਸ਼ ਸਦਕਾ ਅੱਜ ਮਾਡਲ ਟਾਊਨ ਸਥਿਤ ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬਾਨ ਪ੍ਰਤੀ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਨਗਰ ਕੀਰਤਨ ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਆਰੰਭ ਹੋ ਕੇ ਗੁਲਾਟੀ ਚੌਕ, ਮਾਡਲ ਟਾਊਨ, ਸਹਿਗਲ ਸਟੂਡੀਓ, ਪੁਰਾਣੇ ਕ੍ਰਿਸ਼ਨਾ ਮੰਦਰ ਅਤੇ ਜੌਹਰ ਸਾਹਿਬ ਦੀ ਕੋਠੀ ਵਾਲੇ ਰਸਤੇ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸਮਾਪਤ ਹੋਵੇਗਾ। ਰਸਤੇ ਵਿੱਚ ਸੰਗਤ ਵੱਲੋਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
ਇਸ ਪਾਵਨ ਮੌਕੇ ਮਾਡਲ ਟਾਊਨ ਮਾਰਕੀਟ ਵੈਲਫੇਅਰ ਸੋਸਾਇਟੀ (ਰਜਿਸਟਰਡ) ਦੇ ਮੈਂਬਰਾਂ ਵੱਲੋਂ ਸੇਵਾ ਭਾਵਨਾ ਅਤੇ ਆਪਸੀ ਸਹਿਯੋਗ ਨਾਲ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਅਤੇ ਸ਼ਰਧਾਲੂਆਂ ਲਈ ਸਮੋਸਿਆਂ, ਆਈਸਕ੍ਰੀਮ ਅਤੇ ਪ੍ਰਸ਼ਾਦ ਦੀ ਸੇਵਾ ਕੀਤੀ ਗਈ। ਸੋਸਾਇਟੀ ਦੇ ਮੈਂਬਰਾਂ ਨੇ ਪੂਰੀ ਸ਼ਰਧਾ ਨਾਲ ਸੇਵਾ ਨਿਭਾਉਂਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਮੌਕੇ ਹਾਜ਼ਰ ਪਤਵੰਤੇ ਸੱਜਣਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਕਾਮਨਾ ਕੀਤੀ ਕਿ ਵਾਹਿਗੁਰੂ ਜੀ ਸਮੁੱਚੀ ਲੋਕਾਈ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਹਰ ਪਰਿਵਾਰ ਨੂੰ ਸੁੱਖ, ਸ਼ਾਂਤੀ ਤੇ ਖੁਸ਼ਹਾਲੀ ਬਖ਼ਸ਼ਣ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਲੁਧਿਆਣਾ ਹਮੇਸ਼ਾ ਹੱਸਦਾ-ਵੱਸਦਾ ਰਹੇ ਅਤੇ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਸਰ ਕਰੇ।
ਇਸ ਮੌਕੇ ਸੋਸ਼ਲ ਐਕਟੀਵਿਸਟ ਅਰਵਿੰਦ ਸ਼ਰਮਾ, ਜਸਵਿੰਦਰ ਸਿੰਘ ਸ਼ੰਮੀ, ਦਲਜੀਤ ਸਿੰਘ, ਰਾਮ ਗਰੋਵਰ, ਮਨਜੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸਾਰਿਆਂ ਨੇ ਮਿਲ ਕੇ ਸੇਵਾ ਕਾਰਜਾਂ ਵਿੱਚ ਯੋਗਦਾਨ ਪਾਇਆ ਅਤੇ ਨਗਰ ਕੀਰਤਨ ਵਿੱਚ ਸ਼ਰਧਾ ਨਾਲ ਸ਼ਮੂਲੀਅਤ ਕੀਤੀ।
ਸੇਵਾ, ਸਿਮਰਨ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਇਹ ਵਿਸ਼ਾਲ ਨਗਰ ਕੀਰਤਨ ਇਲਾਕੇ ਦੀ ਸੰਗਤ ਲਈ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਦਾ ਯਾਦਗਾਰ ਮੌਕਾ ਬਣਿਆ।
- Download Babushahi App
-
-