ਤਰਨ ਤਾਰਨ: 20 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਗੁਸਲਖਾਨੇ 'ਚ ਟੀਕਾ ਲਗਾਉਣ ਕਾਰਨ ਗਈ ਜਾਨ
Baljit Singh
ਪੱਟੀ (ਤਰਨ ਤਾਰਨ), 21 ਨਵੰਬਰ, 2026: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਤੂਤ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 20 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਪੁੱਤਰ ਸਵ. ਸੁਖਮਨ ਸਿੰਘ ਵਾਸੀ ਪਿੰਡ ਤੂਤ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਪਿੰਡ ਵਾਸੀਆਂ ਵਿੱਚ ਨਸ਼ਾ ਤਸਕਰਾਂ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਿਤਪਾਲ ਸਿੰਘ ਦੇ ਚਾਚਾ ਸੁਖਦੇਵ ਸਿੰਘ ਰੌਣਕੀ ਅਤੇ ਮਾਤਾ ਹਰਜੀਤ ਕੌਰ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਘਰ ਵਿੱਚ ਸਿਰਫ਼ ਪ੍ਰਿਤਪਾਲ, ਉਸ ਦੀ ਮਾਤਾ ਅਤੇ ਵੱਡਾ ਭਰਾ ਹੀ ਸਨ, ਪਰ ਵੱਡਾ ਭਰਾ ਵੀ ਕਿਸੇ ਮਾਮਲੇ ਵਿੱਚ ਜੇਲ੍ਹ ਅੰਦਰ ਬੰਦ ਹੈ। ਪਰਿਵਾਰ ਅਨੁਸਾਰ ਬੀਤੀ ਦੇਰ ਰਾਤ ਪ੍ਰਿਤਪਾਲ ਸਿੰਘ ਗਲੀ ਵਿੱਚ ਹੀ ਸਥਿਤ ਇੱਕ ਘਰ ਤੋਂ ਨਸ਼ਾ ਲੈ ਕੇ ਆਇਆ ਅਤੇ ਘਰ ਦੇ ਗੁਸਲਖਾਨੇ (ਬਾਥਰੂਮ) ਵਿੱਚ ਜਾ ਕੇ ਨਸ਼ੇ ਦਾ ਟੀਕਾ ਲਗਾ ਲਿਆ, ਜਿਸ ਦੀ ਓਵਰਡੋਜ਼ ਹੋਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਰੌਣਕੀ ਨੇ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪਰ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਕੱਲੇ ਉਨ੍ਹਾਂ ਦੇ ਮੁਹੱਲੇ ਵਿੱਚ ਹੀ ਪਿਛਲੇ 3-4 ਮਹੀਨਿਆਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ 5 ਤੋਂ 6 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਪੁਲਿਸ ਚੌਂਕੀ ਇੱਥੋਂ ਮਹਿਜ਼ 500 ਮੀਟਰ ਦੀ ਦੂਰੀ 'ਤੇ ਸਥਿਤ ਹੈ। ਪੁਲਿਸ ਨੂੰ ਸੂਚਨਾ ਨਾ ਦੇਣ ਦੇ ਸਵਾਲ 'ਤੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਾਣਬੁੱਝ ਕੇ ਪੁਲਿਸ ਨੂੰ ਇਤਲਾਹ ਨਹੀਂ ਦਿੱਤੀ, ਕਿਉਂਕਿ ਸ਼ਿਕਾਇਤਾਂ ਦੇ ਬਾਵਜੂਦ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।
- Download Babushahi App
-
-