ਸਿਹਤ ਵਿਭਾਗ ਨੇ ਜੱਚਾ-ਬੱਚਾ ਹਸਪਤਾਲ ਵਿਖੇ ਮਾਵਾਂ ਨੂੰ ਦਿੱਤੀ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਜਾਣਕਾਰੀ
ਅਸ਼ੋਕ ਵਰਮਾ
ਬਠਿੰਡਾ, 20 ਨਵੰਬਰ 2026 :ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਿਹਤ ਵਿਭਾਗ ਬਠਿੰਡਾ ਵੱਲੋਂ ਰਾਸ਼ਟਰੀ ਨਵਜਾਤ ਸ਼ਿਸ਼ੂ ਸੰਭਾਲ ਹਫ਼ਤਾ 15 ਤੋਂ 21 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜੱਚਾ-ਬੱਚਾ ਹਸਪਤਾਲ ਬਠਿੰਡਾ ਵਿਖੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਬੱਚਿਆਂ ਦੀ ਸਹੀ ਦੇਖਭਾਲ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਮਾਵਾਂ ਨੂੰ ਨਵਜੰਮੇ ਬੱਚਿਆਂ ਦੀ ਸਿਹਤ, ਸਾਫ਼-ਸਫ਼ਾਈ, ਮਾਂ ਦੇ ਦੁੱਧ ਦੀ ਮਹੱਤਤਾ ਅਤੇ ਸਮੇਂ ਸਿਰ ਟੀਕਾਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਨਵਜੰਮੇ ਬੱਚੇ ਦੀ ਜ਼ਿੰਦਗੀ ਦੇ ਪਹਿਲੇ 28 ਦਿਨ ਬਹੁਤ ਮਹੱਤਵਪੂਰਨ ਹੁੰਦੇ ਹਨ। ਇਸ ਸਮੇਂ ਦੌਰਾਨ ਬੱਚੇ ਦੀ ਵਿਸ਼ੇਸ਼ ਦੇਖਭਾਲ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਜਨਮ ਤੋਂ ਤੁਰੰਤ ਬਾਅਦ ਮਾਂ ਦਾ ਪਹਿਲਾ ਗਾੜ੍ਹਾ ਪੀਲਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ, ਕਿਉਂਕਿ ਇਹ ਬੱਚੇ ਲਈ ਕੁਦਰਤੀ ਟੀਕੇ ਵਜੋਂ ਕੰਮ ਕਰਦਾ ਹੈ ਅਤੇ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਾਉਂਦਾ ਹੈ। ਬੱਚੇ ਨੂੰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ।
ਬੱਚਿਆਂ ਦੇ ਮਾਹਿਰ ਡਾਕਟਰ ਅੰਜਲੀ ਬਾਂਸ਼ਲ ਨੇ ਮਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵਜੰਮੇ ਬੱਚੇ ਨੂੰ ਹਮੇਸ਼ਾ ਸਾਫ਼-ਸੁਥਰੇ ਅਤੇ ਨਿੱਘੇ ਵਾਤਾਵਰਨ ਵਿੱਚ ਰੱਖਣਾ ਚਾਹੀਦਾ ਹੈ। ਬੱਚੇ ਨੂੰ ਛੂਹਣ ਤੋਂ ਪਹਿਲਾਂ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ ਅਤੇ ਬੱਚੇ ਨੂੰ ਲੋੜੀਂਦੀ ਗਰਮੀ ਦੇਣ ਲਈ ਮਾਂ ਨਾਲ ਚਮੜੀ ਨਾਲ ਚਮੜੀ ਦਾ ਸੰਪਰਕ (ਕੰਗਾਰੂ ਮਦਰ ਕੇਅਰ) ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਵਜੰਮੇ ਬੱਚੇ ਨੂੰ ਦੁੱਧ ਪੀਣ ਵਿੱਚ ਮੁਸ਼ਕਲ, ਸਾਹ ਲੈਣ ਵਿੱਚ ਤਕਲੀਫ਼, ਬੁਖ਼ਾਰ, ਸਰੀਰ ਠੰਢਾ ਹੋਣਾ ਜਾਂ ਸੁਸਤੀ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਮਾਵਾਂ ਨੂੰ ਅਪੀਲ ਕੀਤੀ ਕਿ ਬੱਚੇ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ 'ਤੇ ਘਰੇਲੂ ਇਲਾਜ ਦੀ ਬਜਾਏ ਮਾਹਿਰ ਡਾਕਟਰ ਦੀ ਸਲਾਹ ਲੈਣ। ਇਸ ਹਫ਼ਤੇ ਦਾ ਮੁੱਖ ਉਦੇਸ਼ ਨਵਜੰਮੇ ਬੱਚਿਆਂ ਦੀ ਮੌਤ ਦਰ ਘਟਾਉਣਾ ਅਤੇ ਹਰ ਬੱਚੇ ਨੂੰ ਸਿਹਤਮੰਦ ਜੀਵਨ ਦੀ ਸ਼ੁਰੂਆਤ ਪ੍ਰਦਾਨ ਕਰਨਾ ਹੈ। ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਬੀ.ਈ.ਈ ਮਾਲਵਿੰਦਰ ਸਿੰਘ ਤਿਉਣਾ ਅਤੇ ਸਟਾਫ ਹਾਜਰ ਸਨ ।
- Download Babushahi App
-
-