ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ 7ਵੇਂ ਦਿਨ ਵੀ ਧਰਨਾ ਜਾਰੀ
ਮੰਗਾਂ ਦਾ ਠੋਸ ਹੱਲ ਨਾ ਨਿਕਲਣ 'ਤੇ ਸੰਘਰਸ਼ ਹੋਵੇਗਾ ਹੋਰ ਤਿੱਖਾ, ਮੁਲਾਜ਼ਮ ਭਲਾਈ ਕਮੇਟੀ ਦੀ ਮੀਟਿੰਗ ਤੋਂ ਸਾਰਥਕ ਨਤੀਜਿਆਂ ਦੀ ਆਸ
ਰੋਹਿਤ ਗੁਪਤਾ
ਗੁਰਦਾਸਪੁਰ , 19 ਨਵੰਬਰ 2026 : ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਲਗਾਤਾਰ ਜਾਰੀ ਹੈ। ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਸੂਬੇ ਭਰ ਦੇ ਐਨ.ਐਚ.ਐਮ. ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੌਰਾਨ ਐਨ.ਐਚ.ਐਮ. ਮੁਲਾਜ਼ਮਾਂ ਨੇ ਅੱਜ 19 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਦੀ ਪਟਿਆਲਾ ਸਥਿਤ ਰਿਹਾਇਸ਼ ਮੂਹਰੇ ਪੱਕਾ ਧਰਨਾ ਲੱਗਾ ਦਿੱਤਾ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਨੀਲ ਤਰਗੋਤਰਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਕਰ ਰਹੇ ਹਨ। ਇਸ ਦੌਰਾਨ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਵੀ ਹੋਈਆਂ, ਜਿਨ੍ਹਾਂ ਵਿੱਚ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਮੁਲਾਜ਼ਮ ਭਲਾਈ ਕਮੇਟੀ ਦਾ ਗਠਨ ਕਰਕੇ ਮੰਗਾਂ 'ਤੇ ਵਿਚਾਰ ਕਰਨ ਦੀ ਗੱਲ ਵੀ ਕਹੀ ਗਈ ਸੀ। ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਮੁਲਾਜ਼ਮਾਂ ਵਿੱਚ ਨਿਰਾਸ਼ਾ ਅਤੇ ਰੋਸ ਵਧਦਾ ਜਾ ਰਿਹਾ ਹੈ।
ਡਾ. ਸੁਨੀਲ ਤਰਗੋਤਰਾ ਅਤੇ ਡਾਕਟਰ ਵਿਕਰਮ ਸੂਰੀ, ਅਸ਼ਵਨੀ ਕੁਮਾਰ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਨਤੀਜਾ ਨਹੀਂ ਨਿਕਲਦਾ ਤਾਂ ਯੂਨੀਅਨ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤਹਿਤ 19 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਮੂਹਰੇ ਪੱਕਾ ਧਰਨਾ ਲਗਾ ਦਿੱਤਾ ਹੈ ਅਤੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਠੋਸ ਨਿਪਟਾਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
- Download Babushahi App
-
-