ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਔਰਤਾਂ ਅਹਿਮ ਭੂਮਿਕਾ ਨਿਭਾਉਣਗੀਆਂ : ਪ੍ਰਧਾਨ ਹਰਗੋਬਿੰਦ ਕੌਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਹਰਗੋਬਿੰਦ ਕੌਰ ਦੀ ਅਹਿਮ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 17 ਨਵੰਬਰ 2026 :ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਪੰਜਾਬ ਦੀ ਰਾਜਨੀਤੀ ਵਿੱਚ ਔਰਤਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਇਸਤਰੀ ਵਿੰਗ ਰਾਹੀਂ ਵੱਧ ਤੋਂ ਵੱਧ ਔਰਤਾਂ ਨੂੰ ਪਾਰਟੀ ਨਾਲ ਜੋੜ ਕੇ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕੀਤਾ ਜਾਵੇ।
ਇਸ ਮੌਕੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਗੰਭੀਰ ਮਸਲੇ ’ਤੇ ਵੀ ਚਰਚਾ ਹੋਈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਚਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ, ਜਿਸ ਵਿੱਚ ਔਰਤਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਈ ਜਾਵੇਗੀ।ਇਸ ਤੋਂ ਇਲਾਵਾ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀ ਜਥੇਬੰਦਕ ਪਕੜ ਵਧਾਉਣ ਅਤੇ ਪੰਜਾਬ ਦੇ ਹਿੱਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਲਈ ਵੀ ਵਿਚਾਰ ਸਾਂਝੇ ਕੀਤੇ ਗਏ।ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਪਾਰਟੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸਤਰੀ ਵਿੰਗ ਦੀਆਂ ਆਗੂ ਅਤੇ ਵਰਕਰਾਂ ਪੂਰੀ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੀਆਂ ਅਤੇ ਔਰਤਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
- Download Babushahi App
-
-