Breaking - ਨਿਤਿਨ ਨਬੀਨ ਪਹੁੰਚੇ ਪੰਜਾਬ, ਆਦਮਪੁਰ ਹਵਾਈ ਅੱਡੇ 'ਤੇ ਹੋਇਆ ਨਿੱਘਾ ਸਵਾਗਤ
ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਨੂੰ ਦਿਖਾਉਣਗੇ ਹਰੀ ਝੰਡੀ
Babushahi Network
ਜਲੰਧਰ 18 ਨਵੰਬਰ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਪਣੇ ਵਿਸ਼ੇਸ਼ ਦੌਰੇ ਤਹਿਤ ਪੰਜਾਬ ਪਹੁੰਚ ਗਏ ਹਨ। ਆਦਮਪੁਰ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਅਤੇ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਕਈ ਪ੍ਰਮੁੱਖ ਆਗੂ ਉਚੇਚੇ ਤੌਰ 'ਤੇ ਹਵਾਈ ਅੱਡੇ 'ਤੇ ਮੌਜੂਦ ਰਹੇ।
ਹਵਾਈ ਅੱਡੇ 'ਤੇ ਸਵਾਗਤ ਉਪਰੰਤ ਕੌਮੀ ਪ੍ਰਧਾਨ ਨਿਤਿਨ ਨਬੀਨ ਜਲੰਧਰ ਵਿਖੇ ਰੱਖੇ ਗਏ ਮੁੱਖ ਸਮਾਗਮ ਅਤੇ ਰੈਲੀ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ, ਰੈਲੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਡੇਰਾ ਸੱਚਖੰਡ ਬੱਲਾਂ ਵਿਖੇ ਵੀ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਜਲੰਧਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਨੂੰ ਰਸਮੀ ਤੌਰ 'ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਇਹ ਯਾਤਰਾ ਕੁੱਲ 2,558 ਕਿਲੋਮੀਟਰ ਦਾ ਲੰਮਾ ਸਫ਼ਰ ਤੈਅ ਕਰੇਗੀ। ਪੰਜਾਬ ਵਿੱਚ ਇਸ ਯਾਤਰਾ ਦਾ ਪੜਾਅ ਪੰਜ ਦਿਨਾਂ ਦਾ ਰਹੇਗਾ, ਜਿਸ ਦੌਰਾਨ ਇਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਗੁਜ਼ਰਦੀ ਹੋਈ ਲਗਭਗ 700 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਪੰਜਾਬ ਤੋਂ ਬਾਅਦ ਇਹ ਯਾਤਰਾ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚੋਂ ਹੁੰਦੀ ਹੋਈ ਦਸੰਬਰ ਮਹੀਨੇ ਵਿੱਚ ਉੱਤਰ ਪ੍ਰਦੇਸ਼ ਦੇ ਵਾਰਾਨਸੀ ਵਿਖੇ ਪਹੁੰਚ ਕੇ ਸੰਪੰਨ ਹੋਵੇਗੀ। ਵਾਰਾਨਸੀ ਵਿਖੇ ਹੋਣ ਵਾਲੇ ਸਮਾਪਤੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ।
ਭਾਜਪਾ ਲੀਡਰਸ਼ਿਪ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਯਾਤਰਾ ਪੂਰੀ ਤਰ੍ਹਾਂ ਧਾਰਮਿਕ ਅਤੇ ਸਮਾਜਿਕ ਸਦਭਾਵਨਾ ਨੂੰ ਸਮਰਪਿਤ ਹੈ ਅਤੇ ਇਸ ਦਾ ਕੋਈ ਸਿਆਸੀ ਮੰਤਵ ਨਹੀਂ ਹੈ। ਪਾਰਟੀ ਅਨੁਸਾਰ ਇਸ ਪੂਰੀ ਯਾਤਰਾ ਦੀ ਅਗਵਾਈ ਸੰਤ ਸਮਾਜ ਵੱਲੋਂ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਫੇਰੀ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
- Download Babushahi App
-
-