ਸੰਗਰੂਰ 'ਚ ਨਸ਼ਾ ਵਿਰੋਧੀ ਕਾਰਕੁਨ ’ਤੇ ਜਾਨਲੇਵਾ ਹਮਲਾ: ਸ਼ਵੇਤ ਮਲਿਕ
ਅੰਮ੍ਰਿਤਸਰ, 19 ਨਵੰਬਰ 2026- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋ ਹੈਰਾਨ ਕਰਨ ਵਾਲੀਆਂ ਘਟਨਾਵਾਂ ਨੇ ਸਰਕਾਰ ਦੀ ਬਹੁ-ਪ੍ਰਚਾਰਿਤ ਨਸ਼ਾ ਵਿਰੋਧੀ ਮੁਹਿੰਮ ਦੀ ਪੂਰੀ ਨਾਕਾਮੀ ਅਤੇ ਦੋਗਲੇਪਣ ਨੂੰ ਬੇਨਕਾਬ ਕਰ ਦਿੱਤਾ ਹੈ।
ਸੰਗਰੂਰ ਜ਼ਿਲ੍ਹੇ ਦੇ ਪਿੰਡ ਲਹਿਲ ਕਲਾਂ ਵਿੱਚ ਪਿੰਡ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਸਤਗੁਰ ਸਿੰਘ ’ਤੇ ਹੋਏ ਬੇਰਹਿਮ ਹਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਮਲਿਕ ਨੇ ਕਿਹਾ ਕਿ ਨਸ਼ਾ ਕਰਨ ਤੋਂ ਨੌਜਵਾਨਾਂ ਨੂੰ ਰੋਕਣ ਕਾਰਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀਆਂ ਦੋਵੇਂ ਲੱਤਾਂ ਅਤੇ ਇੱਕ ਬਾਂਹ ਤੋੜ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਇੰਨੀ ਬਦਤਰ ਹੋ ਚੁੱਕੀ ਹੈ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਆਮ ਨਾਗਰਿਕ ਵੀ ਹੁਣ ਸੁਰੱਖਿਅਤ ਨਹੀਂ ਹਨ।
ਜਾਰੀ ਪ੍ਰੈੱਸ ਬਿਆਨ ਅਨੁਸਾਰ ਸ੍ਰੀ ਮਲਿਕ ਨੇ ਕਿਹਾ, “ਜਦੋਂ ਨਸ਼ਾ ਤਸਕਰ ਅਤੇ ਨਸ਼ੇੜੀ ਖੁੱਲ੍ਹੇਆਮ ਪੰਚਾਇਤ ਦੀ ਹਮਾਇਤ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਵਿਅਕਤੀ ’ਤੇ ਖੇਤਾਂ ਤੋਂ ਵਾਪਸ ਆਉਂਦੇ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਸਕਦੇ ਹਨ, ਤਾਂ ਇਹ ਸਾਬਤ ਕਰਦਾ ਹੈ ਕਿ ਅਪਰਾਧੀਆਂ ਵਿੱਚ ‘ਆਪ’ ਸਰਕਾਰ ਦਾ ਕੋਈ ਡਰ ਨਹੀਂ ਰਿਹਾ।”
ਇਸ ਦੇ ਨਾਲ ਹੀ ਸ੍ਰੀ ਮਲਿਕ ਨੇ ਜੰਡਿਆਲਾ ਗੁਰੂ ਵਿੱਚ ਨਸ਼ਾ ਤਸਕਰੀ ਦੇ ਕਾਰੋਬਾਰ ਨੂੰ ਕਥਿਤ ਸਿਆਸੀ ਸਰਪ੍ਰਸਤੀ ਦੇਣ ਸਬੰਧੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ’ਤੇ ਲੱਗੇ ਗੰਭੀਰ ਦੋਸ਼ਾਂ ਦਾ ਵੀ ਜ਼ਿਕਰ ਕੀਤਾ।
ਉਨ੍ਹਾਂ ਨੇ 14 ਜਨਵਰੀ ਨੂੰ ਜੰਡਿਆਲਾ ਗੁਰੂ-ਤਰਨਤਾਰਨ ਸੜਕ ’ਤੇ 40 ਕਿਲੋ ਹੈਰੋਇਨ (ਜਿਸ ਦੀ ਕੀਮਤ ਲਗਭਗ 200 ਕਰੋੜ ਰੁਪਏ ਦੱਸੀ ਗਈ ਹੈ) ਦੀ ਬਰਾਮਦਗੀ ਸਬੰਧੀ ਉੱਠੇ ਗੰਭੀਰ ਸਵਾਲਾਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਚਲਾਨ ਰਿਕਾਰਡ ਮੌਜੂਦ ਹੋਣ ਦੇ ਬਾਵਜੂਦ ਬਾਅਦ ਵਿੱਚ ਇਸ ਬਰਾਮਦਗੀ ਨੂੰ ਕਥਿਤ ਤੌਰ ’ਤੇ ‘ਫਰਜ਼ੀ’ ਕਰਾਰ ਦਿੱਤਾ ਗਿਆ।
ਇਸ ਤੋਂ ਇਲਾਵਾ 15 ਸਤੰਬਰ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ 31 ਸਾਲਾ ਵਿਚਾਰ ਅਧੀਨ ਕੈਦੀ ਪੁਨੀਤ ਪਾਲ ਢਿੱਲੋਂ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਹਿਰਾਸਤੀ ਮੌਤ ਅਤੇ ਉਸ ਦੇ ਮੰਤਰੀ ਦੇ ਭਰਾ ਨਾਲ ਕਥਿਤ ਸਬੰਧਾਂ ਦਾ ਜ਼ਿਕਰ ਕਰਦਿਆਂ ਸ੍ਰੀ ਮਲਿਕ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਜਵਾਬ ਮੰਗਿਆ।
ਸ੍ਰੀ ਮਲਿਕ ਨੇ ਮੰਗ ਕੀਤੀ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ, 40 ਕਿਲੋ ਹੈਰੋਇਨ ਦੀ ਬਰਾਮਦਗੀ ਅਤੇ ਹਿਰਾਸਤੀ ਮੌਤ ਦੇ ਮਾਮਲੇ ਦੀ ਸੁਤੰਤਰ ਸੀਬੀਆਈ ਜਾਂਚ ਕਰਵਾਈ ਜਾਵੇ ਅਤੇ ਸਤਗੁਰ ਸਿੰਘ ’ਤੇ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਨਸ਼ਾ ਤਸਕਰੀ ਦੇ ਨੈੱਟਵਰਕ ਬਿਨਾਂ ਕਿਸੇ ਡਰ ਦੇ ਕੰਮ ਕਰ ਰਹੇ ਹੋਣ, ਤਾਂ ਸਿਰਫ਼ ਝੂਠੀ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ਮੁਹਿੰਮਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਨਹੀਂ ਬਚਾਇਆ ਜਾ ਸਕਦਾ।
- Download Babushahi App
-
-