"ਜਮਹੂਰੀਅਤ ਬਹਾਲ ਕਰੋ" ਦੇ ਬੈਨਰ ਫੜ ਕੇ ਸ਼੍ਰੋਮਣੀ ਕਮੇਟੀ ਦਫਤਰ ਦੇ ਬਾਹਰ ਰੋਸ ਵਿਖਾਵਾ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 20 ਨਵੰਬਰ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਨੇ ਮੌਜੂਦਾ ਸ਼੍ਰੋਮਣੀ ਕਮੇਟੀ ਹਾਊਸ ਵੱਲੋਂ ਕੀਤੀ ਜਾ ਰਹੀ ਪ੍ਰਧਾਨ ਦੀ ਚੋਣ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਮੰਗ ਕੀਤੀ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਨਿਯਮਤ ਚੋਣਾਂ ਕਰਵਾਈਆਂ ਜਾਣ। ਇਸ ਪ੍ਰਦਰਸ਼ਨ ਵਿੱਚ ਪਾਰਟੀ ਦੇ ਮੁੱਖ ਅਹੁਦੇਦਾਰਾਂ, ਆਗੂਆਂ, ਵਰਕਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਵਾਉਣਾ ਸਿੱਖ ਕੌਮ ਦੇ ਜਮਹੂਰੀ ਹੱਕਾਂ ਨਾਲ ਵੱਡਾ ਖਿਲਵਾੜ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਦੀ ਚੋਣ ਕਰਨ ਦਾ ਅਸਲ ਅਧਿਕਾਰ ਸਿੱਖ ਸੰਗਤ ਕੋਲ ਹੈ, ਨਾ ਕਿ ਕਿਸੇ ਅਜਿਹੇ ਹਾਊਸ ਕੋਲ ਜਿਸ ਦੀ ਨਵੀਂ ਚੋਣ ਲੰਬੇ ਸਮੇਂ ਤੋਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਦੋਂ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਮੌਕਾ ਹੀ ਨਹੀਂ ਦਿੱਤਾ ਜਾ ਰਿਹਾ ਤਾਂ ਅਜਿਹੀ ਸਥਿਤੀ ਵਿੱਚ ਕੀਤੀਆਂ ਜਾ ਰਹੀਆਂ ਚੋਣ ਪ੍ਰਕਿਰਿਆਵਾਂ ਸਿੱਖ ਜਮਹੂਰੀਅਤ ਦੀ ਭਾਵਨਾ ਦੇ ਉਲਟ ਹਨ।
ਸ. ਮਾਨ ਨੇ 1946 ਦੇ ਕੁੱਕੜ ਮਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਵੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਸਿੱਖ ਕੌਮ ਦੀ ਵੱਖਰੀ ਹੋਂਦ ਅਤੇ ਆਜ਼ਾਦੀ ਦੇ ਸਿਧਾਂਤਾਂ ਸਬੰਧੀ ਅਹਿਮ ਵਿਚਾਰ ਪ੍ਰਗਟ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਆਪਣੀ ਨਿਆਰੀ ਧਾਰਮਿਕ ਪਹਿਚਾਣ, ਇਤਿਹਾਸ, ਸਿਧਾਂਤ ਅਤੇ ਵੱਖਰੀ ਰਹਿਤ-ਮਰਿਆਦਾ ਹੈ, ਜਿਸ ਦੀ ਰਾਖੀ ਕਰਨਾ ਸ਼੍ਰੋਮਣੀ ਕਮੇਟੀ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਵੰਦੇ ਮਾਤਰਮ ਦੇ ਮੁੱਦੇ ਉੱਤੇ ਵੀ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਸਬੰਧੀ ਕਈ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ।
ਉਨ੍ਹਾਂ ਦੋਸ਼ ਲਾਇਆ ਕਿ ਆਰ.ਐੱਸ.ਐੱਸ. ਅਤੇ ਹਿੰਦੂਤਵ ਦੀਆਂ ਤਾਕਤਾਂ ਸਿੱਖਾਂ ਦੇ ਗੁਰਧਾਮਾਂ ਦੇ ਪ੍ਰਬੰਧ ਵਿੱਚ ਦਖ਼ਲਅੰਦਾਜ਼ੀ ਕਰ ਰਹੀਆਂ ਹਨ ਅਤੇ ਸਿੱਖ ਕੌਮ ਦੀ ਵੱਖਰੀ ਪਹਿਚਾਣ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਭਾਰਤ ਦੀਆਂ ਏਜੰਸੀਆਂ ਵੱਲੋਂ ਸਿੱਖਾਂ ਦੇ ਕਤਲ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸਰਹੱਦਾਂ ਨੂੰ ਵਪਾਰ ਲਈ ਨਾ ਖੋਲ੍ਹਣਾ ਪੰਜਾਬ ਦੀ ਆਰਥਿਕਤਾ ਨੂੰ ਕਮਜ਼ੋਰ ਕਰਨ ਵਾਲਾ ਕਦਮ ਹੈ।
ਇਸ ਮੌਕੇ ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੂੰ ਵਿਸਥਾਰਤ ਮੰਗ-ਪੱਤਰ ਵੀ ਸੌਂਪਿਆ ਗਿਆ। ਇਸ ਮੰਗ-ਪੱਤਰ ਵਿੱਚ ਸਿੱਖਾਂ ਦੀ ਨਿਆਰੀ ਧਾਰਮਿਕ ਪਹਿਚਾਣ ਦੀ ਰਾਖੀ, ਵੰਦੇ ਮਾਤਰਮ ਦੇ ਰਾਜਕੀ ਸਤਿਕਾਰ ਨੂੰ ਰੱਦ ਕਰਨ, ਜ਼ਮੀਰ ਦੀ ਆਜ਼ਾਦੀ ਦੀ ਰਾਖੀ, ਸੰਵਿਧਾਨ ਦੀ ਧਾਰਾ 25 ਵਿੱਚ ਸੋਧ, ਸਿੱਖ ਪਰਿਵਾਰਕ ਕਾਨੂੰਨ ਬਣਾਉਣ ਅਤੇ ਗੁਰਦੁਆਰਾ ਚੋਣਾਂ ਨਿਯਮਤ ਸਮੇਂ ਉੱਤੇ ਲਾਜ਼ਮੀ ਕਰਵਾਉਣ ਦੀਆਂ ਮੰਗਾਂ ਉਠਾਈਆਂ ਗਈਆਂ।
ਇਸ ਤੋਂ ਇਲਾਵਾ ਸੁਤੰਤਰ ਪੰਥਕ ਚੋਣ ਪ੍ਰਬੰਧ ਸਥਾਪਤ ਕਰਨ ਅਤੇ ਪਾਵਨ ਸਰੂਪਾਂ, ਬਰਗਾੜੀ ਤੇ ਬਹਿਬਲ ਕਲਾਂ ਮਾਮਲਿਆਂ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ। ਮੰਗ-ਪੱਤਰ ਵਿੱਚ ਸ਼੍ਰੋਮਣੀ ਕਮੇਟੀ ਨੂੰ ਆਪਣੇ ਮੂਲ ਸਿਧਾਂਤਾਂ ਵੱਲ ਮੁੜਨ ਦੀ ਅਪੀਲ ਕਰਦਿਆਂ ਕਿਹਾ ਗਿਆ ਕਿ ਇਸ ਸੰਸਥਾ ਦਾ ਮਕਸਦ ਕਿਸੇ ਦੂਜੇ ਧਰਮ ਜਾਂ ਸਿਆਸੀ ਵਿਚਾਰਧਾਰਾ ਨੂੰ ਠੇਸ ਪਹੁੰਚਾਉਣਾ ਨਹੀਂ, ਸਗੋਂ ਸਿੱਖ ਧਰਮ ਦੀ ਵੱਖਰੀ ਪਹਿਚਾਣ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਨਾ ਹੈ।ਪਾਰਟੀ ਆਗੂਆਂ ਨੇ ਉਮੀਦ ਪ੍ਰਗਟਾਈ ਕਿ ਜੇਕਰ ਸਿੱਖ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਜਮਹੂਰੀ ਅਧਿਕਾਰ ਦਿੱਤਾ ਜਾਂਦਾ ਹੈ ਤਾਂ ਪੰਥ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਦੇ ਹੱਲ ਲਈ ਨਵੀਂ ਦਿਸ਼ਾ ਮਿਲ ਸਕਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਮੰਗ-ਪੱਤਰ ਵਿੱਚ ਦਰਜ ਪੰਥਕ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਲੋੜੀਂਦੇ ਕਦਮ ਚੁੱਕੇ ਜਾਣ। ਅਤੇ ਤੁਰੰਤ ਅਸਤੀਫੇ ਦੇ ਕੇ ਨਵੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਇੱਕ ਮਹੀਨੇ ਦਾ ਟਾਈਮ ਦੇਣ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ, ਗੁਰਜੰਟ ਸਿੰਘ ਕੱਟੂ, ਹਰਭਜਨ ਸਿੰਘ ਕਸ਼ਮੀਰੀ,ਹਰਪਾਲ ਸਿੰਘ ਬਲੇਰ, ਅਤੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ,ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਰਜਿੰਦਰ ਕੌਰ ਜੈਤੋ , ਗੁਰਬਚਨ ਸਿੰਘ ਪਵਾਰ ਸਮੇਤ ਸਮੂਹ ਅਹੁਦੇਦਾਰ, ਮੈਂਬਰ, ਵਰਕਰ ਸਾਹਿਬਾਨ ਹਾਜ਼ਰ ਸਨ।
- Download Babushahi App
-
-