Big Breaking- ਅਕਾਲੀ ਦਲ ਨਾਲ ਗਠਜੋੜ ਸੀ.ਆਰ. ਪਾਟਿਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਸੀ.ਆਰ. ਪਾਟਿਲ ਨੇ ਕਿਹਾ -ਗਠਜੋੜ ਵਰਗੇ ਵੱਡੇ ਮਾਮਲਿਆਂ ਬਾਰੇ ਅੰਤਿਮ ਫੈਸਲਾ ਪਾਰਟੀ ਦੀ ਕੇਂਦਰੀ ਹਾਈਕਮਾਂਡ
Babushahi Network
ਚੰਡੀਗੜ੍ਹ 17 ਨਵੰਬਰ 2026- ਅਕਾਲੀ ਦਲ ਨਾਲ ਗਠਜੋੜ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ, ਗਠਜੋੜ ਵਰਗੇ ਵੱਡੇ ਮਾਮਲਿਆਂ ਬਾਰੇ ਅੰਤਿਮ ਫੈਸਲਾ ਪਾਰਟੀ ਦੀ ਕੇਂਦਰੀ ਹਾਈਕਮਾਂਡ ਕਰੇਗੀ। ਦੱਸ ਦਈਏ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਅੱਜ ਚੰਡੀਗੜ੍ਹ ਪਹੁੰਚ ਗਏ ਹਨ। ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬ ਭਾਜਪਾ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਡਾ. ਸਤਨਾਮ ਸਿੰਘ ਸੰਧੂ, ਸੀਨੀਅਰ ਭਾਜਪਾ ਆਗੂ ਵਿਨੀਤ ਜੋਸ਼ੀ ਸਮੇਤ ਪਾਰਟੀ ਦੇ ਕਈ ਹੋਰ ਪ੍ਰਮੁੱਖ ਆਗੂ ਅਤੇ ਵਰਕਰ ਹਾਜ਼ਰ ਸਨ।
ਏਅਰਪੋਰਟ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਆਰ. ਪਾਟਿਲ ਨੇ ਕਈ ਅਹਿਮ ਸਿਆਸੀ ਅਤੇ ਸਮਾਜਿਕ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਸਿੱਖ ਭਾਈਚਾਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਬੰਧਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜਿੱਥੇ ਵੀ ਜਾਂਦੇ ਹਨ, ਗੁਰਦੁਆਰਾ ਸਾਹਿਬ ਵਿਖੇ ਜ਼ਰੂਰ ਨਤਮਸਤਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਾਹਿਬ ਕਈ ਥਾਵਾਂ 'ਤੇ ਗੁਰਦੁਆਰਾ ਸਾਹਿਬਾਨ ਨਾਲ ਜੁੜੇ ਹੋਏ ਹਨ ਅਤੇ ਪਹਿਲਾਂ ਵੀ ਕਈ ਸਿੱਖ ਸ਼ਖ਼ਸੀਅਤਾਂ ਉਨ੍ਹਾਂ ਨੂੰ ਮਿਲ ਚੁੱਕੀਆਂ ਹਨ। ਪਾਟਿਲ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਾਰਿਆਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਬਰਕਰਾਰ ਰਹੇਗਾ।
ਪੰਜਾਬ ਦੀ ਸਿਆਸਤ ਵਿੱਚ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੇ ਅਕਾਲੀ-ਭਾਜਪਾ ਗਠਜੋੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗਾਂ ਬਾਰੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਸੀ.ਆਰ. ਪਾਟਿਲ ਨੇ ਬੇਹੱਦ ਸਪੱਸ਼ਟ ਅਤੇ ਸਿਆਸੀ ਸੂਝ-ਬੂਝ ਵਾਲਾ ਰੁਖ਼ ਅਪਣਾਇਆ। ਉਨ੍ਹਾਂ ਕਿਹਾ ਕਿ ਗਠਜੋੜ ਵਰਗੇ ਵੱਡੇ ਮਾਮਲਿਆਂ ਬਾਰੇ ਅੰਤਿਮ ਫੈਸਲਾ ਪਾਰਟੀ ਦੀ ਕੇਂਦਰੀ ਹਾਈਕਮਾਂਡ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਲਿਆ ਜਾਣਾ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਅਤੇ ਕਿਸੇ ਕਿਤਾਬ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਸਬੰਧੀ ਪੁੱਛੇ ਗਏ ਸਵਾਲਾਂ 'ਤੇ ਉਨ੍ਹਾਂ ਕਿਹਾ ਕਿ ਲੇਖਕ ਆਪਣੀ ਸੋਚ ਮੁਤਾਬਕ ਲਿਖਦਾ ਹੈ ਅਤੇ ਪ੍ਰਦਰਸ਼ਨ ਕਰਨ ਵਾਲੇ ਕਿਉਂ ਪ੍ਰਦਰਸ਼ਨ ਕਰਦੇ ਹਨ, ਇਹ ਸਭ ਭਲੀ-ਭਾਂਤ ਜਾਣਦੇ ਹਨ।
ਜ਼ਿਕਰਯੋਗ ਹੈ ਕਿ ਸੀ.ਆਰ. ਪਾਟਿਲ ਨੂੰ ਭਾਜਪਾ ਦਾ ਇੱਕ ਮਜ਼ਬੂਤ ਰਣਨੀਤੀਕਾਰ ਅਤੇ ਸੰਗਠਨ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਵਾਲਾ ਆਗੂ ਮੰਨਿਆ ਜਾਂਦਾ ਹੈ। ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਪਿੱਛੇ ਉਨ੍ਹਾਂ ਦੀ ਚੋਣ ਰਣਨੀਤੀ ਦਾ ਵੱਡਾ ਯੋਗਦਾਨ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਉਨ੍ਹਾਂ ਦੀ ਭੂਮਿਕਾ ਬੇਹੱਦ ਅਹਿਮ ਰਹਿਣ ਵਾਲੀ ਹੈ। ਭਾਵੇਂ ਪਾਰਟੀ ਵੱਲੋਂ ਹਾਲੇ ਤੱਕ ਰਸਮੀ ਐਲਾਨ ਨਹੀਂ ਕੀਤਾ ਗਿਆ, ਪਰ ਸੂਤਰਾਂ ਅਨੁਸਾਰ ਕਿਸੇ ਵੀ ਵੇਲੇ ਉਨ੍ਹਾਂ ਨੂੰ ਪੰਜਾਬ ਚੋਣਾਂ ਲਈ ਅਹਿਮ ਜ਼ਿੰਮੇਵਾਰੀ ਜਾਂ ਚੋਣ ਇੰਚਾਰਜ ਵਜੋਂ ਐਲਾਨਿਆ ਜਾ ਸਕਦਾ ਹੈ। ਉਨ੍ਹਾਂ ਦੀ ਇਸ ਫੇਰੀ ਨੂੰ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਨੂੰ ਨਵੀਂ ਧਾਰ ਦੇਣ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।
- Download Babushahi App
-
-