CM Mann ਨੇ ਸ਼ਹੀਦ ਕਾਂਸਟੇਬਲ ਦੀ ਬਹਾਦਰੀ ਨੂੰ ਕੀਤਾ ਸਲਾਮ: ਪਰਿਵਾਰ ਨੂੰ ₹2 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਵੱਡਾ ਐਲਾਨ
ਪੰਜਾਬ ਸਰਕਾਰ ਵੱਲੋਂ ₹1 ਕਰੋੜ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ HDFC ਬੈਂਕ ਵੱਲੋਂ ਮਿਲੇਗੀ ₹1 ਕਰੋੜ ਦੀ ਬੀਮਾ ਰਾਸ਼ੀ
Ravi Jakhu
ਚੰਡੀਗੜ੍ਹ/ਪਠਾਨਕੋਟ, 16 ਨਵੰਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰ ਲਈ ਵੱਡੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਵਿਨੋਦ ਕੁਮਾਰ ਦੇ ਡਿਊਟੀ ਪ੍ਰਤੀ ਅਥਾਹ ਸਮਰਪਣ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਦੁੱਖ ਦੀ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼ਹੀਦ ਦੇ ਸਨਮਾਨ ਵਜੋਂ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ, ਜਦੋਂ ਕਿ ਇਸ ਤੋਂ ਇਲਾਵਾ ਐੱਚ.ਡੀ.ਐੱਫ.ਸੀ. (HDFC) ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਵੀ ਪਰਿਵਾਰ ਨੂੰ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਭਾਵੇਂ ਪੈਸਾ ਕਦੇ ਵੀ ਕਿਸੇ ਦੀ ਅਨਮੋਲ ਜਾਨ ਦਾ ਬਦਲ ਨਹੀਂ ਹੋ ਸਕਦਾ, ਪਰ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਫੜਨਾ ਅਤੇ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਰੁਲਣ ਨਾ ਦੇਣਾ ਸੂਬਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਵਿਨੋਦ ਕੁਮਾਰ ਦੀ ਇਹ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਅਤੇ ਪੁਲਿਸ ਫੋਰਸ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ।
- Download Babushahi App
-
-