ਪੰਜਾਬ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ (Self-enumeration) ਪ੍ਰਕਿਰਿਆ ਦੀ ਸ਼ੁਰੂਆਤ, ਘਰ ਬੈਠੇ ਆਨਲਾਈਨ ਜਾਣਕਾਰੀ ਦਰਜ ਕਰੋ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ 16 ਤੋਂ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਜਾਣਕਾਰੀ ਦਰਜ ਕਰਨ ਦੀ ਅਪੀਲ; 4 ਜਨਵਰੀ ਤੋਂ ਸ਼ੁਰੂ ਹੋਵੇਗੀ ਘਰ-ਘਰ ਜਾ ਕੇ ਗਣਨਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 16 ਨਵੰਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਭਾਰਤ ਦੀ ਜਨਗਣਨਾ-2027' (Census of India-2027) ਦੇ ਦੂਜੇ ਪੜਾਅ ਤਹਿਤ ਸੂਬੇ ਵਿੱਚ ਸਵੈ-ਗਣਨਾ (Self-enumeration) ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਵਿਸ਼ੇਸ਼ ਆਨਲਾਈਨ ਪ੍ਰਕਿਰਿਆ ਅੱਜ 16 ਨਵੰਬਰ ਤੋਂ ਸ਼ੁਰੂ ਹੋ ਕੇ 30 ਨਵੰਬਰ, 2026 ਤੱਕ ਚੱਲੇਗੀ, ਜਿਸ ਦੌਰਾਨ ਸੂਬੇ ਦੇ ਨਾਗਰਿਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਖ਼ੁਦ ਦਰਜ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੈ-ਗਣਨਾ ਦੇ ਇਸ ਪੜਾਅ ਤੋਂ ਬਾਅਦ ਆਉਂਦੀ 4 ਜਨਵਰੀ, 2027 ਤੋਂ ਅਧਿਕਾਰਤ ਟੀਮਾਂ ਵੱਲੋਂ ਘਰ-ਘਰ ਜਾ ਕੇ (Door-to-Door) ਵੀ ਜਨਗਣਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਗਣਨਾ ਰਾਹੀਂ ਇਕੱਠੇ ਹੋਣ ਵਾਲੇ ਇਹ ਅੰਕੜੇ ਭਵਿੱਖ ਵਿੱਚ ਸੂਬੇ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਤਿਆਰ ਕਰਨ ਵਿੱਚ ਬੇਹੱਦ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਅਹਿਮ ਕੌਮੀ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸਹੀ ਅੰਕੜੇ ਦਰਜ ਕਰਵਾ ਕੇ ਸਰਕਾਰ ਦਾ ਪੂਰਨ ਸਹਿਯੋਗ ਦੇਣ।
- Download Babushahi App
-
-