ਵੱਡੀ ਖ਼ਬਰ: ਪਟਿਆਲਾ MC ਚੋਣਾਂ ਤੋਂ ਪਹਿਲਾਂ 3 SHOs ਸਮੇਤ 6 ਪੁਲਿਸ ਅਧਿਕਾਰੀਆਂ ਦੇ ਤਬਾਦਲੇ
Babushahi Network
ਪਟਿਆਲਾ, 18 ਨਵੰਬਰ 2026: ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ 28 ਨਵੰਬਰ ਨੂੰ ਹੋਣ ਵਾਲੀਆਂ ਮੁੜ-ਚੋਣਾਂ ਤੋਂ ਪਹਿਲਾਂ ਸਿਆਸੀ ਅਤੇ ਪ੍ਰਸ਼ਾਸਨਿਕ ਹਲਚਲ ਤੇਜ਼ ਹੋ ਗਈ ਹੈ। ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਨੇ ਵੱਡਾ ਕਦਮ ਚੁੱਕਦਿਆਂ ਪਟਿਆਲਾ ਪੁਲਿਸ ਦੇ 6 ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਤਬਦੀਲ ਕੀਤੇ ਗਏ ਅਧਿਕਾਰੀਆਂ ਵਿੱਚ ਸ਼ਹਿਰ ਦੇ ਤਿੰਨ ਥਾਣਿਆਂ ਸਿਵਲ ਲਾਈਨਜ਼, ਲਾਹੌਰੀ ਗੇਟ ਅਤੇ ਕੋਤਵਾਲੀ ਦੇ ਥਾਣਾ ਮੁਖੀ (ਐੱਸ.ਐੱਚ.ਓ.) ਵੀ ਸ਼ਾਮਲ ਹਨ।
ਤਬਦੀਲ ਕੀਤੇ ਗਏ ਛੇ ਪੁਲਿਸ ਅਧਿਕਾਰੀਆਂ ਵਿੱਚ ਸਿਵਲ ਲਾਈਨਜ਼ ਥਾਣੇ ਦੇ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ, ਲਾਹੌਰੀ ਗੇਟ ਥਾਣੇ ਦੇ ਮੁਖੀ ਇੰਸਪੈਕਟਰ ਸੌਰਭ ਸੱਭਰਵਾਲ ਅਤੇ ਕੋਤਵਾਲੀ ਥਾਣੇ ਦੇ ਮੁਖੀ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਦੇ ਨਾਂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਸਬ-ਇੰਸਪੈਕਟਰ ਗੁਰਦੀਪ ਸਿੰਘ, ਸਬ-ਇੰਸਪੈਕਟਰ ਨਿਸ਼ਾਨ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ ਤੇਜਿੰਦਰ ਸਿੰਘ ਨੂੰ ਵੀ ਮੌਜੂਦਾ ਤਾਇਨਾਤੀਆਂ ਤੋਂ ਹਟਾ ਦਿੱਤਾ ਗਿਆ ਹੈ।
ਜਾਰੀ ਹੁਕਮਾਂ ਮੁਤਾਬਕ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ, ਇੰਸਪੈਕਟਰ ਸੌਰਭ ਸੱਭਰਵਾਲ ਅਤੇ ਸਹਾਇਕ ਸਬ-ਇੰਸਪੈਕਟਰ ਤੇਜਿੰਦਰ ਸਿੰਘ ਨੂੰ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਭੇਜਿਆ ਗਿਆ ਹੈ, ਜਦਕਿ ਇੰਸਪੈਕਟਰ ਅਮਨਪਾਲ ਸਿੰਘ ਵਿਰਕ, ਸਬ-ਇੰਸਪੈਕਟਰ ਗੁਰਦੀਪ ਸਿੰਘ ਅਤੇ ਸਬ-ਇੰਸਪੈਕਟਰ ਨਿਸ਼ਾਨ ਸਿੰਘ ਦੀ ਬਦਲੀ ਬਰਨਾਲਾ ਜ਼ਿਲ੍ਹੇ ਵਿੱਚ ਕਰ ਦਿੱਤੀ ਗਈ ਹੈ।
- Download Babushahi App
-
-