ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ ਮਰਹੂਮ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਪੜ੍ਹੋ ਕੀ ਕਿਹਾ ?
ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਸਾਥੀਆਂ ਅਤੇ ਸਮੂਹ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ; ਕਿਹਾ- ਚੁਣੀਆਂ ਹੋਈਆਂ ਸਰਕਾਰਾਂ ਕਾਨੂੰਨ ਨੂੰ ਛਿੱਕੇ 'ਤੇ ਨਾ ਟੰਗਣ
ਅੰਮ੍ਰਿਤਸਰ/ਜੱਲੂਪੁਰ ਖੇੜਾ, 21 ਨਵੰਬਰ, 2026: ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ। ਇਸ ਮੌਕੇ ਮਰਹੂਮ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੀ ਵਿਸ਼ੇਸ਼ ਤੌਰ 'ਤੇ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਣ ਲਈ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੀਮ ਸਿੰਘ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਸਾਥੀਆਂ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਲੰਬੇ ਸਮੇਂ ਤੋਂ ਬੰਦ ਸਾਰੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਪੁਰਜ਼ੋਰ ਮੰਗ ਕੀਤੀ।
ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਕਾਰਾਂ ਦੀ ਕਾਰਜਪ੍ਰਣਾਲੀ 'ਤੇ ਬੋਲੇ ਭੀਮ ਸਿੰਘ
ਮੀਡੀਆ ਨਾਲ ਗੱਲਬਾਤ ਦੌਰਾਨ ਭੀਮ ਸਿੰਘ ਨੇ ਕਿਹਾ ਕਿ ਉਹ ਮੁੱਖ ਤੌਰ 'ਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਣ ਲਈ ਆਏ ਹਨ। ਰਿਹਾਈ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਸਾਥੀਆਂ ਅਤੇ ਸਮੂਹ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਵੀ ਵੱਡੇ ਪੱਧਰ 'ਤੇ ਮੋਰਚੇ ਲਗਾਏ ਜਾ ਚੁੱਕੇ ਹਨ, ਪਰ ਸਰਕਾਰਾਂ ਨੇ ਇਸ ਪਾਸੇ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ।
ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਦੀ ਕੀਤੀ ਅਪੀਲ
ਸਰਕਾਰਾਂ ਦੀ ਕਾਰਜਸ਼ੈਲੀ 'ਤੇ ਸਵਾਲ ਉਠਾਉਂਦਿਆਂ ਭੀਮ ਸਿੰਘ ਨੇ ਕਿਹਾ ਕਿ ਇੱਕ ਦੌਰ ਸੀ ਜਦੋਂ ਦੇਸ਼ 'ਤੇ ਅੰਗਰੇਜ਼ਾਂ ਜਾਂ ਮੁਗਲਾਂ ਵਰਗੀਆਂ ਵਿਦੇਸ਼ੀ ਤਾਕਤਾਂ ਦਾ ਸ਼ਾਸਨ ਸੀ, ਪਰ ਅੱਜ ਦੇਸ਼ ਵਿੱਚ ਲੋਕਾਂ ਵੱਲੋਂ ਚੁਣੀਆਂ ਹੋਈਆਂ ਲੋਕਤੰਤਰੀ ਸਰਕਾਰਾਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਆਪਣੀਆਂ ਚੁਣੀਆਂ ਹੋਈਆਂ ਸਰਕਾਰਾਂ ਨੂੰ ਇਸ ਤਰ੍ਹਾਂ ਕਾਨੂੰਨ ਨੂੰ ਛਿੱਕੇ 'ਤੇ ਨਹੀਂ ਟੰਗਣਾ ਚਾਹੀਦਾ। ਅੰਤ ਵਿੱਚ ਉਨ੍ਹਾਂ ਮੁੜ ਅਪੀਲ ਕੀਤੀ ਕਿ ਸਰਕਾਰ ਮਾਨਵੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਸਾਥੀਆਂ ਅਤੇ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ।
- Download Babushahi App
-
-