ਕਾਲਜ ਦੇ ਸਰਬਪੱਖੀ ਵਿਕਾਸ ਲਈ ਸਾਂਝੇ ਯਤਨਾਂ ’ਤੇ ਜ਼ੋਰ :ਕਾਲਕਾ
ਸਿੱਖਿਆ ਦੇ ਨਾਲ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀ ਸੰਭਾਲ ਵੀ ਮਹੱਤਵਪੂਰਨ: ਕਾਲਕਾ
ਮਨਮੋਹਨ ਸਿੰਘ
ਨਵੀਂ ਦਿੱਲੀ, 20 ਨਵੰਬਰ () ਮਾਤਾ ਸੁੰਦਰੀ ਕਾਲਜ ਫਾਰ ਵੂਮੈਨ, ਦਿੱਲੀ ਯੂਨੀਵਰਸਿਟੀ ਵਿਖੇ ਅੱਜ ਕਾਲਜ ਦੇ ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਨਾਲ ਕਰਵਾਏ ਗਏ ਵਿਸ਼ੇਸ਼ ਵਿਚਾਰ-ਵਟਾਂਦਰਾ ਪ੍ਰੋਗਰਾਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਦਾ ਪ੍ਰਮੁੱਖ ਉਦੇਸ਼ ਕਾਲਜ ਦੇ ਵੱਖ-ਵੱਖ ਵਿਭਾਗਾਂ ਅਤੇ ਇਕਾਈਆਂ ਵਿਚਕਾਰ ਆਪਸੀ ਤਾਲਮੇਲ, ਸਹਿਯੋਗ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਦਿਆਂ ਸੰਸਥਾ ਦੇ ਭਵਿੱਖੀ ਵਿਕਾਸ ਲਈ ਸਾਰਥਕ ਵਿਚਾਰਾਂ ਦੀ ਸਾਂਝ ਕਰਨਾ ਸੀ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ ਨੇ ਕਾਲਜ਼ ਦੀਆਂ ਅਕਾਦਮਿਕ, ਸੱਭਿਆਚਾਰਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਾਲਜ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਹਾਸਲ ਕੀਤੀਆਂ ਪ੍ਰਾਪਤੀਆਂ ਅਤੇ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੇ ਕੰਮਕਾਜ, ਪ੍ਰਾਪਤੀਆਂ, ਚੁਣੌਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਰਦਾਰ ਕਾਲਕਾ ਨੇ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਤਰੱਕੀ ਕੇਵਲ ਬੁਨਿਆਦੀ ਢਾਂਚੇ ਜਾਂ ਅਕਾਦਮਿਕ ਨਤੀਜਿਆਂ ਤੱਕ ਸੀਮਤ ਨਹੀਂ ਹੁੰਦੀ, ਸਗੋਂ ਇਸ ਲਈ ਅਧਿਆਪਕਾਂ, ਵਿਦਿਆਰਥੀਆਂ ਅਤੇ ਪ੍ਰਬੰਧਕੀ ਅਮਲੇ ਵਿਚਕਾਰ ਬਿਹਤਰ ਤਾਲਮੇਲ, ਸਮੂਹਿਕ ਜ਼ਿੰਮੇਵਾਰੀ ਅਤੇ ਸਾਂਝੀ ਦੂਰਦਰਸ਼ੀ ਸੋਚ ਵੀ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਅਜੌਕੇ ਮੁਕਾਬਲੇਬਾਜ਼ੀ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ, ਸਿਰਜਣਾਤਮਕਤਾ ਅਤੇ ਸਮਾਜਿਕ ਚੇਤਨਾ ਦਾ ਵਿਕਾਸ ਕਰਨਾ ਵੀ ਬੇਹੱਦ ਜ਼ਰੂਰੀ ਹੈ। ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਆਪਣੀ ਮਾਂ-ਬੋਲੀ, ਵਿਰਾਸਤ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜੀ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਮਹੱਤਵ ਬਾਰੇ ਗੱਲ ਕਰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਪੰਜਾਬੀ ਭਾਈਚਾਰੇ ਨੇ ਦੇਸ਼-ਵਿਦੇਸ਼ ਵਿੱਚ ਵੱਖ-ਵੱਖ ਖੇਤਰਾਂ ਅੰਦਰ ਆਪਣੀ ਮਿਹਨਤ, ਪ੍ਰਤਿਭਾ ਅਤੇ ਵਿਲੱਖਣ ਪਛਾਣ ਸਦਕਾ ਅਹਿਮ ਸਥਾਨ ਬਣਾਇਆ ਹੈ। ਇਸ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਤਕ, ਸੱਭਿਆਚਾਰਕ, ਭਾਸ਼ਾਈ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਉਹ ਆਪਣੇ ਹੁਨਰ ਨੂੰ ਨਿਖਾਰਨ ਦੇ ਨਾਲ-ਨਾਲ ਆਪਣੀਆਂ ਜੜ੍ਹਾਂ ਨਾਲ ਵੀ ਜੁੜੇ ਰਹਿਣ।
ਉਨ੍ਹਾਂ ਨੇ ਕਾਲਜ ਦੇ ਅਧਿਆਪਕਾਂ ਅਤੇ ਪ੍ਰਬੰਧਕੀ ਅਮਲੇ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪਸੀ ਵਿਚਾਰ-ਵਟਾਂਦਰੇ ਅਤੇ ਸੁਝਾਵਾਂ ਰਾਹੀਂ ਸੰਸਥਾ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਸਾਂਝੀ ਰਣਨੀਤੀ ਤਿਆਰ ਕੀਤੀ ਜਾ ਸਕਦੀ ਹੈ। ਅਜਿਹੇ ਸੰਵਾਦ ਨਾ ਕੇਵਲ ਸੰਸਥਾ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦੇ ਹਨ, ਸਗੋਂ ਭਵਿੱਖ ਦੀਆਂ ਲੋੜਾਂ ਅਨੁਸਾਰ ਨਵੇਂ ਮੌਕਿਆਂ ਅਤੇ ਸੰਭਾਵਨਾਵਾਂ ਦੇ ਰਾਹ ਵੀ ਖੋਲ੍ਹਦੇ ਹਨ।
ਇਸ ਵਿਚਾਰ-ਵਟਾਂਦਰਾ ਪ੍ਰੋਗਰਾਮ ਦੌਰਾਨ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ।
- Download Babushahi App
-
-