ਪੰਜਾਬ ਭੂਮੀ AAP ਸਰਕਾਰ ਦੀਆਂ ਨਾਕਾਮੀਆਂ ਅਤੇ ਗਲਤ ਨੀਤੀਆਂ ਕਾਰਨ ਹੋਈ ਬਦਨਾਮ-ਨਿਤਿਨ ਨਬੀਨ
ਜਲੰਧਰ, 18 ਨਵੰਬਰ 2026- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੂਬੇ ਦੀ ਆਮ ਆਦਮੀ ਪਾਰਟੀ (AAP) ਸਰਕਾਰ ਅਤੇ ਮੁੱਖ ਮੰਤਰੀ ਨੂੰ ਤਿੱਖੇ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਹਨ, ਪਰ ਹੁਣ ਸਾਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਪੰਜਾਬ ਪੂਰੀ ਤਰ੍ਹਾਂ ਤਰੱਕੀ ਦੇ ਰਾਹ 'ਤੇ ਅੱਗੇ ਵਧੇ। ਸਾਨੂੰ ਪੰਜਾਬ ਦੀ ਖੇਤੀਬਾੜੀ ਅਤੇ ਉਦਯੋਗਾਂ ਦੀ ਅਮੀਰ ਵਿਰਾਸਤ ਨੂੰ ਮੁੜ ਸੁਰਜੀਤ ਕਰਨਾ ਹੋਵੇਗਾ, ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨੇ ਹੋਣਗੇ ਅਤੇ ਔਰਤਾਂ ਲਈ ਇੱਕ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਸਿਰਜਣਾ ਹੋਵੇਗਾ। ਪੰਜਾਬ ਦੀ ਮੌਜੂਦਾ ਸਥਿਤੀ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ- "ਪੰਜਾਬ, ਇੱਕ ਅਜਿਹੀ ਪਵਿੱਤਰ ਭੂਮੀ ਜੋ ਇਤਿਹਾਸਕ ਤੌਰ 'ਤੇ ਆਪਣੇ ਸੰਘਰਸ਼ਾਂ, ਕੁਰਬਾਨੀਆਂ ਅਤੇ ਅਦੁੱਤੀ ਬਹਾਦਰੀ ਲਈ ਪੂਰੀ ਦੁਨੀਆ ਵਿੱਚ ਜਾਣੀ ਜਾਂਦੀ ਹੈ, ਹਾਲ ਹੀ ਦੇ ਸਮੇਂ ਵਿੱਚ ਮੌਜੂਦਾ AAP ਸਰਕਾਰ ਦੀਆਂ ਨਾਕਾਮੀਆਂ ਅਤੇ ਗਲਤ ਨੀਤੀਆਂ ਕਾਰਨ ਬਦਨਾਮ ਹੋਈ ਹੈ। ਪੰਜਾਬ, ਜੋ ਹਮੇਸ਼ਾ ਮਿਹਨਤੀ ਕਿਸਾਨਾਂ, ਹਰੀ ਕ੍ਰਾਂਤੀ ਅਤੇ ਆਪਣੀ ਮਿੱਟੀ ਦੇ ਜਜ਼ਬੇ ਦਾ ਪ੍ਰਤੀਕ ਰਿਹਾ ਹੈ, ਅੱਜ ਉਸ ਦੇ ਮਾਣ-ਸਨਮਾਨ ਅਤੇ ਕੱਦ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।"
ਨਸ਼ਿਆਂ ਦੇ ਗੰਭੀਰ ਮੁੱਦੇ 'ਤੇ ਮੁੱਖ ਮੰਤਰੀ ਨੂੰ ਸਿੱਧਾ ਸਵਾਲ ਕਰਦਿਆਂ ਨਿਤਿਨ ਨਬੀਨ ਨੇ ਕਿਹਾ, "ਮੈਂ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਨੂੰ ਸਪੱਸ਼ਟ ਸ਼ਬਦਾਂ ਵਿੱਚ ਪੁੱਛਣਾ ਚਾਹੁੰਦਾ ਹਾਂ: ਨਸ਼ੀਲੇ ਪਦਾਰਥਾਂ (ਡਰੱਗਜ਼) ਦੇ ਖ਼ਾਤਮੇ ਦੇ ਨਾਮ 'ਤੇ ਤੁਸੀਂ ਜੋ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਬਾਰੇ ਤੁਸੀਂ ਬੜੀਆਂ ਵੱਡੀਆਂ-ਵੱਡੀਆਂ ਗੱਲਾਂ ਅਤੇ ਦਾਅਵੇ ਕੀਤੇ ਸਨ, ਉਸ ਦਾ ਅਸਲ ਨਤੀਜਾ ਕੀ ਨਿਕਲਿਆ? ਕੀ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੀ ਊਰਜਾਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਦੀ ਬਜਾਏ, ਉਨ੍ਹਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ? ਇੱਥੋਂ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਇੰਝ ਜਾਪਦਾ ਹੈ ਜਿਵੇਂ ਇਨ੍ਹਾਂ ਨੇ ਇਸ ਵਾਅਦੇ ਨੂੰ ਪੂਰਾ ਨਾ ਕਰਨ ਦਾ ਹੀ ਪੱਕਾ ਇਰਾਦਾ ਕਰ ਲਿਆ ਹੋਵੇ।"
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਨਸ਼ਿਆਂ ਦੇ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਈ ਗਈ ਹਾਲੀਆ ਮੁਹਿੰਮ ਨੂੰ ਭਰਪੂਰ ਸਮਰਥਨ ਦਿੱਤਾ ਹੈ ਅਤੇ ਭਾਜਪਾ 'ਤੇ ਆਪਣਾ ਭਰੋਸਾ ਜਤਾਇਆ ਹੈ। ਨਿਤਿਨ ਨਵੀਨ ਨੇ ਪੰਜਾਬ ਵਾਸੀਆਂ ਨੂੰ ਵੱਡਾ ਭਰੋਸਾ ਦਿੰਦਿਆਂ ਐਲਾਨ ਕੀਤਾ, "ਅੱਜ ਮੈਂ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ, ਜਿਸ ਤਰ੍ਹਾਂ ਤੁਸੀਂ ਸਾਡੀ ਮੁਹਿੰਮ ਵਿੱਚ ਹਿੱਸਾ ਲਿਆ ਹੈ ਅਤੇ ਆਪਣਾ ਦ੍ਰਿੜ੍ਹ ਇਰਾਦਾ ਦਿਖਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਇਹ ਸਪੱਸ਼ਟ ਵਾਅਦਾ ਹੈ: ਜਿਸ ਦਿਨ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਅਸੀਂ ਆਪਣੀ ਨਸ਼ਾ-ਮੁਕਤੀ ਮੁਹਿੰਮ ਨੂੰ ਪੂਰੀ ਤਰ੍ਹਾਂ ਸਫਲ ਬਣਾ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾ ਦੇਵਾਂਗੇ। ਸਾਡੇ ਲਈ ਇਹ ਸਿਰਫ਼ ਇੱਕ ਸਿਆਸੀ ਵਾਅਦਾ ਨਹੀਂ, ਸਗੋਂ ਪੂਰੀ ਨਿਸ਼ਠਾ ਨਾਲ ਲਿਆ ਗਿਆ ਇੱਕ ਪੱਕਾ ਸੰਕਲਪ ਹੈ।"
ਮੌਜੂਦਾ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਦੇ ਮਾਮਲੇ ਵਿੱਚ ਸਰਕਾਰ ਦਾ ਰਵੱਈਆ ਬੇਹੱਦ ਗੈਰ-ਜ਼ਿੰਮੇਵਾਰਾਨਾ ਰਿਹਾ ਹੈ। ਉਨ੍ਹਾਂ ਬਸ ਐਵੇਂ ਹੀ ਦਾਅਵੇ ਕਰ ਦਿੱਤੇ, ਪਰ ਇੰਝ ਲੱਗਦਾ ਹੈ ਕਿ ਉਨ੍ਹਾਂ ਦੀ ਮੁਹਿੰਮ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਖ਼ਿਲਾਫ਼ ਹੀ ਜੰਗ ਲੜਨ ਵਰਗੀ ਹੈ। ਅੱਜ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀ ਸਖ਼ਤ ਲੋੜ ਹੈ, ਪਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਪੂਰੀ ਤਰ੍ਹਾਂ ਬਰਬਾਦੀ ਦੇ ਕੰਢੇ 'ਤੇ ਖੜ੍ਹਾ ਹੈ।
- Download Babushahi App
-
-