ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਖ਼ਜ਼ਾਨਾ ਦਫ਼ਤਰਾਂ ਵਿਖੇ ਲੱਗੇਗਾ ‘ਪੈਨਸ਼ਨਰ ਸੇਵਾ ਮੇਲਾ’
ਪ੍ਰਮੋਦ ਭਾਰਤੀ
ਨਵਾਂਸ਼ਹਿਰ 17 ਨਵੰਬਰ ,2026
ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਖ਼ਜ਼ਾਨਾ ਤੇ ਲੇਖਾ ਸ਼ਾਖਾ) ਵੱਲੋਂ ਰਾਜ ਦੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 19, 20 ਅਤੇ 21 ਨਵੰਬਰ 2026 ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿਖੇ ਵਿਸ਼ੇਸ਼ "ਪੈਨਸ਼ਨਰ ਸੇਵਾ ਮੇਲਾ" ਆਯੋਜਿਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਜਤਿੰਦਰ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਰਾਜ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਲਾਗੂ ਕੀਤੇ ਗਏ 'ਪੈਨਸ਼ਨ ਸੇਵਾ ਪੋਰਟਲ' (ਜਿਸ ਵਿੱਚ ਮਹੀਨਾਵਾਰ ਪੈਨਸ਼ਨ ਅਕਾਊਂਟਿੰਗ, ਈ-ਪੀ.ਪੀ.ਓ., ਸ਼ਿਕਾਇਤ ਨਿਵਾਰਨ ਅਤੇ ਜੀਵਨ ਪ੍ਰਮਾਣ ਪੱਤਰ ਦੀ ਇੰਟੀਗ੍ਰੇਸ਼ਨ ਵਰਗੀਆਂ ਸੁਵਿਧਾਵਾਂ ਉਪਲਬਧ ਹਨ) ਬਾਰੇ ਜਾਗਰੂਕਤਾ ਫੈਲਾਉਣ ਲਈ ਇਹ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਲਈ 31 ਦਸੰਬਰ 2026 ਤੱਕ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ ਪੱਤਰ ਰਾਹੀਂ) ਅਪਲੋਡ ਕਰਨ ਦੇ ਨਾਲ-ਨਾਲ e-KYC ਕਰਵਾਉਣਾ ਲਾਜ਼ਮੀ ਹੈ। ਇਸ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਲਈ ਲਗਾਏ ਜਾ ਰਹੇ ਇਨ੍ਹਾਂ ਮੇਲਿਆਂ ਦੌਰਾਨ ਖ਼ਜ਼ਾਨਾ ਦਫ਼ਤਰਾਂ ਦੇ ਅਧਿਕਾਰੀ/ਕਰਮਚਾਰੀ ਅਤੇ ਪੈਨਸ਼ਨ ਡਿਸਬਰਸਿੰਗ ਬੈਂਕਾਂ ਦੇ ਨੁਮਾਇੰਦੇ ਲੈਪਟਾਪ ਅਤੇ ਬਾਇਓਮੈਟ੍ਰਿਕ ਮਸ਼ੀਨਾਂ ਸਮੇਤ ਮੌਜੂਦ ਰਹਿਣਗੇ, ਤਾਂ ਜੋ ਮੌਕੇ 'ਤੇ ਹੀ ਪੈਨਸ਼ਨਰਾਂ ਦੀ e-KYC ਅਤੇ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ।
ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 19, 20 ਅਤੇ 21 ਨਵੰਬਰ ਨੂੰ ਆਪਣੇ ਸਬੰਧਤ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਪਹੁੰਚ ਕੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ e-KYC ਤੇ ਜੀਵਨ ਪ੍ਰਮਾਣ ਪੱਤਰ ਦੀ ਪ੍ਰਕਿਰਿਆ ਮੁਕੰਮਲ ਕਰਵਾਉਣ।
- Download Babushahi App
-
-