ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ : ਸਰਾਭਾ ਦੀ ਲਾਸਾਨੀ ਕੁਰਬਾਨੀ ਨੌਜਵਾਨ ਪੀੜ੍ਹੀਆਂ ਲਈ ਸਦਾ ਪ੍ਰੇਰਨਾ ਦਾ ਸਰੋਤ ਰਹੇਗੀ: ਕਾਲਕਾ ਤੇ ਕਾਹਲੋਂ
ਨਵੀਂ ਦਿੱਲੀ 16 ਨਵੰਬਰ,2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਜੰਗ-ਏ-ਆਜ਼ਾਦੀ ਦੇ ਮਹਾਨ ਨਾਇਕ ਅਤੇ ਅਦੁੱਤੀ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।
ਅੱਜ ਇੱਥੇ ਜਾਰੀ ਇੱਕ ਸਾਂਝੇ ਸੰਦੇਸ਼ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਨਾਮ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੇ ਸੁਨਹਿਰੀ ਇਤਿਹਾਸ ਵਿੱਚ ਹਮੇਸ਼ਾ ਅਮਰ ਰਹੇਗਾ। ਉਨਾਂ ਨੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਦਿਖਾਈ ਗਈ ਅਦੁੱਤੀ ਦਲੇਰੀ, ਅਟੁੱਟ ਸਿਦਕ, ਦ੍ਰਿੜ੍ਹ ਇਰਾਦੇ ਅਤੇ ਨਿਰਸਵਾਰਥ ਕੁਰਬਾਨੀ ਸਾਡੇ ਸਾਰਿਆਂ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਹੈ।
ਦੋਵੇਂ ਆਗੂਆਂ ਨੇ ਕਿਹਾ ਕਿ ਬਹੁਤ ਹੀ ਛੋਟੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਦੇ ਮਹਾਨ ਉਦੇਸ਼ ਲਈ ਆਪਣਾ ਜੀਵਨ ਸਮਰਪਿਤ ਕਰ ਦੇਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਆਪਣੇ ਇਨਕਲਾਬੀ ਵਿਚਾਰਾਂ ਅਤੇ ਸੰਘਰਸ਼ਸ਼ੀਲ ਜੀਵਨ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ, ਕੁਰਬਾਨੀ ਅਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਜਜ਼ਬਾ ਪੈਦਾ ਕੀਤਾ। ਉਨ੍ਹਾਂ ਦੀ ਸ਼ਹਾਦਤ ਸਮਾਜ ਨੂੰ ਸਿਖਾਉਂਦੀ ਹੈ ਕਿ ਦੇਸ਼, ਕੌਮ ਅਤੇ ਮਨੁੱਖਤਾ ਦੇ ਭਲੇ ਲਈ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸਮਰਪਣ ਦੀ ਭਾਵਨਾ ਨਾਲ ਆਪਣੇ ਆਪਣੇ ਖੇਤਰ ਰਾਹੀਂ ਯੋਗਦਾਨ ਪਾਉਣਾ ਚਾਹੀਦਾ ਹੈ।
ਸ. ਕਾਲਕਾ ਅਤੇ ਸ. ਕਾਹਲੋਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ, ਵਿਚਾਰਧਾਰਾ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਵੀ ਸਾਡਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਮਹਾਨ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਦੇਸ਼ ਅਤੇ ਸਮਾਜ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।
- Download Babushahi App
-
-