ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਕਰੀਬ ਸਾਢੇ ਤਿੰਨ ਸਾਲ ਬਾਅਦ ਪੈਰੋਲ 'ਤੇ ਬਾਹਰ ਆਏ MP ਭਾਈ ਅੰਮ੍ਰਿਤਪਾਲ ਸਿੰਘ
ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸਰਚਾਂਦੀ ਦਾ ਵੱਡਾ ਦਾਅਵਾ, 2027 'ਚ ਭਾਈ ਅੰਮ੍ਰਿਤਪਾਲ ਸਿੰਘ ਬਣਨਗੇ ਪੰਜਾਬ ਦੇ ਮੁੱਖ ਮੰਤਰੀ
ਪੈਰੋਲ ਦੀਆਂ ਸਖ਼ਤ ਸ਼ਰਤਾਂ 'ਤੇ ਭੜਕੇ ਸਮਰਥਕ, ਗੱਲਬਾਤ ਅਤੇ ਮਿਲਣ 'ਤੇ ਪਾਬੰਦੀ ਨੂੰ ਦੱਸਿਆ ਸਿੱਖ ਕੌਮ ਨਾਲ ਧੱਕਾ
Kulwinder Singh
ਅੰਮ੍ਰਿਤਸਰ, 21 ਨਵੰਬਰ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਕਰੀਬ ਸਾਢੇ ਤਿੰਨ ਸਾਲ ਬਾਅਦ ਪੈਰੋਲ 'ਤੇ ਬਾਹਰ ਆਏ ਹਨ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਵਿੱਚ ਇੱਕ ਪਾਸੇ ਦਾਦੀ ਦੇ ਦੇਹਾਂਤ ਕਾਰਨ ਸੋਗ ਦਾ ਮਾਹੌਲ ਦੇਖਣ ਨੂੰ ਮਿਲਿਆ, ਉੱਥੇ ਹੀ ਲੰਬੇ ਸਮੇਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਦੀ ਇੱਕ ਝਲਕ ਦੇਖਣ ਲਈ ਵੀ ਵੱਡੀ ਗਿਣਤੀ ਵਿੱਚ ਸਮਰਥਕ ਪਹੁੰਚੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸਰਚਾਂਦੀ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬੇਹੱਦ ਭਾਵੁਕ ਹੈ, ਕਿਉਂਕਿ ਇੱਕ ਪਾਸੇ ਪਰਿਵਾਰ ਵਿੱਚ ਸੋਗ ਹੈ ਅਤੇ ਦੂਜੇ ਪਾਸੇ ਲੰਬੇ ਸਮੇਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਲੋਕਾਂ ਵਿੱਚ ਪਹੁੰਚੇ ਹਨ। ਪੈਰੋਲ ਦੌਰਾਨ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਸਖ਼ਤ ਸ਼ਰਤਾਂ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਸਰਚਾਂਦੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨਾਲ ਗੱਲਬਾਤ ਕਰਨ ਅਤੇ ਕਿਸੇ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਇਸ ਨੂੰ ਸਿੱਖ ਕੌਮ ਨਾਲ ਧੱਕਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰਾਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਪੰਜਾਬ ਆਪਣੇ ਹੱਕਾਂ ਦੀ ਲੜਾਈ ਜਾਰੀ ਰੱਖੇਗਾ।
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਕੁਲਦੀਪ ਸਿੰਘ ਸਰਚਾਂਦੀ ਨੇ ਕਿਹਾ ਕਿ ਉਨ੍ਹਾਂ ਦਾ ਮਿਸ਼ਨ 2027 ਕਰੀਬ 95 ਫ਼ੀਸਦੀ ਤਿਆਰ ਹੋ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਵੇਗਾ। ਮੌਜੂਦਾ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਤੋਂ ਬਾਅਦ ਮੌਜੂਦਾ ਸਰਕਾਰ ਦੇ ਕਥਿਤ ਜ਼ੁਲਮਾਂ ਦਾ ਹਿਸਾਬ ਲਿਆ ਜਾਵੇਗਾ ਅਤੇ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ 2027 ਵਿੱਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ, ਚੰਡੀਗੜ੍ਹ ਅਤੇ ਡੈਮਾਂ 'ਤੇ ਪੰਜਾਬ ਦੇ ਹੱਕ ਵਾਪਸ ਲੈਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਵਿਦੇਸ਼ਾਂ ਵਿੱਚ ਵੱਸਦਾ ਸਿੱਖ ਭਾਈਚਾਰਾ ਵੀ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ ਅਤੇ 2030 ਤੱਕ ਸਿੱਖ ਕੌਮ ਅਤੇ ਖਾਲਸਾ ਰਾਜ ਨਵੀਆਂ ਬੁਲੰਦੀਆਂ ਹਾਸਲ ਕਰੇਗਾ।
- Download Babushahi App
-
-