ਝੋਨੇ ਦੀ ਖਰੀਦ: ਬੇਨਿਯਮੀਆਂ ਪਾਏ ਜਾਣ ’ਤੇ ਬਠਿੰਡਾ ਜ਼ਿਲ੍ਹੇ ਵਿੱਚ ਪੰਜ ਆੜ੍ਹਤੀਆਂ ਦੇ ਲਾਇਸੈਂਸ ਮੁਅੱਤਲ
ਅਸ਼ੋਕ ਵਰਮਾ
ਬਠਿੰਡਾ, 19 ਨਵੰਬਰ 2026 :ਜ਼ਿਲ੍ਹਾ ਬਠਿੰਡਾ ਵਿੱਚ ਝੋਨੇ ਦੀ ਖਰੀਦ ਦੌਰਾਨ ਬੇਨਿਯਮੀਆਂ ਸਾਹਮਣੇ ਆਉਣ ’ਤੇ ਪੰਜ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮਾਰਕੀਟ ਕਮੇਟੀ ਰਾਮਾਂ ਅਤੇ ਤਲਵੰਡੀ ਸਾਬੋ ਵੱਲੋਂ ਵੱਖ-ਵੱਖ ਦਾਣਾ ਮੰਡੀਆਂ ਵਿੱਚ ਆੜ੍ਹਤੀਆਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ। ਨਿਯਮਾਂ ਅਨੁਸਾਰ ਆੜ੍ਹਤੀਆਂ ਵੱਲੋਂ ਹਰੇਕ ਕਿਸਾਨ ਦੀ ਫ਼ਸਲ ਦੀਆਂ ਢੇਰੀਆਂ ਵੱਖ-ਵੱਖ ਅਤੇ ਸਹੀ ਢੰਗ ਨਾਲ ਨਿਸ਼ਾਨਦੇਹੀ ਕਰਕੇ ਲਗਾਉਣੀਆਂ ਲਾਜ਼ਮੀ ਹਨ, ਪਰੰਤੂ ਜਾਂਚ ਦੌਰਾਨ ਮੰਡੀਆਂ ਵਿੱਚ ਪਹੁੰਚੀਆਂ ਟੀਮਾਂ ਵੱਲੋਂ ਪਾਇਆ ਗਿਆ ਕਿ ਕੁਝ ਥਾਵਾਂ ’ਤੇ ਫ਼ਸਲ ਦੀਆਂ ਢੇਰੀਆਂ ਆਪਸ ਵਿੱਚ ਮਿਲਾਈਆਂ ਹੋਈਆਂ ਸਨ।
ਉਨ੍ਹਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਐਕਟ, 1961 ਦੀ ਧਾਰਾ 10 ਤਹਿਤ ਨਿਯਮ ਨੰਬਰ 1, 2, 4 ਅਤੇ 8 ਦੀ ਉਲੰਘਣਾ ਕਰਨ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ ਹੈ। ਸਬੰਧਤ ਆੜ੍ਹਤੀਆਂ ਵੱਲੋਂ ਨੋਟੀਫਾਈਡ ਮਾਰਕੀਟ ਖੇਤਰ ਵਿੱਚ ਖਰੀਦੀ ਜਾਂ ਵੇਚੀ ਗਈ ਖੇਤੀਬਾੜੀ ਜਿਣਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲਾਇਸੈਂਸ ਤਲਵੰਡੀ ਸਾਬੋ ਖੇਤਰ ਵਿੱਚ ਮੁਅੱਤਲ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਕੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 201 ਨੋਟੀਫਾਈਡ ਅਨਾਜ ਮੰਡੀਆਂ ਵਿੱਚ ਹੁਣ ਤੱਕ 15,20,171 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ 18 ਨਵੰਬਰ ਨੂੰ 20,093 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ। ਇਸੇ ਤਰ੍ਹਾਂ ਹੁਣ ਤੱਕ 14,28,675 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 18 ਨਵੰਬਰ ਨੂੰ ਇਕ ਦਿਨ ਵਿੱਚ 31,666 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ। ਖਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ। ਹੁਣ ਤੱਕ ਕੁੱਲ 11,20,120 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ, ਜੋ ਕਿ ਕੁੱਲ ਖਰੀਦ ਦਾ 84.92 ਫ਼ੀਸਦੀ ਬਣਦੀ ਹੈ।
- Download Babushahi App
-
-