ਮੋਗਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਬਲਤੇਜ ਪੰਨੂ, ਵਿਧਾਇਕਾਂ ਸ਼ੈਰੀ ਕਲਸੀ, ਸੁਖਾਨੰਦ, ਮਾਣੂੰਕੇ ਵੱਲੋਂ ਜਾਇਜਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ
*ਸਮਾਗਮ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਦੀ ਹੋਵੇਗੀ ਸ਼ਮੂਲੀਅਤ
*ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ
ਮੋਗਾ, 19 ਨਵੰਬਰ(ਗਿਆਨ ਸਿੰਘ) ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ 2026 ਨੂੰ ਹੋਣ ਵਾਲੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਸਟੇਟ ਮੀਡੀਆ ਹੈੱਡ/ਇੰਚਾਰਜ ਸ੍ਰੀ ਬਲਤੇਜ ਪੰਨੂ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਜਗਰਾਉਂ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਸ਼ੇਸ਼ ਤੌਰ 'ਤੇ ਮੋਗਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਾਲੀ ਥਾਂ 'ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲੇ ਇਸ ਵਿਸ਼ਾਲ ਰਾਜ ਪੱਧਰੀ ਸਮਾਗਮ ਵਿੱਚ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਰਾਸ਼ਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਖੁਸ਼ਹਾਲ ਪੰਜਾਬ ਮਹਾਂਰੈਲੀ ਲਈ ਲਗਭਗ 116 ਏਕੜ ਜਗ੍ਹਾ ਵਿੱਚ ਵਿਸ਼ਾਲ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਵਿੱਚ ਇੱਕ ਲੱਖ ਤੋਂ ਵੱਧ ਆਮ ਲੋਕਾਂ, ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਦੇ ਸ਼ਾਮਲ ਹੋਣਗੇ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਦੀ ਵੱਡੀ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਅਤੇ ਪ੍ਰਬੰਧਕੀ ਟੀਮਾਂ ਨੂੰ ਕਿਹਾ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਵੇ। ਪਾਰਕਿੰਗ, ਆਵਾਜਾਈ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬੈਠਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਵਿਅਕਤੀ, ਖਾਸ ਕਰਕੇ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਮੋਗਾ ਪੰਜਾਬ ਦੇ ਕੇਂਦਰੀ ਹਿੱਸੇ ਵਿੱਚ ਸਥਿਤ ਹੋਣ ਕਰਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਲੋਕਾਂ ਲਈ ਸੁਵਿਧਾਜਨਕ ਸਥਾਨ ਹੈ। ਇਸ ਲਈ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹਰ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਇੱਕ ਵੱਡਾ ਇਕੱਠ ਹੀ ਨਹੀਂ, ਸਗੋਂ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਅਹਿਮ ਮੰਚ ਵੀ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਕਿਸਾਨਾਂ ਲਈ ਖੇਤੀਬਾੜੀ ਸਹੂਲਤਾਂ ਅਤੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੀ ਇਸ ਮੌਕੇ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
ਉਨ੍ਹਾਂ ਸਮੂਹ ਪ੍ਰਬੰਧਕੀ ਟੀਮਾਂ ਨੂੰ ਹਦਾਇਤ ਕੀਤੀ ਕਿ 26 ਨਵੰਬਰ ਨੂੰ ਹੋਣ ਵਾਲੇ ਇਸ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ।
ਇਸ ਮੌਕੇ ਐਸ.ਡੀ.ਐਮ. ਮੋਗਾ ਸਤਵਿੰਦਰ ਪਾਲ ਸਿੰਘ ਰਣੀਕੇ ਵੱਲੋਂ ਸਮਾਗਮ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਫੋਟੋ ਕੈਪਸ਼ਨ- ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਸਬੰਧੀ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਸਟੇਟ ਮੀਡੀਆ ਹੈੱਡ/ਇੰਚਾਰਜ ਬਲਤੇਜ ਪੰਨੂ, ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਜਗਰਾਉਂ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਰੈਲੀ ਵਾਲੇ ਸਥਾਨ ਉਪਰ।
- Download Babushahi App
-
-