ਆਪ ਸਰਕਾਰ ਨੇ ਮੁਲਾਜ਼ਮਾਂ ਦੀ ਪਿੱਠ 'ਚ ਛੁਰਾ ਮਾਰਿਆ, ਭਾਜਪਾ ਸਰਕਾਰ ਬਣਨ 'ਤੇ ਹੀ ਹੋਵੇਗਾ ਹਰ ਮਸਲੇ ਦਾ ਹੱਲ: ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 20 ਨਵੰਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਆਪਣੇ ਹੱਕਾਂ ਲਈ ਲੜੇ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ 'ਆਪ' ਦੀ ਸਰਕਾਰ ਬਣੀ ਸੀ, ਤਾਂ ਸੂਬੇ ਦੇ ਮੁਲਾਜ਼ਮ ਵਰਗ ਨੇ ਬੜੀਆਂ ਉਮੀਦਾਂ ਨਾਲ ਫੁੱਲਾਂ ਦੀ ਵਰਖਾ ਕਰਕੇ ਇਸ ਸਰਕਾਰ ਦਾ ਸਵਾਗਤ ਕੀਤਾ ਸੀ, ਪਰ ਅੱਜ ਸਭ ਤੋਂ ਵੱਧ ਡਾਂਗਾਂ, ਧੋਖਾ ਅਤੇ ਅੱਤਿਆਚਾਰ ਵੀ ਇਸੇ ਮੁਲਾਜ਼ਮ ਵਰਗ ਨਾਲ ਕੀਤਾ ਜਾ ਰਿਹਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਮੁਲਾਜ਼ਮ ਵਰਗ, ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮ, ਮਿਡ-ਡੇਅ ਮੀਲ ਵਰਕਰ, ਆਸ਼ਾ ਵਰਕਰ, ਆਂਗਣਵਾੜੀ ਵਰਕਰ, ਸਫਾਈ ਕਰਮਚਾਰੀ ਅਤੇ ਕੰਪਿਊਟਰ ਅਧਿਆਪਕ ਸ਼ਾਮਲ ਹਨ, ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਸੜਕਾਂ 'ਤੇ ਰੁਲਣ ਲਈ ਮਜਬੂਰ ਹੈ। ਮੁੱਖ ਮੰਤਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਮੀਟਿੰਗਾਂ ਕਰਨ ਤੋਂ ਭੱਜ ਰਹੇ ਹਨ ਅਤੇ ਟਾਲ-ਮਟੋਲ ਦੀ ਨੀਤੀ ਅਪਣਾ ਕੇ ਹੱਕ ਮੰਗਣ ਵਾਲਿਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਥਾਂ ਟਾਲ-ਮਟੋਲ ਦੀ ਨੀਤੀ ਹੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਮਾਮਲੇ ਵਿੱਚ ਸਰਕਾਰ ਮੁਲਾਜ਼ਮਾਂ ਦੇ ਨਾਲ-ਨਾਲ ਅਦਾਲਤ ਨੂੰ ਵੀ ਗੁੰਮਰਾਹ ਕਰਦੀ ਰਹੀ ਹੈ। ਮੁਲਾਜ਼ਮਾਂ ਦਾ ਬਣਦਾ ਡੀਏ ਦੇਣ ਦੀ ਥਾਂ ਫੋਕੇ ਐਲਾਨਾਂ ਤੱਕ ਸੀਮਿਤ ਰਹੀ ਹੈ। ਇਸ ਤੋਂ ਬਿਨਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।
ਢਿੱਲੋਂ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ 'ਤੇ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਪੱਕਾ ਅਤੇ ਸਨਮਾਨਜਨਕ ਹੱਲ ਕੀਤਾ ਜਾਵੇਗਾ ਅਤੇ ਹਰ ਵਰਗ ਨੂੰ ਉਸ ਦਾ ਬਣਦਾ ਹੱਕ ਦਿੱਤਾ ਜਾਵੇਗਾ।
- Download Babushahi App
-
-