ਵੋਟਰਾਂ ਦੀ ਵੋਟਾਂ ਪਾਉਣ 'ਚ ਰੁਚੀ ਵਧਾਉਣ ਲਈ ਸਕੂਲਾਂ ਤੇ ਕਾਲਜਾਂ 'ਚ ਕਰਵਾਏ ਜਾਣਗੇ ਵੱਖ-ਵੱਖ ਮੁਕਾਬਲੇ
ਅਸ਼ੋਕ ਵਰਮਾ
ਬਠਿੰਡਾ, 15 ਨਵੰਬਰ 2026: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਇਸੇ ਲੜੀ ਤਹਿਤ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਹੇਠ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਦਾ ਰਾਹੀਂ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਲੋਕਤੰਤਰੀ ਪ੍ਰਣਾਲੀ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਸ਼੍ਰੀ ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਇਲੈਕਟੋਰਲ ਲਿਟਰੇਸੀ ਕਲੱਬਾਂ (ਈਐੱਲਸੀ) ਰਾਹੀਂ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ 'ਤੇ ਸਕੂਲਾਂ ਤੇ ਕਾਲਜਾਂ ਵਿੱਚ ਇਹ ਮੁਕਾਬਲੇ ਕਰਵਾਏ ਜਾਣਗੇ। ਇਸ ਦੌਰਾਨ ਹਰੇਕ ਮੁਕਾਬਲੇ ਵਿੱਚੋਂ ਦੋ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ।
ਇਸ ਤੋਂ ਬਾਅਦ 17 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਧਰ 'ਤੇ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ, ਜਿੱਥੇ ਹਰੇਕ ਹਲਕੇ ਵਿੱਚੋਂ ਹਰ ਮੁਕਾਬਲੇ ਲਈ 10 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸੇ ਤਰ੍ਹਾਂ 18 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ। ਇਨ੍ਹਾਂ ਸਾਰੇ ਮੁਕਾਬਲਿਆਂ ਦੇ ਨਤੀਜੇ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਐਲਾਨੇ ਜਾਣਗੇ। ਇਨ੍ਹਾਂ ਮੁਕਾਬਲਿਆਂ 'ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਚੋਣ ਕਮਿਸ਼ਨ ਵੱਲੋਂ ਇਨ੍ਹਾਂ ਵੱਖ-ਵੱਖ ਸਰਗਰਮੀਆਂ ਰਾਹੀਂ ਨੌਜਵਾਨ ਪੀੜ੍ਹੀ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਚੋਣਾਂ ਵਿੱਚ ਸਰਗਰਮ ਭਾਗੀਦਾਰੀ ਦੀ ਭਾਵਨਾ ਪੈਦਾ ਕਰਨ ਦਾ ਯਤਨ ਵੀ ਕੀਤਾ ਜਾ ਰਿਹਾ ਹੈ।
- Download Babushahi App
-
-